ਹੇਟ ਸਪੀਚ ਕਰਨ ਵਾਲਿਆਂ ਖਿਲਾਫ਼ ਹੋਵੇਗੀ ਸਖਤ ਕਾਰਵਾਈ, ਸੋਸ਼ਲ ਮੀਡੀਆ ’ਤੇ ਰੱਖੀ ਜਾਵੇਗੀ ਨਜ਼ਰ: ਕੈਬਨਿਟ ਮੰਤਰੀ ਜਿੰਪਾ

0
163

ਮਾਲ, ਜਲ ਸਰੋਤ, ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਜ਼ਿਲ੍ਹੇ ਵਿਚ ਹਰ ਹਾਲ ਅਮਨ-ਸ਼ਾਂਤੀ ਤੇ ਭਾਈਚਾਰਾ ਬਰਕਰਾਰ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਰਾਜਨੀਤਿਕ ਦਲਾਂ ਦੀ ਵਿਚਾਰਧਾਰਾ ਵੱਖ-ਵੱਖ ਹੋ ਸਕਦੀ ਹੈ, ਪਰੰਤੂ ਸਾਰੇ ਦਲ ਅਮਨ-ਸ਼ਾਂਤੀ ਤੇ ਆਪਸੀ ਭਾਈਚਾਰੇ ਨੂੰ ਪਹਿਲ ਦਿੰਦੇ ਹਨ। ਉਹ ਅੱਜ ਡਿਪਟੀ ਕਮਿਸ਼ਨਰ ਸੰਦੀਪ ਹੰਸ ਦੀ ਹਾਜ਼ਰੀ ਵਿਚ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਬੀਤੇ ਦਿਨ ਪਟਿਆਲਾ ਵਿਚ ਹੋਈ ਘਟਨਾ ਸਬੰਧੀ ਆਲ ਪਾਰਟੀ ਪੀਸ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਮੀਟਿੰਗ ਦੌਰਾਨ ਸਾਰੇ ਰਾਜਨੀਤਿਕ ਦਲਾਂ ਦੇ ਨੇਤਾਵਾਂ ਨੇ ਜ਼ਿਲ੍ਹੇ ਵਿਚ ਅਮਨ-ਸ਼ਾਂਤੀ ਤੇ ਭਾਈਚਾਰਾ ਬਣਾਏ ਰੱਖਣ ਦਾ ਸੰਕਲਪ ਵੀ ਲਿਆ। ਜ਼ਿਲ੍ਹਾ ਪ੍ਰਸ਼ਾਸਨ ਵਲੋਂ ਆਯੋਜਿਤ ਇਸ ਮੀਟਿੰਗ ਵਿਚ ਵਿਧਾਇਕ ਸ਼ਾਮਚੁਰਾਸੀ ਡਾ. ਰਵਜੋਤ, ਵਿਧਾਇਕ ਚੱਬੇਵਾਲ ਡਾ. ਰਾਜ ਕੁਮਾਰ, ਸਾਬਕਾ ਮੰਤਰੀ ਤੀਕਸ਼ਨ ਸੂਦ, ਵਧੀਕ ਡਿਪਟੀ ਕਮਿਸ਼ਨਰ ਸੰਦੀਪ ਸਿੰਘ ਤੋਂ ਇਲਾਵਾ ਸਿਵਲ-ਪੁਲਿਸ ਅਧਿਕਾਰੀ ਅਤੇ ਵੱਖ-ਵੱਖ ਰਾਜਨੀਤਿਕ ਦਲਾਂ ਦੇ ਪ੍ਰਤੀਨਿੱਧ ਹਾਜ਼ਰ ਸਨ।

ਕੈਬਨਿਟ ਮੰਤਰੀ ਨੇ ਕਿਹਾ ਕਿ ਬੀਤੇ ਦਿਨ ਪਟਿਆਲਾ ਵਿਚ ਹੋਈ ਘਟਨਾ ਮੰਦਭਾਗੀ ਸੀ, ਪਰੰਤੂ ਪੰਜਾਬ ਸਰਕਾਰ ਸੂਬੇ ਵਿਚ ਅਮਨ-ਸ਼ਾਂਤੀ ਤੇ ਭਾਈਚਾਰੇ ਦਾ ਮਾਹੌਲ ਬਣਾਏ ਰੱਖਣ ਲਈ ਵਚਨਬੱਧ ਹੈ ਅਤੇ ਸਾਰੇ ਧਰਮ ਅਤੇ ਰਾਜਨੀਤਿਕ ਦਲਾਂ ਦੇ ਸਹਿਯੋਗ ਨਾਲ ਸੂਬੇ ਵਿਚ ਆਪਸੀ ਸਦਭਾਵਨਾ ਨੂੰ ਠੇਸ ਨਹੀਂ ਪਹੁੰਚਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸੂਬੇ ਨੇ ਕਈ ਮਾੜੇ ਦੌਰ ਦੇਖੇ ਹਨ ਪਰੰਤੂ ਕਦੇ ਆਪਣਾ ਭਾਚੀਚਾਰਾ ਨਹੀਂ ਗਵਾਇਆ। ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਜ਼ਿਲ੍ਹਾ ਬਹੁਤ ਸ਼ਾਂਤ ਹੈ ਅਤੇ ਇਥੋਂ ਦੇ ਲੋਕ ਸਾਰੇ ਧਰਮਾਂ ਦਾ ਆਦਰ ਕਰਦੇ ਹਨ। ਉਨ੍ਹਾਂ ਜ਼ਿਲ੍ਹਾ ਪੁਲਿਸ ਨੂੰ ਸੋਸ਼ਲ ਮੀਡੀਆ ’ਤੇ ਵਿਸ਼ੇਸ਼ ਨਿਗਰਾਨੀ ਰੱਖਣ ਦੇ ਨਿਰਦੇਸ਼ ਦਿੱਤੇ। ਉਨਾਂ ਕਿਹਾ ਕਿ ਸਾਰੇ ਧਰਮਾਂ ਦਾ ਆਦਰ ਕਰਦੇ ਹੋਏ ਸੂਬੇ ਵਿਚ ਇਕ ਸ਼ਾਂਤੀਪੂਰਨ ਮਾਹੌਲ ਬਣਾਇਆ ਜਾਵੇਗਾ। ਉਨ੍ਹਾਂ ਹੁਸ਼ਿਆਰਪੁਰ ਦੇ ਸਾਰੇ ਰਾਜਨੀਤਿਕ ਦਲਾਂ ਦੇ ਨੇਤਾਵਾਂ ਨੂੰ ਸ਼ਰਾਰਤੀ ਅਨਸਰਾਂ ਤੋਂ ਸਾਵਧਾਨ ਰਹਿੰਦੇ ਹੋਏ ਸੂਬੇ ਵਿਚ ਸਦਭਾਵਨਾ ਬਣਾਏ ਰੱਖਣ ਲਈ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਸਹਿਯੋਗ ਦੇਣ ਦੀ ਅਪੀਲ ਕੀਤੀ।

ਮੀਟਿੰਗ ਵਿਚ ਵਿਧਾਇਕ ਸ਼ਾਮਚੁਰਾਸੀ ਡਾ. ਰਵਜੋਤ, ਵਿਧਾਇਕ ਚੱਬੇਵਾਲ ਡਾ. ਰਾਜ ਕੁਮਾਰ, ਸਾਬਕਾ ਮੰਤਰੀ ਸ੍ਰੀ ਤੀਕਸ਼ਨ ਸੂਦ, ਸਾਬਕਾ ਵਿਧਾਇਕ ਸੁਰਿੰਦਰ ਸਿੰਘ ਭੁਲੇਵਾਲਰਾਠਾਂ, ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸ੍ਰੀ ਦਲੀਪ ਓਹਰੀ, ਜ਼ਿਲ੍ਹਾ ਕਾਂਗਰਸ ਪ੍ਰਧਾਨ ਡਾ. ਕੁਲਦੀਪ ਨੰਦਾ, ਜ਼ਿਲ੍ਹਾ ਭਾਜਪਾ ਪ੍ਰਧਾਨ ਨਿਪੁੰਨ ਸ਼ਰਮਾ, ਸ਼੍ਰੋੋਮਣੀ ਅਕਾਲੀ ਦਲ (ਅ) ਤੋਂ ਸ੍ਰੀ ਗੁਰਨਾਮ ਸਿੰਘ, ਸੀ.ਪੀ.ਆਈ. ਤੋਂ ਸ੍ਰੀ ਗੁਰਮੇਸ਼ ਸਿੰਘ ਨੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਬੁਲਾਈ ਇਸ ਮੀਟਿੰਗ ਦੀ ਸਰਾਹਨਾ ਕਰਦੇ ਹੋਏ ਵਿਸ਼ਵਾਸ ਦਿਵਾਇਆ ਕਿ ਉਹ ਆਪਣੇ-ਆਪਣੇ ਰਾਜਨੀਤਿਕ ਦਲਾਂ ਰਾਹੀਂ ਜਿਲ੍ਹੇ ਵਿਚ ਅਮਨ-ਸ਼ਾਂਤੀ ਤੇ ਆਪਸੀ ਭਾਈਚਾਰਾ ਬਣਾਏ ਰੱਖਣ ਵਿਚ ਜਿਲ੍ਹਾ ਪ੍ਰਸ਼ਾਸਨ ਨੂੰ ਪੂਰਾ ਸਹਿਯੋਗ ਦੇਣਗੇ। ਉਨ੍ਹਾਂ ਕਿਹਾ ਕਿ ਕਿਸੇ ਵੀ ਹਾਲ ਵਿਚ ਹੁਸ਼ਿਆਰਪੁਰ ਵਿਚ ਸ਼ਾਂਤੀ ਭੰਗ ਨਹੀਂ ਹੋਣ ਦਿੱਤੀ ਜਾਵੇਗੀ।

ਡਿਪਟੀ ਕਮਿਸ਼ਨਰ ਸੰਦੀਪ ਹੰਸ ਨੇ ਕੈਬਨਿਟ ਮੰਤਰੀ ਪੰਜਾਬ, ਸਾਬਕਾ ਮੰਤਰੀ, ਸਾਬਕਾ ਵਿਧਾਇਕ ਅਤੇ ਵੱਖ-ਵੱਖ ਰਾਜਨੀਤਿਕ ਦਲਾਂ ਦੇ ਨੇਤਾਵਾਂ ਦਾ ਧੰਨਵਾਦ ਕਰਦੇ ਹੋਏ ਵਿਸ਼ਵਾਸ ਦਿਵਾਇਆ ਕਿ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਚੌਕਸ ਹੈ ਅਤੇ ਜ਼ਿਲ੍ਹੇ ਵਿਚ ਕਿਸੇ ਵੀ ਕੀਮਤ ’ਤੇ ਅਮਨ-ਕਾਨੂੰਨ ਭੰਗ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਸ਼ਾਂਤੀ ਬਣਾਏ ਰੱਖਣਾ ਹੀ ਸਾਡੀ ਸਾਰਿਆਂ ਦੀ ਪਹਿਲਕਦਮੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਭਾਵਨਾਵਾਂ ਦਾ ਸਨਮਾਨ ਕਰਦੇ ਹੋਏ ਜ਼ਿਲ੍ਹਾ ਪ੍ਰਸ਼ਾਸਨ ਸ਼ਰਾਰਤੀ ਅਨਸਰਾਂ ਨਾਲ ਸਖਤੀ ਨਾਲ ਨਿਪਟੇਗਾ। ਉਨ੍ਹਾਂ ਜਿਥੇ ਜ਼ਿਲ੍ਹਾ ਵਾਸੀਆਂ ਨੂੰ ਅਫ਼ਵਾਹਾਂ ਤੋਂ ਸਾਵਧਾਨ ਰਹਿਣ ਲਈ ਕਿਹਾ, ਉਥੇ ਅਪੀਲ ਕੀਤੀ ਕਿ ਸੋਸ਼ਲ ਮੀਡੀਆਂ ’ਤੇ ਕੋਈ ਵੀ ਭੜਕਾਊ ਜਾਂ ਇਸ ਤਰ੍ਹਾਂ ਦੇ ਸੰਦੇਸ਼ ਨਾ ਪਾਇਆ ਜਾਵੇ, ਜਿਸ ਨਾਲ ਵੱਖ-ਵੱਖ ਸੰਪਰਦਾਵਾਂ ਵਿਚ ਨਫਰਤ ਪੈਦਾ ਹੁੰਦੀ ਹੋਵੇ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਨੇ ਸੋਸ਼ਲ ਮੀਡੀਆ ਵਿਚ ਕੋਈ ਭੜਕਾਊ ਪੋਸਟ ਪਾਈ ਤਾਂ ਪੁਲਿਸ ਵਲੋਂ ਨਿਯਮਾਂ ਅਨੁਸਾਰ ਸਖਤ ਕਾਰਵਾਈ ਕੀਤੀ ਜਾਵੇਗੀ।

LEAVE A REPLY

Please enter your comment!
Please enter your name here