ਪੰਜਾਬ ਦੇ ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰੀ ਡਾ: ਬਲਜੀਤ ਕੌਰ ਨੇ ਅੱਜ ਕਿਹਾ ਕਿ ਇਕ ਹੋਰ ਵਾਅਦਾ ਪੂਰਾ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ (Punjab Government) ਨੇ ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ ਵਿਦਿਆਰਥੀਆਂ ਨੂੰ 179 ਕਰੋੜ ਰੁਪਏ ਦੀ ਰਾਸ਼ੀ ਵੰਡੀ ਹੈ ਅਤੇ ਇਹ ਰਾਸ਼ੀ ਡਾਇਰੈਕਟ ਪੇਮੈਂਟ ਸਿਸਟਮ (ਡੀ.ਬੀ.ਟੀ.) ਸਕੀਮ ਤਹਿਤ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਪਹਿਲਾਂ ਹੀ ਜਮ੍ਹਾਂ ਹੋ ਚੁੱਕੀ ਹੈ। ਜ਼ਿਕਰਯੋਗ ਹੈ ਕਿ ਕੈਬਨਿਟ ਮੰਤਰੀ ਨੇ ਆਪਣੇ ਅਹੁਦੇ ਦਾ ਚਾਰਜ ਸੰਭਾਲਣ ਵਾਲੇ ਦਿਨ ਹੀ ਉੱਚ ਅਧਿਕਾਰੀਆਂ ਨੂੰ ਮਾਰਚ 2022 ਤੱਕ ਬਕਾਇਆ ਪਏ ਵਜ਼ੀਫ਼ਿਆਂ ਦੀ ਵੰਡ ਨੂੰ ਕਿਸੇ ਵੀ ਕੀਮਤ ‘ਤੇ ਨਿਪਟਾਉਣ ਦੇ ਨਿਰਦੇਸ਼ ਦਿੱਤੇ ਸਨ।

ਇਸ ਫੈਸਲੇ ਨੂੰ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਲਈ ਲਾਹੇਵੰਦ ਦੱਸਦਿਆਂ ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਨੇ ਦੱਸਿਆ ਕਿ ਹੁਣ 1,90,197 ਲਾਭਪਾਤਰੀ ਵਿਦਿਆਰਥੀਆਂ ਦੇ ਬੈਂਕ ਖਾਤਿਆਂ ਵਿੱਚ 179.54 ਕਰੋੜ ਰੁਪਏ ਦੀ ਰਾਸ਼ੀ ਸਿੱਧੀ ਟਰਾਂਸਫਰ ਕੀਤੀ ਗਈ ਹੈ।

ਬਲਜੀਤ ਕੌਰ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਯਕੀਨੀ ਬਣਾਇਆ ਜਾਵੇਗਾ ਕਿ ਯੋਗ ਵਿਦਿਆਰਥੀਆਂ ਨੂੰ ਭਵਿੱਖ ਵਿੱਚ ਵੀ ਸਮੇਂ ਸਿਰ ਵਜ਼ੀਫ਼ਾ ਮਿਲ ਸਕੇ, ਤਾਂ ਜੋ ਉਨ੍ਹਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ।

ਰਾਜ ਵਿੱਚ ਸਿੱਖਿਆ ਅਤੇ ਸਿਹਤ ਖੇਤਰ ਨੂੰ ਪਹਿਲ ਦੇਣ ਲਈ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਦਿੱਲੀ ਦੇ ਸਿੱਖਿਆ ਮਾਡਲ ਨੂੰ ਅਪਣਾਇਆ ਜਾਵੇਗਾ ਅਤੇ ਸੂਬੇ ਦੀ ਸਮੁੱਚੀ ਸਿੱਖਿਆ ਪ੍ਰਣਾਲੀ ਵਿੱਚ ਕ੍ਰਾਂਤੀ ਲਿਆਉਣ ਲਈ ਪਹਿਲਾਂ ਹੀ ਸਮਝੌਤੇ ਕੀਤੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਅਸੀਂ ਆਪਣੇ ਵਿਦਿਆਰਥੀਆਂ ਨੂੰ ਸਿੱਖਿਆ ਪ੍ਰਦਾਨ ਕਰਨ ਲਈ ਅਤਿ-ਆਧੁਨਿਕ ਤਕਨੀਕਾਂ ਲਿਆਵਾਂਗੇ।

LEAVE A REPLY

Please enter your comment!
Please enter your name here