ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸ੍ਰੀਨਗਰ ’ਚ ਸਿੱਖ ਪ੍ਰਿੰਸੀਪਲ ਅਤੇ ਅਧਿਆਪਕ ਦੀ ਹੱਤਿਆ ਦੀ ਕੀਤੀ ਨਿੰਦਾ
ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ੍ਰੀਨਗਰ ’ਚ ਇਕ ਸਕੂਲ ਦੀ ਸਿੱਖ ਪ੍ਰਿੰਸੀਪਲ ਸਤਿੰਦਰ ਕੌਰ ਸਮੇਤ ਅਧਿਆਪਕ ਦੀਪਕ ਚੰਦ ਦੀ ਹੱਤਿਆ ਦੀ ਨਿਖੇਧੀ ਕਰਦਿਆਂ ਜੰਮੂ ਕਸ਼ਮੀਰ ਅੰਦਰ ਘੱਟਗਿਣਤੀ ਭਾਈਚਾਰਿਆਂ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਮੰਗ ਕੀਤੀ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਜਾਰੀ ਇਕ ਬਿਆਨ ਵਿਚ ਆਖਿਆ ਕਿ ਬੀਤੇ ਦਿਨ ਸ੍ਰੀਨਗਰ ’ਚ ਵਾਪਰੀ ਇਸ ਘਟਨਾ ਨਾਲ ਸਿੱਖਾਂ ਅੰਦਰ ਰੋਸ ਦੀ ਲਹਿਰ ਹੈ, ਕਿਉਂਕਿ ਇਸ ਘਟਨਾ ਸਮੇਂ ਸਿੱਖ ਪ੍ਰਿੰਸੀਪਲ ਅਤੇ ਇਕ ਹਿੰਦੂ ਅਧਿਆਪਕ ਨੂੰ ਵੱਖ ਕਰਕੇ ਨਿਸ਼ਾਨਾ ਬਣਾਇਆ ਗਿਆ ਹੈ।
ਉਨ੍ਹਾਂ ਆਖਿਆ ਕਿ ਇਹ ਬੇਹੱਦ ਦੁਖਦਾਈ ਗੱਲ ਹੈ ਕਿ ਖਿੱਤੇ ਅੰਦਰ ਘਟਗਿਣਤੀਆਂ ਸੁਰੱਖਿਅਤ ਨਹੀਂ ਹਨ। ਭਾਰਤ ਸਰਕਾਰ ਦੀ ਜ਼ੁੰਮੇਵਾਰੀ ਬਣਦੀ ਹੈ ਕਿ ਉਹ ਦੇਸ਼ ਦੇ ਹਰ ਸੂਬੇ ਅੰਦਰ ਸਿੱਖਾਂ ਦੀ ਜਾਨ ਦੀ ਹਿਫ਼ਾਜ਼ਤ ਕਰੇ। ਉਨ੍ਹਾਂ ਕਿਹਾ ਕਿ ਜੰਮੂ ਕਸ਼ਮੀਰ ਖਿੱਤੇ ਵਿਚ ਸਿੱਖ ਭੈ-ਭੀਤ ਹਨ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਪ੍ਰਿੰਸੀਪਲ ਸਤਿੰਦਰ ਕੌਰ ਅਤੇ ਅਧਿਆਪਕ ਦੀ ਹੱਤਿਆ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕਰਦਿਆਂ ਉਨ੍ਹਾਂ ਦੇ ਪਰਿਵਾਰਾਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕੀਤੀ। ਉਨ੍ਹਾਂ ਇਹ ਵੀ ਆਖਿਆ ਕਿ ਜੰਮੂ ਕਸ਼ਮੀਰ ਦੇ ਸਿੱਖਾਂ ਦੀਆਂ ਮੁਸ਼ਕਲਾਂ ਅਤੇ ਹੋ ਰਹੇ ਧੱਕੇ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਜਲਦ ਹੀ ਭਾਰਤ ਸਰਕਾਰ ਤੱਕ ਪਹੁੰਚ ਕਰੇਗੀ। ਇਸ ਦੇ ਨਾਲ ਹੀ ਜੰਮੂ ਕਸ਼ਮੀਰ ਵਿਖੇ ਜਾ ਕੇ ਵੀ ਸਿੱਖ ਆਗੂਆਂ ਨਾਲ ਮੁਲਾਕਾਤ ਕੀਤੀ ਜਾਵੇਗੀ।