ਹਾਈ ਕਮਿਸ਼ਨਰ ਬੈਰੀ ਓ ਫੈਰੇਲ ਦੀ ਅਗਵਾਈ ਵਿੱਚ ਤਿੰਨ ਮੈਂਬਰੀ ਆਸਟਰੇਲੀਆਈ ਵਫ਼ਦ ਨੇ ਅੱਜ ਦੁਪਹਿਰ ਮੁੱਖ ਮੰਤਰੀ ਨਾਲ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ’ਤੇ ਮੁਲਾਕਾਤ ਕੀਤੀ। ਦੁਵੱਲੇ ਵਪਾਰ ਨੂੰ ਹੁਲਾਰਾ ਦੇਣ ਲਈ ਆਸਟ੍ਰੇਲੀਆ ਦੇ ਹਾਈ ਕਮਿਸ਼ਨਰ ਬੈਰੀ ਓ ਫੈਰੇਲ ਨੇ ਗੁਜਰਾਤ ਅਤੇ ਮਹਾਰਾਸ਼ਟਰ ਦੀ ਤਰਜ਼ ‘ਤੇ ਪੰਜਾਬ ਨਾਲ ਖਾਸ ਤੌਰ ‘ਤੇ ਖੇਤੀਬਾੜੀ ਅਤੇ ਹੁਨਰ ਵਿਕਾਸ ਦੇ ਖੇਤਰ ਵਿੱਚ ਸਹਿਯੋਗ ਬਣਾਉਣ ਲਈ ਡੂੰਘੀ ਦਿਲਚਸਪੀ ਦਿਖਾਈ।
ਬੈਰੀ ਓ ਫੈਰੇਲ ਦੇ ਪ੍ਰਸਤਾਵ ‘ਤੇ ਹੁੰਗਾਰਾ ਭਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਨੂੰ ਇਸ ਸਬੰਧ ਵਿੱਚ ਹਰ ਤਰ੍ਹਾਂ ਦੇ ਸਹਿਯੋਗ ਅਤੇ ਸਮਰਥਨ ਦਾ ਭਰੋਸਾ ਦਿੱਤਾ ਤਾਂ ਜੋ ਆਪਸੀ ਹਿੱਤਾਂ ਦੀਆਂ ਇਨ੍ਹਾਂ ਯੋਜਨਾਵਾਂ ਨੂੰ ਠੋਸ ਰੂਪ ਦੇ ਕੇ ਪੰਜਾਬ ਨੂੰ ਉੱਚ ਵਿਕਾਸ ਦੀ ਲੀਹ ‘ਤੇ ਲਿਜਾਇਆ ਜਾ ਸਕੇ।
ਭਗਵੰਤ ਮਾਨ ਨੂੰ ਭਾਰਤ-ਆਸਟ੍ਰੇਲੀਆ ਆਰਥਿਕ ਸਹਿਯੋਗ ਅਤੇ ਵਪਾਰ ਸਮਝੌਤਾ (IndAus ECTA) ਬਾਰੇ ਜਾਣੂ ਕਰਵਾਇਆ। ਉਨ੍ਹਾਂ ਨੇ ਜ਼ਿਕਰ ਕੀਤਾ ਕਿ ਆਸਟ੍ਰੇਲੀਆ ਦਾ ਟੀਚਾ 2035 ਤੱਕ ਭਾਰਤ ਨੂੰ ਆਪਣੇ ਚੋਟੀ ਦੇ ਤਿੰਨ ਨਿਰਯਾਤ ਬਾਜ਼ਾਰਾਂ ਵਿੱਚ ਲਿਆਉਣਾ ਅਤੇ ਇਸ ਨੂੰ ਏਸ਼ੀਆ ਵਿੱਚ ਤੀਜਾ ਸਭ ਤੋਂ ਵੱਡਾ ਬਾਹਰੀ ਨਿਵੇਸ਼ ਸਥਾਨ ਬਣਾਉਣਾ ਹੈ।