ਕੇਂਦਰ ਸਰਕਾਰ ਨੇ ਤੁਰੰਤ ਪ੍ਰਭਾਵ ਨਾਲ ਕਣਕ ਦੀ ਬਰਾਮਦ ‘ਤੇ ਪਾਬੰਦੀ ਲਗਾ ਦਿੱਤੀ ਹੈ। ਕੇਂਦਰ ਸਰਕਾਰ ਨੇ ਸ਼ੁੱਕਰਵਾਰ ਦੇਰ ਰਾਤ ਇੱਕ ਨੋਟੀਫਿਕੇਸ਼ਨ ਜਾਰੀ ਕਰਕੇ ਇਸ ਦੀ ਜਾਣਕਾਰੀ ਦਿੱਤੀ। ਇਹ ਕਦਮ ਸਥਾਨਕ ਕੀਮਤਾਂ ਨੂੰ ਕੰਟਰੋਲ ‘ਚ ਰੱਖਣ ਲਈ ਚੁੱਕਿਆ ਗਿਆ ਹੈ।
ਦੱਸ ਦਈਏ ਕਿ ਭਾਰਤ ਦੁਨੀਆ ਵਿੱਚ ਕਣਕ ਦਾ ਦੂਜਾ ਸਭ ਤੋਂ ਵੱਡਾ ਉਤਪਾਦਕ ਹੈ। ਸਰਕਾਰ ਨੇ ਕਿਹਾ ਹੈ ਕਿ ਕਣਕ ਦੀ ਬਰਾਮਦ ਦੀ ਮਨਜ਼ੂਰੀ ਪਹਿਲਾਂ ਹੀ ਜਾਰੀ ਕੀਤੇ ਗਏ ਲੈਟਰ ਆਫ ਕਰੈਡਿਟ ਦੇ ਤਹਿਤ ਦਿੱਤੀ ਜਾਵੇਗੀ। ਫਰਵਰੀ ਦੇ ਅਖੀਰ ਵਿੱਚ ਯੂਕਰੇਨ ਉੱਤੇ ਰੂਸ ਦੇ ਹਮਲੇ ਤੋਂ ਬਾਅਦ ਕਾਲੇ ਸਾਗਰ ਖੇਤਰ ਤੋਂ ਬਰਾਮਦ ਵਿੱਚ ਗਿਰਾਵਟ ਤੋਂ ਬਾਅਦ ਗਲੋਬਲ ਖਰੀਦਦਾਰ ਕਣਕ ਦੀ ਸਪਲਾਈ ਲਈ ਭਾਰਤ ਵੱਲ ਮੁੜ ਰਹੇ ਸਨ।
ਭਾਰਤ ਦੇ ਵਣਜ ਮੰਤਰਾਲੇ ਦੁਆਰਾ ਜਾਰੀ ਨੋਟੀਫਿਕੇਸ਼ਨ ਵਿੱਚ ਕਿਹਾ ਗਿਆ ਹੈ, “ਦੇਸ਼ ਦੀ ਸਮੁੱਚੀ ਖੁਰਾਕ ਸੁਰੱਖਿਆ ਦਾ ਪ੍ਰਬੰਧਨ ਕਰਨ ਅਤੇ ਗੁਆਂਢੀ ਅਤੇ ਹੋਰ ਕਮਜ਼ੋਰ ਦੇਸ਼ਾਂ ਦੀਆਂ ਜ਼ਰੂਰਤਾਂ ਦਾ ਸਮਰਥਨ ਕਰਨ ਲਈ, ਕੇਂਦਰ ਸਰਕਾਰ ਨੇ ਤੁਰੰਤ ਪ੍ਰਭਾਵ ਨਾਲ ਕਣਕ ਦੇ ਨਿਰਯਾਤ ‘ਤੇ ਪਾਬੰਦੀ ਲਗਾ ਦਿੱਤੀ ਹੈ।”
ਭਾਰਤ ਸਰਕਾਰ ਗੁਆਂਢੀ ਅਤੇ ਹੋਰ ਕਮਜ਼ੋਰ ਵਿਕਾਸਸ਼ੀਲ ਦੇਸ਼ਾਂ ਦੀਆਂ ਖੁਰਾਕ ਸੁਰੱਖਿਆ ਲੋੜਾਂ ਨੂੰ ਪੂਰਾ ਕਰਨ ਲਈ ਵਚਨਬੱਧ ਹੈ, ਜੋ ਕਿ ਗਲੋਬਲ ਕਣਕ ਦੀ ਮੰਡੀ ਵਿੱਚ ਅਚਾਨਕ ਤਬਦੀਲੀਆਂ ਨਾਲ ਪ੍ਰਭਾਵਿਤ ਹੋ ਰਹੇ ਹਨ ਅਤੇ ਲੋੜੀਂਦੀ ਕਣਕ ਦੀ ਸਪਲਾਈ ਤੱਕ ਪਹੁੰਚ ਕਰਨ ਵਿੱਚ ਅਸਮਰੱਥ ਹਨ।