ਅਮਰੀਕਾ ਨਿਵਾਸੀ ਵਿਅਕਤੀ ਵੱਲੋਂ ਪਾਵਨ ਗੁਰਬਾਣੀ ਨਾਲ ਛੇੜ ਛਾੜ ਕਰਨ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਖ਼ਤ ਨੋਟਿਸ

0
89

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਮਰੀਕਾ ਦੀ ਇਕ ਸੰਸਥਾ ‘ਸਿੱਖ ਬੁੱਕ ਕਲੱਬ’ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਗੁਰਬਾਣੀ ਨਾਲ ਛੇੜ-ਛਾੜ ਕਰਕੇ ਬੀੜ ਛਾਪਣ ਅਤੇ ਉਸ ਦਾ ਪੀਡੀਐਫ ਵੈੱਬਸਾਈਟ ’ਤੇ ਪਾਉਣ ਦਾ ਸਖ਼ਤ ਨੋਟਿਸ ਲਿਆ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਇਸ ਸਬੰਧ ਵਿਚ ਮਿਲੀਆਂ ਸ਼ਿਕਾਇਤਾਂ ’ਤੇ ਕਾਰਵਾਈ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਗੁਰਬਾਣੀ ਨਾਲ ਛੇੜ-ਛਾੜ ਕਰਨ ਵਾਲੇ ਵਿਅਕਤੀ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਅਪੀਲ ਕੀਤੀ ਹੈ।

ਇਹ ਹਰਕਤ ਅਮਰੀਕੀ ਸੰਸਥਾ ਸਿੱਖ ਬੁੱਕ ਕਲੱਬ ਵਾਲੇ ਥਮਿੰਦਰ ਸਿੰਘ ਅਨੰਦ ਨਾਂ ਦੇ ਵਿਅਕਤੀ ਨੇ ਕੀਤੀ ਹੈ, ਜਿਸ ਨੇ ਤਿਆਰ ਕੀਤੀ ਬੀੜ ਨੂੰ ਸਿੱਖ ਬੁੱਕ ਕਲੱਬ ਡਾਟਕਾਮ ’ਤੇ ਪੀਡੀਐਫ ਬਣਾ ਕੇ ਅਪਲੋਡ ਕੀਤਾ ਹੈ। ਇਸ ਵਿਅਕਤੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਗੁਰਬਾਣੀ ਵਿਚ ਆਪਣੇ ਕੋਲੋਂ ਵਾਧੂ ਲਗਾਂ-ਮਾਤਰਾਵਾਂ ਅਤੇ ਬਿੰਦੀਆਂ ਲਗਾਉਣ ਦੀ ਕੋਝੀ ਹਰਕਤ ਕੀਤੀ ਗਈ ਹੈ, ਜਿਸ ਨੂੰ ਸ਼੍ਰੋਮਣੀ ਕਮੇਟੀ ਨੇ ਗੰਭੀਰਤਾ ਨਾਲ ਲੈਂਦਿਆਂ ਮਾਮਲਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਨੂੰ ਭੇਜ ਦਿੱਤਾ ਹੈ।

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਨੂੰ ਗੁਰਬਾਣੀ ਦੀ ਘੋਰ ਬੇਅਦਬੀ ਕਰਾਰ ਦਿੰਦਿਆਂ ਸਬੰਧਤ ਖਿਲਾਫ ਕਰੜੀ ਕਾਰਵਾਈ ਦੀ ਮੰਗ ਕੀਤੀ ਹੈ। ਉਨ੍ਹਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਅਪੀਲ ਕੀਤੀ ਕਿ ਇਸ ਸਬੰਧ ਵਿਚ ਤੁਰੰਤ ਵਿਚਾਰ ਕਰਕੇ ਆਦੇਸ਼ ਜਾਰੀ ਕੀਤਾ ਜਾਵੇ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਆਖਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਗੁਰਬਾਣੀ ਨਾਲ ਛੇੜ-ਛਾੜ ਕਰਨ ਦਾ ਕਿਸੇ ਨੂੰ ਹੱਕ ਨਹੀਂ ਹੈ। ਉਨ੍ਹਾਂ ਕਿਹਾ ਕਿ ਕੋਈ ਵੀ ਵਿਅਕਤੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਪਾਈ ਵੀ ਆਪਣੇ ਆਪ ਨਹੀਂ ਕਰ ਸਕਦਾ। ਅਮਰੀਕਾ ਵਾਸੀ ਵਿਅਕਤੀ ਵੱਲੋਂ ਸਿੱਖਾਂ ਦੀਆਂ ਭਾਵਨਾਵਾਂ ਨੂੰ ਸੱਟ ਮਾਰੀ ਗਈ ਹੈ, ਜਿਸ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਮਿਸਾਲੀ ਕਾਰਵਾਈ ਹੋਣੀ ਚਾਹੀਦੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਇਸੇ ਥਮਿੰਦਰ ਸਿੰਘ ਅਨੰਦ ਨਾਂ ਦੇ ਵਿਅਕਤੀ ’ਤੇ 2014 ਵਿਚ ਚੀਨ ਤੋਂ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਛਪਵਾ ਕੇ ਡਾਕ ਰਾਹੀਂ ਵੰਡਣ ਕਰਕੇ ਵੀ ਸ਼੍ਰੋਮਣੀ ਕਮੇਟੀ ਵੱਲੋਂ 295-ਏ ਦਾ ਪਰਚਾ ਦਰਜ ਕਰਵਾਇਆ ਗਿਆ ਸੀ। ਹੁਣ ਫਿਰ ਇਸ ਨੇ ਇਕ ਵਾਰ ਸਿੱਖ ਭਾਵਨਾਵਾਂ ਨੂੰ ਤਾਰ-ਤਾਰ ਕੀਤਾ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸੰਗਤ ਨੂੰ ਅਪੀਲ ਕੀਤੀ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਗੁਰਬਾਣੀ ਦੇ ਸਤਿਕਾਰ ਨੂੰ ਦੇਖਦਿਆਂ ਅਮਰੀਕਾ ਵਾਸੀ ਥਮਿੰਦਰ ਸਿੰਘ ਅਨੰਦ ਦਾ ਸਖ਼ਤ ਵਿਰੋਧ ਕੀਤਾ ਜਾਵੇ ਅਤੇ ਉਸ ਵੱਲੋਂ ਵੈੱਬਸਾਈਟ ਜਰੀਏ ਵੰਡੇ ਜਾ ਰਹੇ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਡਾਊਨਲੋਡ ਕਰਕੇ ਅੱਗੇ ਨਾ ਵਧਾਇਆ ਜਾਵੇ।

LEAVE A REPLY

Please enter your comment!
Please enter your name here