ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲਣਗੇ। ਉਹ ਅੱਜ ਸ਼ਾਮ 5:15 ਵਜੇ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕਰਨਗੇ। ਸਿੱਧੂ ਨੇ ਇਸ ਮੁਲਾਕਾਤ ਦਾ ਮੁੱਖ ਕਾਰਨ ਸੂਬੇ ਦੀ ਆਰਥਿਕਤਾ ਨੂੰ ਦੱਸਿਆ ਹੈ। ਉਨ੍ਹਾਂ ਨੇ ਆਪਣੇ ਟਵੀਟ ‘ਚ ਇਹ ਵੀ ਲਿਖਿਆ ਹੈ ਕਿ ਪੰਜਾਬ ਦੀ ਆਰਥਿਕਤਾ ਨੂੰ ਸੁਧਾਰਨ ਲਈ ਸਾਰਿਆਂ ਨੂੰ ਯਤਨ ਕਰਨੇ ਪੈਣਗੇ।
ਵਿਧਾਨ ਸਭਾ ਚੋਣਾਂ ਦੌਰਾਨ ਸਿੱਧੂ ਲਗਾਤਾਰ ਆਪਣੇ ਪੰਜਾਬ ਮਾਡਲ ਦਾ ਮੁੱਦਾ ਉਠਾਉਂਦੇ ਰਹੇ ਸਨ। ਅਜਿਹੇ ’ਚ ਭਗਵੰਤ ਮਾਨ ਨਾਲ ਸਿੱਧੂ ਦੀ ਮੁਲਾਕਾਤ ਕਾਫੀ ਅਹਿਮ ਮੰਨੀ ਜਾ ਰਹੀ ਹੈ। ਕਿਉਂਕਿ ਭਾਵੇਂ ਹੀ ਸਿੱਧੂ ਇਸ ਮੀਟਿੰਗ ਨੂੰ ਵਿੱਤੀ ਸਥਿਤੀ ਨਾਲ ਜੋੜ ਰਹੇ ਹੋਣ ਪਰ ਜਿਸ ਤਰ੍ਹਾਂ ਨਾਲ ਕਾਂਗਰਸ ’ਚ ਉਨ੍ਹਾਂ ਖਿਲਾਫ ਕਾਰਵਾਈ ਚੱਲ ਰਹੀ ਹੈ, ਉਸ ਦੇ ਮੱਦੇਨਜ਼ਰ ਇਹ ਮੀਟਿੰਗ ਅਹਿਮ ਬਣ ਜਾਂਦੀ ਹੈ।
ਤੁਹਾਨੂੰ ਦੱਸ ਦੇਈਏ ਕਿ ਨਵਜੋਤ ਸਿੰਘ ਸਿੱਧੂ ਅਤੇ ਪੰਜਾਬ ਕਾਂਗਰਸ ਦੇ ਨੇਤਾਵਾਂ ਵਿਚਾਲੇ ਇਕ ਵਾਰ ਫਿਰ ਸਭ ਕੁਝ ਠੀਕ ਨਹੀਂ ਚੱਲ ਰਿਹਾ ਹੈ। ਸਿੱਧੂ ਦੇ ਤਾਜ਼ਾ ਬਿਆਨਾਂ ਤੋਂ ਕਈ ਆਗੂ ਨਾਰਾਜ਼ ਹਨ। ਕਾਂਗਰਸ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਚੌਧਰੀ ਨੇ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਨੂੰ ਪੱਤਰ ਲਿਖ ਕੇ ਸਾਬਕਾ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਿਰੁੱਧ ਅਨੁਸ਼ਾਸਨੀ ਕਾਰਵਾਈ ਦੀ ਮੰਗ ਕੀਤੀ ਹੈ। ਉਨ੍ਹਾਂ ਦੋਸ਼ ਲਾਇਆ ਸੀ ਕਿ ਸਿੱਧੂ ਆਪਣੇ ਆਪ ਨੂੰ ਪਾਰਟੀ ਤੋਂ ਉਪਰ ਪੇਸ਼ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।