ਮੋਹਾਲੀ: ਜ਼ਿਲ੍ਹਾ ਪ੍ਰਸ਼ਾਸਨ 75ਵੇਂ ਸੁਤੰਤਰਤਾ ਦਿਵਸ ਨੂੰ ਸਰਕਾਰ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮਨਾਵੇਗਾ ਅਤੇ ਇਹ ਦਿਵਸ ਕੋਵਿਡ ਟੀਕਾਕਰਨ ਮੁਹਿੰਮ ਨੂੰ ਸਮਰਪਿਤ ਕੀਤਾ ਜਾਵੇਗਾ, ਜਿਸ ਵਿੱਚ ਜ਼ਿਲ੍ਹੇ ਨੇ ਸ਼ਾਨਦਾਰ ਪ੍ਰਾਪਤੀਆਂ ਕੀਤੀਆਂ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਦਿੱਤੀ।
ਸੁਤੰਤਰਤਾ ਦਿਵਸ ਸੰਬੰਧੀ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਸਮਾਗਮ ਦੀਆਂ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੀਆਂ ਹਨ ਅਤੇ ਇਹ ਯਕੀਨੀ ਬਣਾਉਣ ਦੇ ਯਤਨ ਕੀਤੇ ਜਾ ਰਹੇ ਹਨ ਕਿ ਇਸ ਦਿਨ ਨੂੰ ਕੋਰੋਨਾ ਵਾਇਰਸ ਦੇ ਮੱਦੇਨਜ਼ਰ ਸਾਰੇ ਰੋਕਥਾਮ ਉਪਾਵਾਂ ਦੀ ਸਖ਼ਤੀ ਨਾਲ ਪਾਲਣਾ ਕਰਦਿਆਂ ਉਤਸ਼ਾਹ ਨਾਲ ਮਨਾਇਆ ਜਾਵੇ।
ਉਨ੍ਹਾਂ ਨੇ ਕਿਹਾ ਕਿ ਸੁਤੰਤਰਤਾ ਦਿਵਸ ਦੇ ਜਸ਼ਨ ਸਾਡੇ ਸਾਰਿਆਂ ਲਈ ਸਭ ਤੋਂ ਮਹੱਤਵਪੂਰਨ ਹਨ ਕਿਉਂਕਿ ਇਸ ਦਿਨ ਸਾਡੇ ਦੇਸ਼ ਨੇ ਬਰਤਾਨਵੀ ਸਾਮਰਾਜਵਾਦ ਤੋਂ ਆਜ਼ਾਦੀ ਪ੍ਰਾਪਤ ਕੀਤੀ ਸੀ। ਉਨ੍ਹਾਂ ਦੱਸਿਆ ਕਿ ਦੇਸ਼ ਹਮੇਸ਼ਾ ਮੈਡੀਕਲ ਪੇਸ਼ੇਵਰਾਂ, ਪੁਲਿਸ, ਸੈਨੀਟੇਸ਼ਨ ਕਰਮਚਾਰੀਆਂ ਅਤੇ ਫਰੰਟਲਾਈਨ ਵਰਕਰਾਂ ਦਾ ਰਿਣੀ ਰਹੇਗਾ। ਜਿਨ੍ਹਾਂ ਆਪਣੀ ਡਿਊਟੀ ਜੋਸ਼ ਅਤੇ ਨਿਡਰਤਾ ਨਾਲ ਨਿਭਾਉਂਦੇ ਹੋਏ ਮਹਾਂਮਾਰੀ ਵਿਰੁੱਧ ਲੜਾਈ ਵਿੱਚ ਆਪਣੀ ਜਾਨ ਜ਼ੋਖ਼ਮ ਵਿੱਚ ਪਾਈ।
ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਇਹ ਕੋਰੋਨਾ ਯੋਧੇ ਬਿਨਾਂ ਵਰਦੀ ਦੇ ਸਿਪਾਹੀ ਹਨ ਅਤੇ ਉਨ੍ਹਾਂ ਦੀ ਸਖ਼ਤ ਮਿਹਨਤ ਨਾਲ ਸੰਕਰਮਣ ਨਾਲ ਲੜਨ ਵਿੱਚ ਅਹਿਮ ਭੂਮਿਕਾ ਰਹੀ ਹੈ। ਕੋਵਿਡ -19 ਮਹਾਂਮਾਰੀ ਕਾਰਨ ਪੈਦਾ ਹੋਈ ਮੌਜੂਦਾ ਸਥਿਤੀ ਸਦਕਾ ਬੱਚਿਆਂ ਅਤੇ ਬਜ਼ੁਰਗਾਂ ਨੂੰ ਸੱਦਾ ਨਹੀਂ ਦਿੱਤਾ ਗਿਆ ਅਤੇ ਸਮਾਗਮ ਵਿੱਚ ਕੋਈ ਸੱਭਿਆਚਾਰਕ ਗਤੀਵਿਧੀਆਂ ਨਹੀਂ ਹੋਣਗੀਆਂ।