ਸ਼੍ਰੋਮਣੀ ਅਕਾਲੀ ਦਲ ਵਿਧਾਇਕ ਵਿੰਗ ਨੇ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨੂੰ ਕਿਹਾ ਕਿ ਉਹ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਨੂੰ 10 ਦਿਨ ਵਧਾਉਣ ਤਾਂ ਜੋ ਪੰਜਾਬ ਦੇ ਦਰਪੇਸ਼ ਭੱਖਦੇ ਮਸਲਿਆਂ ’ਤੇ ਚਰਚਾ ਕੀਤੀ ਜਾ ਸਕੇ ਅਤੇ ਕਾਂਗਰਸ ਪਾਰਟੀ ਵੱਲੋਂ ਪੰਜਾਬੀਆਂ ਨੂੰ ਕੀਤੇ ਵਾਅਦਿਆਂ ਦਾ ਜਾਇਜ਼ਾ ਲਿਆ ਜਾ ਸਕੇ ਤੇ ਇਹ ਵੇਖਿਆ ਜਾ ਸਕੇ ਕਿ ਉਹ ਪੂਰੇ ਕਿਉਂ ਨਹੀਂ ਕੀਤੇ ਗਏ।
ਅਕਾਲੀ ਦਲ ਵਿਧਾਇਕ ਪਾਰਟੀ ਦੇ ਆਗੂ ਸ਼ਰਨਜੀਤ ਸਿੰਘ ਢਿੱਲੋਂ ਨੇ ਵਿਧਾਨ ਸਭਾ ਸਪੀਕਰ ਨੂੰ ਦਿੱਤੇ ਮੰਗ ਪੱਤਰ ਵਿੱਚ ਕਿਹਾ ਕਿ ਕਿਉਂਕਿ ਇਹ ਮੌਜੂਦਾ ਸਦਨ ਦਾ ਆਖਰੀ ਸੈਸ਼ਨ ਹੈ, ਇਸ ਲਈ ਪੰਜਾਬੀ ਕਾਂਗਰਸ ਪਾਰਟੀ ਤੋਂ ਆਪਣੇ ਕੰਮ ਦਾ ਹਿਸਾਬ ਦੇਣ ਅਤੇ ਕਿਸਾਨਾਂ, ਨੌਜਵਾਨਾਂ ਤੇ ਸਮਾਜ ਦੇ ਗਰੀਬ ਵਰਗਾਂ ਨਾਲ ਕੀਤੇ ਵਾਅਦੇ ਪੂਰੇ ਕਿਉਂ ਨਹੀਂ ਕੀਤੇ ਗਏ ਇਹ ਦੱਸਣ ਦੀ ਝਾਕ ਰੱਖਦੇ ਸਨ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਹਾਲੇ ਤੱਕ 90 ਹਜ਼ਾਰ ਕਰੋੜ ਰੁਪਏ ਦੀ ਪੂਰਨ ਕਰਜ਼ਾ ਮੁਆਫੀ ਨਹੀਂ ਮਿਲੀ। ਨਾ ਹੀ ਨੌਜਵਾਨਾ ਨੂੰ ਰੁਜ਼ਗਾਰ ਮਿਲਿਆ ਹੈ ਤੇ ਨਾ ਹੀ 2500 ਰੁਪਏ ਮਹੀਨਾ ਬੇਰੋਜ਼ਗਾਰੀ ਭੱਤਾ ਮਿਿਲਆ ਤੇ ਨਾ ਹੀ ਬੁਢਾਪਾ ਪੈਨਸ਼ਨ ਤੇ ਸ਼ਗਨ ਸਕੀਮਾਂ ਵਰਗੇ ਸਮਾਜਿਕ ਲਾਭ ਕੀਤੇ ਵਾਅਦੇ ਅਨੁਸਾਰ ਵਧਾ ਕੇ ਦਿੱਤੇ ਗਏ ਹਨ।
ਸ਼ਰਨਜੀਤ ਸਿੰਘ ਢਿੱਲੋਂ ਨੇ ਕਿਹਾ ਕਿ ਹੈਰਾਨੀ ਵਾਲੀ ਗੱਲ ਹੈ ਕਿ ਸਰਕਾਰ ਨੇ ਤਾਂ ਸਰਕਾਰ ਵੱਲੋਂ ਗੁਲਾਬੀ ਸੁੰਡੀ ਨਾਲ ਜਿਹਨਾਂ ਦੀ ਨਰਮੇ ਦੀ ਫਸਲ ਤਬਾਹ ਹੋਈ ਹੈ, ਉਨ੍ਹਾਂ ਨੂੰ 50 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਨਾ ਦੇਣ ਸਮੇਤ ਸੂਬੇ ਨੁੰ ਦਰਪੇਸ਼ ਭੱਖਦੇ ਮਸਲਿਆਂ ’ਤੇ ਚਰਚਾ ਲਈ ਵੀ ਸਮਾਂ ਨਹੀਂ ਰੱਖਿਆ। ਉਨ੍ਹਾਂ ਨੇ ਕਿਹਾ ਕਿ ਅਕਾਲੀ ਦਲ (DAP) ਦੀ ਘਾਟ ਤੇ ਇਸਦੀ ਕਾਲਾਬਾਜ਼ਾਰੀ ’ਤੇ ਵੀ ਚਰਚਾ ਚਾਹੁੰਦਾ ਹਾਂ। ਉਨ੍ਹਾਂ ਕਿਹਾ ਕਿ ਅਸੀਂ ਸਰਕਾਰ ਵੱਲੋਂ ਐਸ ਸੀ ਵਿਦਿਆਰਥੀਆਂ ਨੂੰ ਸਕਾਲਰਸ਼ਿਪ ਦੇਣ ਵਿਚ ਨਾਕਾਮੀ ਅਤੇ ਮੰਤਰੀਆਂ ਤੇ ਵਿਧਾਇਕਾਂ ਦੇ ਭ੍ਰਿਸ਼ਟਾਚਾਰ ਲਈ ਉਨ੍ਹਾਂ ਖਿਲਾਫ ਕਾਰਵਾਈ ਕਰਨ ਵਿਚ ਨਾਕਾਮੀ ’ਤੇ ਵੀ ਚਰਚਾ ਚਾਹੁੰਦੇ ਹਾਂ।