ਫਰੀਦਕੋਟ : ਡੇਰਾ ਸੱਚਾ ਸੌਦਾ ਰਾਸ਼ਟਰੀ ਕਮੇਟੀ ਦੇ 3 ਮੈਂਬਰਾਂ ਖਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤਾ ਗਿਆ ਹੈ। ਦੱਸ ਦਈਏ ਕਿ ਇਲਾਕਾ ਮੈਜਿਸਟ੍ਰੇਟ ਮਿਸ ਤਰਜਨੀ ਨੇ ਉਨ੍ਹਾਂ ਨੂੰ ਕੋਰਟ ‘ਚ ਪੇਸ਼ ਹੋਣ ਦਾ ਆਦੇਸ਼ ਦਿੱਤਾ ਹੈ। ਜਾਣਕਾਰੀ ਅਨੁਸਾਰ ਕਮੇਟੀ ਦੇ ਮੈਂਬਰਾਂ ਹਰਸ਼ ਧੂਰੀ, ਪ੍ਰਦੀਪ ਕਲੇਰ ਅਤੇ ਸੰਦੀਪ ਬਰੇਟਾ ਨੇ ਡੇਰਾ ਸੱਚਾ ਸੌਦਾ ਵਿਚ ਮੀਟਿੰਗ ਦੌਰਾਨ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਵਿਚੋਂ ਗੁਰੂ ਗ੍ਰੰਥ ਸਾਹਿਬ ਜੀ ਚੋਰੀ ਕਰਕੇ ਗੁਰੂ ਸਾਹਿਬ ਦੇ ਪੱਤਰੇ ਗਲੀਆਂ ‘ਚ ਖਿਲਾਰਨ ਅਤੇ ਪਿੰਡ ਬਰਗਾੜੀ ‘ਚ ਇਤਰਾਜ਼ਯੋਗ ਪੋਸਟਰ ਲਾਉਣ ਸਬੰਧੀ ਸਾਜ਼ਿਸ਼ ਕੀਤੀ ਸੀ।
ਵਿਸ਼ੇਸ਼ ਜਾਂਚ ਟੀਮ ਪਿਛਲੇ ਦੋ ਸਾਲਾਂ ਤੋਂ ਉਨ੍ਹਾਂ ਦੀ ਗ੍ਰਿਫ਼ਤਾਰੀ ਲਈ ਪੰਜਾਬ, ਹਰਿਆਣਾ, ਰਾਜਸਥਾਨ ਅਤੇ ਦਿੱਲੀ ‘ਚ ਛਾਪੇ ਮਾਰ ਰਹੀ ਹੈ। ਡੇਰਾ ਕਮੇਟੀ ਦੇ ਇਹ ਕੌਮੀ ਮੈਂਬਰ ਪਹਿਲਾਂ ਹੀ ਦੋ ਮੁਕੱਦਮਿਆਂ ਵਿਚ ਭਗੌੜੇ ਐਲਾਨੇ ਜਾ ਚੁੱਕੇ ਹਨ। ਜਾਣਕਾਰੀ ਅਨੁਸਾਰ ਵਿਸ਼ੇਸ਼ ਜਾਂਚ ਟੀਮ ਉਨ੍ਹਾਂ ਤੋਂ ਪੁੱਛ-ਪੜਤਾਲ ਕਰਨਾ ਚਾਹੁੰਦੀ ਹੈ ਕਿਉਂਕਿ ਤਿੰਨੇ ਡੇਰਾ ਕਮੇਟੀ ਮੈਂਬਰ ਗੁਰਮੀਤ ਰਾਮ ਰਹੀਮ ਦੇ ਸੰਪਰਕ ‘ਚ ਸਨ ਅਤੇ ਮੰਨਿਆ ਜਾ ਰਿਹਾ ਹੈ ਕਿ ਇਸ ਸਾਜ਼ਿਸ਼ ‘ਚ ਡੇਰਾ ਮੁਖੀ ਵੀ ਸ਼ਾਮਲ ਹੋ ਸਕਦਾ ਹੈ।