ਆਮ ਆਦਮੀ ਪਾਰਟੀ ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਮਾਣਯੋਗ ਆਦਲਤ ਵੱਲੋਂ ਅਕਾਲੀ ਦਲ ਬਾਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਨਸ਼ਿਆਂ ਦੇ ਮਾਮਲੇ ਵਿੱਚ ਜੇਲ੍ਹ ਭੇਜਣ ਦੇ ਫ਼ੈਸਲੇ ਦਾ ਸਵਾਗਤ ਕਰਦਿਆਂ ਕਿਹਾ,” ਮਾਣਯੋਗ ਅਦਾਲਤ ਦੇ ਫ਼ੈਸਲੇ ਦਾ ਬਹੁਤ- ਬਹੁਤ ਸਵਾਗਤ ਹੈ।
ਜਿਹੜਾ ਕੰਮ ਪੰਜਾਬ ਅਤੇ ਕੇਂਦਰ ਦੀਆਂ ਸਰਕਾਰਾਂ ਨੂੰ ਕਰਨਾ ਚਾਹੀਦਾ ਸੀ, ਉਹ ਕੰਮ ਮਾਣਯੋਗ ਅਦਾਲਤ ਨੇ ਕੀਤਾ ਹੈ।” ਚੀਮਾ ਨੇ ਕਿਹਾ ਕਿ ਪੰਜਾਬ ‘ਚ ਬਣਨ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਕੇਵਲ ਅਕਾਲੀ ਆਗੂ ਮਜੀਠੀਆ ਨੂੰ ਜੇਲ੍ਹ ਜਾਣ ‘ਤੇ ਚੁੱਪ ਨਹੀਂ ਬੈਠੇਗੀ, ਸਗੋਂ ਡਰੱਗ ਮਾਫੀਆ ਦੀਆਂ ਜੜਾਂ ਵੱਢਣ ਦਾ ਕੰਮ ਕਰੇਗੀ। ਜ਼ਿਕਰਯੋਗ ਹੈ ਕਿ ਮੋਹਾਲੀ ਦੀ ਇੱਕ ਅਦਾਲਤ ਨੇ ਅੱਜ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ 8 ਮਾਰਚ ਤੱਕ ਜੇਲ੍ਹ ਭੇਜਿਆ ਹੈ, ਜਿਨ੍ਹਾਂ ਨੂੰ ਨਸ਼ੇ ਨਾਲ ਸੰਬੰਧੀ ਮਾਮਲੇ ‘ਚ ਸੁਪਰੀਮ ਕੋਰਟ ਵੱਲੋਂ 23 ਫਰਵਰੀ ਤੱਕ ਜ਼ਮਾਨਤ ਦਿੱਤੀ ਗਈ ਸੀ।
ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪਿਛਲੀ ਅਕਾਲੀ- ਭਾਜਪਾ ਸਰਕਾਰ ਵਾਂਗ ਮੌਜ਼ੂਦਾ ਕਾਂਗਰਸ ਸਰਕਾਰ ਵੀ ਨਸ਼ੇ ਦੀ ਵਪਾਰੀਆਂ ਅਤੇ ਉਨ੍ਹਾਂ ਦੇ ਚਰਚਿਤ ਸਿਆਸੀ ਆਕਿਆਂ ਨੂੰ ਸ਼ਰੇਆਮ ਬਚਾਉਂਦੀ ਰਹੀ ਹੈ ਅਤੇ ਗਰੀਬ ਲੋਕਾਂ ਦੇ ਕੇਸ ਦਰਜ ਕਰਕੇ ਲੋਕਾਂ ਦੀਆਂ ਅੱਖਾਂ ‘ਚ ਘੱਟਾ ਪਾਉਂਦੀ ਰਹੀ ਹੈ।
ਉਨ੍ਹਾਂ ਦੋਸ਼ ਲਾਇਆ ਕਿ ਕਾਂਗਰਸ ਦੀ ਚੰਨੀ ਸਰਕਾਰ ਅਤੇ ਮਜੀਠੀਆ ਇੱਕ- ਦੂਜੇ ਦੀ ਮਦਦ ਨਾਲ ਡਰੱਗ ਮਾਮਲੇ ਨੂੰ ਲਟਕਾਉਣ ਲਈ ਨਵੇਂ -ਨਵੇਂ ਹੱਥਕੰਡੇ ਅਪਣਾਉਂਦੇ ਰਹੇ ਹਨ। ਇਸੇ ਲਈ ਕਾਂਗਰਸ ਸਰਕਾਰ ਨੇ ਨਸ਼ੇ ਮਾਮਲੇ ‘ਚ ਮਾਣਯੋਗ ਹਾਈਕੋਰਟ ਵੱਲੋਂ ਗਠਤ ਕੀਤੀ ਐਸ.ਟੀ.ਐਫ਼ ਦੀ ਰਿਪੋਰਟ ਨੂੰ ਲੋਕਾਂ ਸਾਹਮਣੇ ਨਹੀਂ ਰੱਖਿਆ, ਸਗੋਂ ਰਿਪੋਰਟ ਸੀਲਬੰਦ ਹੋਣ ਦੀ ਆੜ ਵਿੱਚ ਕਾਂਗਰਸ ਸਰਕਾਰ ਲਗਾਤਾਰ ਡਰੱਗ ਮਾਫੀਆ ਅਤੇ ਉਸ ਦੇ ਸਿਆਸੀ ਸਰਪ੍ਰਸਤਾਂ ਨੂੰ ਬਚਾਉਣ ਦੇ ਯਤਨ ਕਰਦੀ ਰਹੀ ਹੈ।
ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ, ਕਾਂਗਰਸ ਸਰਕਾਰ, ਭਾਰਤੀ ਜਨਤਾ ਪਾਰਟੀ ਅਤੇ ਅਕਾਲੀ ਦਲ ਬਾਦਲ ਰਲਮਿਲ ਕੇ ਕਾਨੂੰਨ ਦੀਆਂ ਅੱਖਾਂ ‘ਚ ਘੱਟਾ ਪਾਉਂਦੇ ਰਹੇ ਹਨ। ਡਰੱਗ ਮਾਮਲੇ ‘ਚ ਜਿਹੜਾ ਬੰਦਾ (ਬਿਕਰਮ ਮਜੀਠੀਆ) ਕਈ ਸਾਲ ਪਹਿਲਾਂ ਜੇਲ ਵਿੱਚ ਹੋਣਾ ਚਾਹੀਦਾ ਸੀ, ਪਿਛਲੀਆਂ ਸਰਕਾਰਾਂ ਅਤੇ ਪੰਜਾਬ ਪੁਲਿਸ ਦੀ ਮਾੜੀ ਕਾਰਗੁਜਾਰੀ ਦੇ ਚੱਲਦਿਆਂ ਮਜੀਠੀਆ ਨੂੰ ਮਾਣਯੋਗ ਅਦਾਲਤ ਵਲੋਂ ਜੇਲ੍ਹ ਭੇਜਣਾ ਪਿਆ। ਉਨ੍ਹਾਂ ਨੇ ਕਿਹਾ ਕਿ ਮਜੀਠੀਆ ਖਿਲਾਫ਼ ਡਰੱਗ ਮਾਮਲਾ ਲੰਮੇ ਸਮੇਂ ਤੋਂ ਲਟਕਦਾ ਆ ਰਿਹਾ ਹੈ, ਕਿਉਂਕਿ ਕਾਂਗਰਸ ਅਤੇ ਭਾਜਪਾ ਸਰਕਾਰਾਂ ਨੇ ਅਦਾਲਤ ਵਿੱਚ ਠੋਸ ਸਬੂਤ ਪੇਸ਼ ਨਹੀਂ ਕੀਤੇ ਸਨ।
‘ਆਪ’ ਆਗੂ ਨੇ ਕਿਹਾ ਕਿ ਡਰੱਗ ਮਾਮਲੇ ‘ਚ ਪੰਜਾਬ ਪੁਲਿਸ ਵੱਲੋਂ ਅਦਾਲਤ ਕੋਲੋਂ ਮਜੀਠੀਆ ਦੇ ਪੁਲਿਸ ਰਿਮਾਂਡ ਦੀ ਮੰਗ ਹੀ ਨਹੀਂ ਕੀਤੀ ਗਈ, ਇਸ ਲਈ ਹੁਣ ਪੁਲਿਸ ਦੀ ਜਾਂਚ ‘ਤੇ ਲੋਕਾਂ ਨੂੰ ਵਿਸ਼ਵਾਸ਼ ਨਹੀਂ ਰਿਹਾ। ਹੁਣ ਜ਼ਰੂਰੀ ਹੈ ਕਿ ਮਾਣਯੋਗ ਹਾਈਕੋਰਟ ਦੀ ਨਿਗਰਾਨੀ ‘ਚ ਹੀ ਮਜੀਠੀਆ ਕੋਲੋਂ ਪੁੱਛ ਪੜਤਾਲ ਕੀਤੀ ਜਾਵੇ।
ਚੀਮਾ ਨੇ ਕਿਹਾ ਕਿ ਬਾਦਲਾਂ ਦੇ 10 ਸਾਲਾਂ ਰਾਜ ਤੋਂ ਲੈ ਕੇ ਕਾਂਗਰਸ ਦੇ ਰਾਜ ਵਿੱਚ ਨਸ਼ੇ ਦਾ ਕਹਿਰ ਜਾਰੀ ਰਿਹਾ ਅਤੇ ਲੱਖਾਂ ਨੌਜਵਾਨ ਨਸ਼ੇ ਕਾਰਨ ਮਾਰੇ ਗਏ। ਇਸ ਲਈ ਬਿਕਰਮ ਮਜੀਠੀਆ ਨੂੰ ਜੇਲ੍ਹ ਭੇਜਣ ਨਾਲ ਮਾਮਲਾ ਪੂਰੀ ਤਰਾਂ ਹੱਲ ਨਹੀਂ ਹੋਵੇਗਾ।
ਸਗੋਂ ਪੰਜਾਬ ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਨਸ਼ੇ ਮਾਫੀਆ ਦੇ ਸਿਆਸੀ ਸਰਪ੍ਰਸਤਾਂ ਖਿਲਾਫ਼ ਹੋਰ ਉਚਿਤ ਕਾਨੂੰਨੀ ਕਾਰਵਾਈ ਕਰੇਗੀ ਤਾਂ ਜੋ ਨਸ਼ੇ ਮਾਫੀਆ ਦੀਆਂ ਜੜਾਂ ਵੱਢੀਆਂ ਜਾਣ। ਉਨ੍ਹਾਂ ਨੇ ਕਿਹਾ ਕਿ ‘ਆਪ’ ਦੀ ਸਰਕਾਰ ਕਿਸੇ ਵੀ ਸਿਆਸੀ ਵਿਅਕਤੀ ਜਾਂ ਅਧਿਕਾਰੀ ਨੂੰ ਨਹੀਂ ਬਖਸ਼ੇਗੀ, ਜਿਹੜਾ ਨਸ਼ੇ ਮਾਮਲੇ ‘ਚ ਸ਼ਾਮਲ ਹੋਇਆ, ਭਾਵੇ ਉਹ ਸਿਆਸੀ ਵਿਅਕਤੀ ਆਮ ਆਦਮੀ ਪਾਰਟੀ ਦੇ ਆਗੂ ਜਾਂ ਵਿਧਾਇਕ ਹੀ ਕਿਉਂ ਨਾ ਹੋਵੇ।