
ਪੰਜਾਬ ‘ਚ ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਤੇ ਪੀਆਰਟੀਸੀ ਦੇ ਕੱਚੇ ਮੁਲਾਜ਼ਮਾਂ ਆਪਣੀਆਂ ਮੰਗਾਂ ਨੂੰ ਲੈ ਕੇ ਧਰਨਾ ਲਾਉਣਗੇ। ਪੰਜਾਬ ਰੋਡਵੇਜ਼, ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਅਤੇ ਪੀਆਰਟੀਸੀ ਦੇ ਕੱਚੇ ਮੁਲਾਜ਼ਮਾਂ ਦੀ ਸੂਬਾ-ਪੱਧਰੀ ਮੀਟਿੰਗ ਬੱਸ ਸਟੈਂਡ ਦਫ਼ਤਰ ਵਿਖੇ ਹੋਈ ਜਿਸ ਵਿਚ ਸੰਘਰਸ਼ ਤਿੱਖਾ ਕਰਨ ਦਾ ਫ਼ੈਸਲਾ ਕੀਤਾ ਗਿਆ।
ਇਸ ਮੀਟਿੰਗ ’ਚ ਫ਼ੈਸਲਾ ਕੀਤਾ ਗਿਆ ਕਿ ਸੋਮਵਾਰ ਨੂੰ ਪੂਰੇ ਪੰਜਾਬ ’ਚ ਬੱਸ ਅੱਡੇ ਬੰਦ ਕਰਕੇ ਧਰਨੇ ਦਿੱਤੇ ਜਾਣਗੇ। ਦੂਜੇ ਪਾਸੇ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਵੱਲੋਂ ਦਿੱਤੇ ਦੋ ਰੋਜ਼ਾ ਕੰਮ ਛੱਡੋ ਪ੍ਰੋਗਰਾਮ ਅਨੁਸਾਰ 3 ਤੇ 4 ਅਗਸਤ ਨੂੰ ਵੀ ਸਮੂਹ ਬੱਸ ਅੱਡੇ ਬੰਦ ਕਰਕੇ ਸਰਕਾਰ ਦੇ ਪੁਤਲੇ ਫੂਕਣ ਦਾ ਐਲਾਨ ਕੀਤਾ ਗਿਆ।
ਇਹ ਮੀਟਿੰਗ ਜਲੰਧਰ ਬੱਸ ਅੱਡਾ ਦਫ਼ਤਰ ’ਚ ਰੇਸ਼ਮ ਸਿੰਘ ਗਿੱਲ ਦੀ ਪ੍ਰਧਾਨਗੀ ਹੇਠ ਹੋਈ। ਇਸ ਸੰਬੰਧ ‘ਚ ਉਨ੍ਹਾਂ ਨੇ ਕਿਹਾ ਕਿ ਸੰਘਰਸ਼ ਦੇ ਬਾਵਜੂਦ ਜੇਕਰ ਸਰਕਾਰ ਨਾ ਮੰਨੀ ਤਾਂ 9 ਤੋਂ 11 ਅਗਸਤ ਤਕ ਚੱਕਾ ਜਾਮ ਕੀਤਾ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਕਾਂਗਰਸ ਦੇ ਨਵੇਂ ਬਣੇ ਪ੍ਰਧਾਨ ਨਵਜੋਤ ਸਿੰਘ ਦੇ ਘਰ ਦਾ ਘਿਰਾਓ ਵੀ ਕੀਤਾ ਜਾਵੇਗਾ। ਜੇਕਰ ਸਰਕਾਰ ਨੇ ਫਿਰ ਵੀ ਮੰਗਾਂ ਨਾ ਮੰਨੀਆਂ ਤਾਂ ਅਣਮਿੱਥੇ ਸਮੇਂ ਦੀ ਹੜਤਾਲ ਕੀਤੀ ਜਾਵੇਗੀ।