ਭਾਰਤੀ ਜਨਤਾ ਪਾਰਟੀ ਦੇ ਪੰਜਾਬ ਪ੍ਰਧਾਨ ਅਸ਼ਵਨੀ ਕੁਮਾਰ ਸ਼ਰਮਾ ਵਰਕਰਾਂ ਨਾਲ ਮੀਟਿੰਗ ਕਰਨ ਲਈ ਅੱਜ ਜਲੰਧਰ ਪੁੱਜੇ ਸਨ। ਇਸ ਦੌਰਾਨ ਉਨ੍ਹਾਂ ਨੇ ਕਾਂਗਰਸ ’ਤੇ ਤਿੱਖੇ ਸ਼ਬਦੀ ਹਮਲੇ ਕੀਤੇ। ਉਨ੍ਹਾਂ ਨੇ ਪੰਜਾਬ ਦੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ’ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਚਰਨਜੀਤ ਸਿੰਘ ਚੰਨੀ ਕਾਂਗਰਸ ਦੀ ਪਸੰਦ ਨਹੀਂ ਹਨ ਸਗੋਂ ਹਾਲਾਤ ’ਚੋਂ ਪੈਦੇ ਹੋਏ ਮੁੱਖ ਮੰਤਰੀ ਹਨ। ਇਸ ਦੇ ਨਾਲ ਹੀ ਕਿਹਾ ਕਿ ਨਵਾਂ ਮੁੱਖ ਮੰਤਰੀ ਬਣਾਉਣ ਨੂੰ ਲੈ ਕੇ ਪੂਰਾ ਡੇਢ ਦਿਨ ਕਾਂਗਰਸ ਦਾ ਤਮਾਸ਼ਾ ਚੱਲਦਾ ਰਿਹਾ।
ਹਰੀਸ਼ ਰਾਵਤ ਵੱਲੋਂ ਦਿੱਤੇ ਗਏ ਬਿਆਨ ਕਿ 2022 ਦੀਆਂ ਚੋਣਾਂ ਵਿਧਾਨ ਸਭਾ ਦੀ ਅਗਵਾਈ ’ਚ ਹੋਣਗੀਆਂ ’ਤੇ ਬੋਲਦੇ ਹੋਏ ਉਨ੍ਹਾਂ ਨੇ ਕਿਹਾ ਕਿ ਹਰੀਸ਼ ਰਾਵਤ ਵੱਲੋਂ ਦਿੱਤੇ ਗਏ ਅਜਿਹੇ ਬਿਆਨ ਤੋਂ ਸਾਫ਼ ਹੁੰਦਾ ਹੈ ਕਿ ਕਾਂਗਰਸ ਵੱਲੋਂ ਚਰਨਜੀਤ ਸਿੰਘ ਚੰਨੀ ਨੂੰ ਸਿਰਫ਼ ਚਾਰ ਮਹੀਨਿਆਂ ਲਈ ਮੁੱਖ ਮੰਤਰੀ ਬਣਾਇਆ ਗਿਆ ਹੈ।
ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਕਾਂਗਰਸ ਸਰਕਾਰ ਨੇ ਸਾਢੇ ਚਾਰ ਸਾਲ ਤੱਕ ਪੰਜਾਬ ਦੀ ਜਨਤਾ ਨੂੰ ਸਿਰਫ਼ ਲੁੱਟਿਆ ਹੈ। ਕਾਂਗਰਸ ਸਰਕਾਰ ਵੱਲੋਂ ਕੀਤੇ ਗਏ ਵਾਅਦੇ ਪੂਰੇ ਨਹੀਂ ਕੀਤੇ ਗਏ ਹਨ। ਕਾਂਗਰਸ ਸਰਕਾਰ ਨੇ ਤਾਂ ਸਾਢੇ ਚਾਰ ਤੱਕ ਪੂਰਾ ਆਨੰਦ ਮਾਣਿਆ ਹੈ। ਪੰਜਾਬੀ ਇੰਨੇ ਭੋਲੇ ਨਹੀਂ ਹਨ, ਉਹ ਹੁਣ ਕਾਂਗਰਸੀਆਂ ਨੂੰ ਚੰਗੀ ਤਰ੍ਹਾਂ ਸਮਝ ਚੁੱਕੇ ਹਨ ਅਤੇ ਹੁਣ ਪੰਜਾਬੀਆਂ ਨੇ ਇਨ੍ਹਾਂ ਨੂੰ ‘ਨਮਸਤੇ’ ਕਰਨ ਦਾ ਮਨ ਬਣਾ ਲਿਆ ਹੈ।