ਪਟਵਾਰੀਆਂ ਦੇ ਟੈਸਟ ਦੌਰਾਨ ਕਕਾਰ ਉਤਾਰਨ ਲਈ ਮਜ਼ਬੂਰ ਕਰਨ ਦਾ ਮਾਮਲਾ

0
66

ਸ਼੍ਰੋਮਣੀ ਕਮੇਟੀ ਨਾਲ ਸੰਪਰਕ ਕਰਨ ਪੀੜਤ ਪ੍ਰੀਖਿਆਰਥੀ- ਸਿਆਲਕਾ

ਅੰਮ੍ਰਿਤਸਰ : ਪਟਵਾਰੀਆਂ ਲਈ ਲਏ ਗਏ ਟੈਸਟ ਦੌਰਾਨ ਚੰਡੀਗੜ੍ਹ ਦੇ ਸੈਕਟਰ-32 ਵਿਚ ਸਥਿਤ ਐਸ.ਡੀ. ਕਾਲਜ ਵਿਖੇ ਗੁਰਸਿੱਖ ਪ੍ਰੀਖਿਆਰਥੀਆਂ ਨੂੰ ਕਕਾਰ ਉਤਾਰ ਕੇ ਪ੍ਰੀਖਿਆ ਦੇਣ ਲਈ ਮਜ਼ਬੂਰ ਕਰਨ ਦੇ ਮਾਮਲੇ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਵੱਲੋਂ ਗਠਿਤ ਕੀਤੀ ਗਈ ਸਬ-ਕਮੇਟੀ ਨੇ ਪ੍ਰਭਾਵਿਤ ਪ੍ਰੀਖਿਆਰਥੀਆਂ ਨੂੰ ਸ਼੍ਰੋਮਣੀ ਕਮੇਟੀ ਨਾਲ ਸੰਪਰਕ ਕਰਨ ਲਈ ਅਪੀਲ ਕੀਤੀ ਹੈ। ਸਬ-ਕਮੇਟੀ ਦੇ ਮੁੱਖੀ ਤੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਨੇ ਕਿਹਾ ਕਿ ਸਮੇਂ-ਸਮੇਂ ਸਿੱਖ ਬੱਚਿਆਂ ਨੂੰ ਪ੍ਰੀਖਿਆ ਦੇਣ ਮੌਕੇ ਅਜਿਹੇ ਮਾਮਲਿਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਜੋ ਅਤਿ ਨਿੰਦਨਯੋਗ ਹੈ। ਉਨ੍ਹਾਂ ਕਿਹਾ ਕਿ ਸਬ-ਕਮੇਟੀ ਦੀ ਇਕੱਤਰਤਾ ਵਿਚ ਵਿਚਾਰ ਕੀਤਾ ਗਿਆ ਕਿ ਜਿਨ੍ਹਾਂ ਬੱਚਿਆਂ ਨੂੰ ਕਕਾਰ ਉਤਾਰਨ ਲਈ ਮਜ਼ਬੂਰ ਕੀਤਾ ਗਿਆ ਹੈ ਉਨ੍ਹਾਂ ਨਾਲ ਸੰਪਰਕ ਕੀਤਾ ਜਾਵੇ।

ਸ. ਸਿਆਲਕਾ ਨੇ ਕਿਹਾ ਕਿ ਇਸ ਮਾਮਲੇ ਵਿਚ ਸਬੰਧਤ ਅਦਾਰੇ ਦੇ ਸੀ.ਸੀ.ਟੀ.ਵੀ. ਕੈਮਰੇ ਵੀ ਖੰਗਾਲੇ ਜਾਣਗੇ ਅਤੇ ਪ੍ਰਬੰਧਕਾਂ ਤੋਂ ਵੀ ਪੁਛਗਿੱਛ ਕਰਾਂਗੇ। ਉਨ੍ਹਾਂ ਕਿਹਾ ਕਿ ਦੋਸ਼ੀਆਂ ਵਿਰੁੱਧ ਕਾਰਵਾਈ ਲਈ ਪੀੜਤ ਬੱਚਿਆਂ ਪਾਸੋਂ ਜਾਣਕਾਰੀ ਜ਼ਰੂਰੀ ਹੈ, ਇਸ ਲਈ ਉਨ੍ਹਾਂ ਨੂੰ ਅਪੀਲ ਹੈ ਕਿ ਉਹ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਨਾਲ ਸੰਪਰਕ ਕਰਨ। ਉਨ੍ਹਾਂ ਕਿਹਾ ਕਿ ਪੀੜਤ ਬੱਚੇ ਉਨ੍ਹਾਂ ਦੇ ਨੰਬਰ 98152-50589 ਦੇ ਨਾਲ-ਨਾਲ ਸਬ-ਕਮੇਟੀ ਮੈਂਬਰ ਸ. ਅਜਮੇਰ ਸਿੰਘ ਖੇੜਾ ਨਾਲ 98154-93157, ਸ. ਅਮਰੀਕ ਸਿੰਘ ਸ਼ਾਹਪੁਰ ਨਾਲ 97814-09999, ਭਾਈ ਗੁਰਚਰਨ ਸਿੰਘ ਗਰੇਵਾਲ ਨਾਲ 98148-98643 ਅਤੇ ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾ ਕੋਹਨਾ ਨਾਲ 98148-98268 ’ਤੇ ਸੰਪਰਕ ਕਰ ਸਕਦੇ ਹਨ।

LEAVE A REPLY

Please enter your comment!
Please enter your name here