ਪੰਜਾਬ ਦੇ ਉੱਚ ਸਿੱਖਿਆ ਮੰਤਰੀ ਸ. ਪਰਗਟ ਸਿੰਘ ਨੇ ਅੱਜ ਨਵਾਂਸ਼ਹਿਰ ਵਿਖੇ ਕਿਹਾ ਕਿ ਪੰਜਾਬ ਦੇ ਕਾਲਜਾਂ ’ਚ ਖਾਲੀ ਪਈਆਂ ਅਧਿਆਪਕਾਂ ਦੀਆਂ 1100 ਅਸਾਮੀਆਂ ’ਤੇ ਭਰਤੀ ਪ੍ਰਕਿਰਿਆ 26 ਨਵੰਬਰ ਤੱਕ ਪੂਰੀ ਕਰ ਲਈ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਤਿੰਨ ਦਹਾਕਿਆਂ ਦੇ ਇਤਿਹਾਸ ’ਚ ਪਹਿਲੀ ਵਾਰ ਇਹ ਭਰਤੀ ਹੋ ਰਹੀ ਹੈ। ਇਹ ਪ੍ਰਗਟਾਵਾ ਪੰਜਾਬ ਦੇ ਸਕੂਲੀ ਅਤੇ ਉਚੇਰੀ ਸਿੱਖਿਆ ਮੰਤਰੀ ਪਰਗਟ ਸਿੰਘ ਨੇ ਨਵਾਂਸ਼ਹਿਰ ਨੇੜੇ 12 ਕਰੋੜ ਦੀ ਲਾਗਤ ਨਾਲ ਬਣਾਏ ਗਏ ਸ. ਦਿਲਬਾਗ਼ ਸਿੰਘ ਸਰਕਾਰੀ ਕਾਲਜ ਜਾਡਲਾ ਦੇ ਉਦਘਾਟਨ ਮੌਕੇ ਕੀਤਾ।

ਉਨ੍ਹਾਂ ਨੇ ਸ. ਅੰਗਦ ਸਿੰਘ ਦੀ ਵਿਕਾਸਮਈ ਸੋਚ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਨਵਾਂਸ਼ਹਿਰ ਹਲਕੇ ਦੇ ਲੋਕ ਖੁਸ਼ਕਿਸਮਤ ਹਨ ਕਿ ਉਨ੍ਹਾਂ ਨੂੰ ਸ. ਦਿਲਬਾਗ਼ ਸਿੰਘ ਦੀ ਵਿਰਾਸਤ ਦੇ ਵਾਰਿਸ ਦੀ ਅਗਵਾਈ ਮਿਲੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਆਪਣੇ 35 ਦਿਨਾਂ ਦੇ ਕਾਰਜਕਾਲ ’ਚ ਸਕੂਲੀ ਅਤੇ ਕਾਲਜੀ ਸਿੱਖਿਆ ਅਤੇ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਬਣਾਏ ਰੋਡ ਮੈਪ ਨੂੰ ਲਾਗੂ ਕਰਨ ਦੀ ਕੋਸ਼ਿਸ਼ ਕੀਤੀ ਹੈ, ਤਾਂ ਜੋ ਪੰਜਾਬ ਦੀ ਨੌਜੁਆਨ ਪੀੜ੍ਹੀ ਨੂੰ ਸਮੇਂ ਦੇ ਹਾਣ ਦਾ ਬਣਾਇਆ ਜਾ ਸਕੇ।

ਉਨ੍ਹਾਂ ਨੇ ਕਿਹਾ ਕਿ ਪੰਜਾਬ ਦੀਆਂ ਮੁਸ਼ਕਿਲਾਂ ਰਾਤੋ-ਰਾਤ ਨਾ ਬਣ ਕੇ, ਪਿਛਲੇ 25-30 ਸਾਲਾਂ ਤੋਂ ਇਨ੍ਹਾਂ ਵੱਲ ਧਿਆਨ ਨਾ ਦਿੱਤੇ ਜਾਣ ਕਾਰਨ ਉਭਰੀਆਂ ਹਨ ਅਤੇ ਸਾਨੂੰ ਸਾਰਿਆਂ ਨੂੰ ਰਲ ਕੇ ਇਨ੍ਹਾਂ ਮੁਸ਼ਕਿਲਾਂ ਦਾ ਹੱਲ ਕਰਨਾ ਪਵੇਗਾ। ਇਸ ਦੇ ਨਾਲ ਹੀ ਪਰਗਟ ਸਿੰਘ ਨੇ ਕਿਹਾ ਕਿ ਪੰਜਾਬ ਦੀ ਮੌਜੂਦਾ ਸਰਕਾਰ ਦਾ ਹਰ ਇੱਕ ਨੁਮਾਇੰਦਾ ਆਪੋ-ਆਪਣੇ ਵਿੱਤ ਮੁਤਾਬਕ ਪੰਜਾਬ ਨੂੰ ਫ਼ਿਰ ਤੋਂ ਪੈਰਾਂ ਸਿਰ ਕਰਨ ਲਈ ਦਿਨ-ਰਾਤ ਇੱਕ ਕਰ ਰਿਹਾ ਹੈ। ਉਨ੍ਹਾਂ ਆਖਿਆ ਕਿ ਲੰਬੇ ਸਮੇਂ ਤੋਂ ਬਣੀਆਂ ਮੁਸ਼ਕਿਲਾਂ ਨੂੰ ਇੱਕੋ ਦਿਨ ’ਚ ਖਤਮ ਤਾਂ ਨਹੀਂ ਕੀਤਾ ਜਾ ਸਕਦਾ ਪਰ ਅਗਲੇ ਸਮੇਂ ’ਚ ਸੁਧਾਰ ਦੀ ਆਸ ਨਾਲ ਯਤਨ ਜ਼ਰੂਰ ਕੀਤੇ ਜਾ ਸਕਦੇ ਹਨ।

ਉਨ੍ਹਾਂ ਨੇ ਇਸ ਤੋਂ ਪਹਿਲਾਂ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਨਵਾਂਸ਼ਹਿਰ ਵਿਖੇ 66 ਲੱਖ ਦੀ ਲਾਗਤ ਨਾਲ ਬਣੇ ਨਵੇਂ ਬਲਾਕ ਦਾ ਉਦਘਾਟਨ ਕੀਤਾ ਅਤੇ 4.5 ਕਰੋੜ ਰੁਪਏ ਦੀ ਲਾਗਤ ਨਾਲ ਬਣ ਰਹੇ ਨਵੇਂ ਬਲਾਕ ਦਾ ਜਾਇਜ਼ਾ ਵੀ ਲਿਆ। ਉਨ੍ਹਾਂ ਸਕੂਲ ਵੱਲੋਂ ਆਪਣੀ ਸਮਰੱਥਾ 1100 ਤੋਂ ਵਧਾ ਕੇ 3000 ਤੱਕ ਕਰਨ ਦੀ ਸ਼ਲਾਘਾ ਕਰਦਿਆਂ ਇਸ ਨੂੰ ਰੋਲ ਮਾਡਲ ਕਰਾਰ ਦਿੱਤਾ

ਇਸ ਮੌਕੇ ਸਕੂਲ ਵੱਲੋਂ ਕਰਵਾਏ ਸੰਖੇਪ ਸਮਾਗਮ ’ਚ ਉਨ੍ਹਾਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਉਹ ਸਕੂਲੀ  ਦੇ ਮਿਆਰ ਨੂੰ ਹੋਰ ਬੇਹਤਰ ਕਰਨ ਅਤੇ ਬੁਨਿਆਦੀ ਢਾਂਚੇ ’ਚ ਸੁਧਾਰ ਲਿਆਉਣ ਲਈ ਯਤਨਸ਼ੀਲ ਹਨ। ਉਨ੍ਹਾਂ ਨੇ ਪ੍ਰਿੰਸੀਪਲ ਸਰਬਜੀਤ ਸਿੰਘ ਵੱਲੋਂ ਸਕੂਲ ’ਚ ਹੋਰ ਢਾਂਚਾਗਤ ਸੁਧਾਰਾਂ ਦੀ ਰੱਖੀ ਮੰਗ ’ਤੇ ਵੀ ਹਮਦਰਦੀਪੂਰਵਕ ਵਿਚਾਰ ਕਰਨ ਦਾ ਭਰੋਸਾ ਦਿੱਤਾ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਰਾਣਾ ਕੁਲਦੀਪ ਸਿੰਘ ਜਾਡਲਾ, ਮਾਰਕੀਟ ਕਮੇਟੀ ਨਵਾਂਸ਼ਹਿਰ ਦੇ ਚੇਅਰਮੈਨ ਚਮਨ ਸਿੰਘ ਭਾਨ ਮਜਾਰਾ, ਜੋਗਿੰਦਰ ਸਿੰਘ ਬਲਾਕ ਪ੍ਰਧਾਨ, ਇੰਪਰੂਵਮੈਂਟ ਟ੍ਰੱਸਟ ਨਵਾਂਸ਼ਹਿਰ ਦੇ ਚੇਅਰਮੈਨ ਡਾ. ਕਮਲਜੀਤ ਲਾਲ, ਨਗਰ ਕੌਂਸਲ ਨਵਾਂਸ਼ਹਿਰ ਦੇ ਪ੍ਰਧਾਨ ਸਚਿਨ ਦੀਵਾਨ, ਬਲਬੀਰ ਸਿੰਘ ਜਾਡਲਾ, ਨਵਾਂਸ਼ਹਿਰ ਦੇ ਕੌਂਸਲਰਾਂ ਤੋਂ ਇਲਾਵਾ ਕਾਲਜ ਦੇ ਪ੍ਰਿੰਸੀਪਲ ਜਸਵਿੰਦਰ ਕੌਰ ਤੇ ਅਧਿਆਪਕ ਵੀ ਮੌਜੂਦ ਸਨ।

LEAVE A REPLY

Please enter your comment!
Please enter your name here