ਤੇਲ ਦੀਆਂ ਕੀਮਤਾਂ ‘ਚ ਲਗਾਤਾਰ ਵਾਧਾ ਹੋ ਰਿਹਾ ਹੈ। ਹਰ ਰੋਜ਼ ਹੀ ਕੀਮਤਾਂ ‘ਚ ਤਬਦੀਲੀ ਦੇਖਣ ਨੂੰ ਮਿਲ ਰਹੀ ਹੈ। ਤੇਲ ਦੀਆਂ ਕੀਮਤਾਂ ਵਿੱਚ ਮੁੜ ਹੋਏ ਵਾਧੇ ਮਗਰੋਂ ਦਿੱਲੀ ਵਿੱਚ ਪਹਿਲੀ ਵਾਰ ਪੈਟਰੋਲ ਦੀ ਕੀਮਤ 95 ਰੁਪਏ ਪ੍ਰਤੀ ਲਿਟਰ ਤੇ ਡੀਜ਼ਲ ਦੀ ਕੀਮਤ 86 ਰੁਪਏ ਪ੍ਰਤੀ ਲਿਟਰ ਨੂੰ ਪਾਰ ਕਰ ਗਈ ਹੈ। ਸਰਕਾਰੀ ਤੇਲ ਰਿਟੇਲਰਾਂ ਮੁਤਾਬਕ ਪੈਟਰੋਲ ਦੀ ਕੀਮਤ ਵਿੱਚ 21 ਪੈਸੇ ਪ੍ਰਤੀ ਲਿਟਰ ਤੇ ਡੀਜ਼ਲ ਦੀ ਕੀਮਤ ਵਿੱਚ 20 ਪੈਸੇ ਪ੍ਰਤੀ ਲੀਟਰ ਵਾਧਾ ਹੋਇਆ ਹੈ।
ਦੱਸਣਯੋਗ ਹੈ ਕਿ 4 ਮਈ ਮਗਰੋਂ 20ਵੀਂ ਵਾਰ ਤੇਲ ਕੀਮਤਾਂ ਵਿੱਚ ਹੋਏ ਵਾਧੇ ਮਗਰੋਂ ਮੁਲਕ ਭਰ ਵਿੱਚ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਇਤਿਹਾਸਕ ਵਾਧਾ ਦਰਜ ਕੀਤਾ ਗਿਆ ਹੈ। ਇਸ ਸਮੇਂ ਛੇ ਰਾਜਾਂ ਵਿੱਚ ਪੈਟਰੋਲ 100 ਰੁਪਏ ਪ੍ਰਤੀ ਲਿਟਰ ਤੋਂ ਵੱਧ ਮੁੱਲ ’ਤੇ ਵਿਕ ਰਿਹਾ ਹੈ। ਇਨ੍ਹਾਂ ਰਾਜਾਂ ਵਿੱਚ ਰਾਜਸਥਾਨ, ਮੱਧ ਪ੍ਰਦੇਸ਼, ਮਹਾਰਾਸ਼ਟਰ, ਆਂਧਰਾ ਪ੍ਰਦੇਸ਼, ਤੇਲੰਗਾਨਾ ਤੇ ਲੱਦਾਖ ਸ਼ਾਮਲ ਹਨ। ਦਿੱਲੀ ਵਿੱਚ ਪੈਟਰੋਲ ਦੀ ਕੀਮਤ ਹੁਣ ਤੱਕ ਦੀ ਸਭ ਤੋਂ ਵੱਧ 95.09 ਰੁਪਏ ਪ੍ਰਤੀ ਲੀਟਰ ਹੈ ਜਦੋਂ ਕਿ ਡੀਜ਼ਲ ਦੀ ਕੀਮਤ 86.01 ਰੁਪਏ ਪ੍ਰਤੀ ਲੀਟਰ ਦਰਜ ਕੀਤੀ ਗਈ ਹੈ।