ਹਰ ਸਾਲ 14 ਅਪ੍ਰੈਲ ਨੂੰ ਡਾ: ਭੀਮ ਰਾਓ ਅੰਬੇਡਕਰ ਦਾ ਜਨਮ ਦਿਨ ਮਨਾਇਆ ਜਾਂਦਾ ਹੈ। ਇਸ ਦਿਨ ਨੂੰ ਭਾਰਤ ਵਿੱਚ ਸਮਾਨਤਾ ਦਿਵਸ ਅਤੇ ਗਿਆਨ ਦਿਵਸ ਵਜੋਂ ਮਨਾਇਆ ਜਾਂਦਾ ਹੈ। ਅੱਜ ਡਾ.ਬੀ. ਆਰ ਅੰਬੇਡਕਰ ਦੀ ਜਯੰਤੀ ਮੌਕੇ ਉਨ੍ਹਾਂ ਨੂੰ ਦੇਸ਼ ਦੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ, ਪ੍ਰਧਾਨ ਮੰਤਰੀ ਮੋਦੀ, ਉਪ ਰਾਸ਼ਟਰਪਤੀ ਵੈਂਕਈਆ ਨਾਇਡੂ, ਕਾਂਗਰਸ ਪ੍ਰਧਾਨ ਸੋਨੀਆ ਗਾਂਧੀ, ਸੀਨੀਅਰ ਕਾਂਗਰਸੀ ਆਗੂ ਮੱਲਿਕਾਰਜੁਨ ਖੜਗੇ, ਲੋਕ ਸਭਾ ਸਪੀਕਰ ਓਮ ਬਿਰਲਾ ਅਤੇ ਹੋਰਾਨਾਂ ਨੇ ਸ਼ਰਧਾਂਜਲੀ ਭੇਟ ਕੀਤੀ।
ਬਾਬਾ ਸਾਹਿਬ ਨਾਂ ਨਾਲ ਪ੍ਰਸਿੱਧ ਡਾ. ਭੀਮ ਰਾਓ ਅੰਬੇਡਕਰ ਨੂੰ ਸੰਵਿਧਾਨ ਦੇ ਨਿਰਮਾਣ ਲਈ ਸੰਵਿਧਾਨ ਸਭਾ ਵੱਲੋਂ ਬਣਾਈ ਗਈ ਖਰੜਾ ਕਮੇਟੀ ਦਾ ਪ੍ਰਧਾਨ ਚੁਣਿਆ ਗਿਆ ਸੀ। ਉਹ ਦੇਸ਼ ਦੇ ਪਹਿਲੇ ਕਾਨੂੰਨ ਮੰਤਰੀ ਸਨ। ਸਾਲ 1990 ਵਿਚ ‘ਭਾਰਤ ਰਤਨ’ ਨਾਲ ਸਨਮਾਨਿਤ ਡਾ. ਅੰਬੇਡਕਰ ਨੇ ਸਮਾਜ ’ਚ ਜਾਤੀ ਆਧਾਰਿਤ ਸ਼ੋਸ਼ਣ ਖ਼ਿਲਾਫ਼ ਲੋਕਾਂ ਨੂੰ ਜਾਗਰੂਕ ਕਰਨ ਦਾ ਕੰਮ ਕੀਤਾ। ਉਨ੍ਹਾਂ ਨੇ ਦੇਸ਼ ’ਚੋਂ ਭੇਦਭਾਵ ਮਿਟਾਉਣ ਲਈ ਪਹਿਲ ਕੀਤੀ ਤੇ ਦੇਸ਼ ਦਾ ਸੰਵਿਧਾਨ ਤਿਆਰ ਕਰਨ ’ਚ ਮਹੱਤਵਪੂਰਨ ਭੂਮਿਕਾ ਨਿਭਾਈ। ਡਾ. ਅੰਬੇਡਕਰ ਨੂੰ ਬਚਪਨ ਤੋਂ ਹੀ ਜਾਤੀ ਆਧਾਰਿਤ ਭੇਦਭਾਵ ਦਾ ਸ਼ਿਕਾਰ ਹੋਣਾ ਪਿਆ ਸੀ। ਇਸ ਦੇ ਬਾਵਜੂਦ ਉਹ ਹਰ ਮੁਸ਼ਕਲ ਨੂੰ ਪਿੱਛੇ ਛੱਡ ਅੱਗੇ ਵਧਦੇ ਰਹੇ।