ਪੰਜਾਬ ਦੇ ਨਵ ਨਿਯੁਕਤ ਗਵਰਨਰ ਬਨਵਾਰੀ ਲਾਲ ਪ੍ਰੋਹਿਤ ਅੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਆਨੰਦਪੁਰ ਸਾਹਿਬ ਵਿਖੇ ਨਤਮਸਤਕ ਹੋਏ। ਜਿੱਥੇ ਸਭ ਤੋਂ ਪਹਿਲਾਂ ਉਨ੍ਹਾਂ ਨੇ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ ਉਸ ਤੋਂ ਬਾਅਦ ਦਸਮ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸ਼ਸਤਰਾਂ ਦੇ ਦਰਸ਼ਨ ਕੀਤੇ ਅਤੇ ਇਤਿਹਾਸ ਦੀ ਜਾਣਕਾਰੀ ਮੈਨੇਜਰ ਭਗਵੰਤ ਸਿੰਘ ਅਤੇ ਹਰਦੇਵ ਸਿੰਘ ਹੈਪੀ ਵੱਲੋਂ ਦਿੱਤੀ ਗਈ।
ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹਿਮਾਚਲ ਦੇ ਮੈਂਬਰ ਦਿਲਜੀਤ ਸਿੰਘ ਭਿੰਡਰ ਵੀ ਮੌਜੂਦ ਸਨ। ਇਸ ਮੌਕੇ ਗਵਰਨਰ ਪ੍ਰੋਹਿਤ ਨੇ ਗੁਰੂਘਰ ਵਿਖੇ ਪੰਗਤ ਦੇ ਵਿਚ ਬੈਠ ਕੇ ਲੰਗਰ ਛਕਿਆ ਜਿਸ ਤੋਂ ਬਾਅਦ ਉਹ ਵਿਰਾਸਤ ਏ ਖਾਲਸਾ ਵਿਖੇ ਵੀ ਗਏ ਅਤੇ ਮਿਊਜ਼ੀਅਮ ਦੀ ਜਾਣਕਾਰੀ ਪ੍ਰਾਪਤ ਕੀਤੀ ਜਿਸ ਤੋਂ ਬਾਅਦ ਉਨ੍ਹਾਂ ਨੇ ਭਾਖੜਾ ਡੈਮ ਅਤੇ ਨੰਗਲ ਡੈਮ ਵਿਖੇ ਵੀ ਜਾਣਾ ਹੈ।
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੀਟਿੰਗ ਹਾਲ ਵਿੱਚ ਰਾਜਪਾਲ ਬਨਵਾਰੀਲਾਲ ਪ੍ਰੋਹਿਤ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਹੈੱਡ ਗ੍ਰੰਥੀ ਗਿਆਨੀ ਪ੍ਰਣਾਮ ਸਿੰਘ ਮੀਤ ਮੈਨੇਜਰ ਹਰਦੇਵ ਸਿੰਘ ਹੈਪੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਦਿਲਜੀਤ ਸਿੰਘ ਭਿੰਡਰ ਡੀਸੀ ਰੂਪਨਗਰ ਸੋਨਾਲੀ ਗਿਰੀ ਐਸਡੀਐਮ ਸ੍ਰੀ ਆਨੰਦਪੁਰ ਸਾਹਿਬ ਕੇਸ਼ਵ ਗੋਇਲ ਐੱਸਐੱਸਪੀ ਵਿਵੇਕਸ਼ੀਲ ਸੋਨੀ ਤੋ ਇਲਾਵਾ ਹੋਰ ਉੱਚ ਅਧਿਕਾਰੀ ਹਾਜ਼ਰ ਸਨ।
ਇਸ ਮੌਕੇ ਰਾਜਪਾਲ ਪ੍ਰੋਹਿਤ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਉਨ੍ਹਾਂ ਨੂੰ ਗੁਰੂ ਗੋਬਿੰਦ ਸਿੰਘ ਜੀ ਦੇ ਇਤਿਹਾਸ ਦੀ ਜਾਣਕਾਰੀ ਵਿੱਚ ਵਾਧਾ ਹੋਇਆ ਹੈ ਅਤੇ ਦਰਸ਼ਨ ਦੀਦਾਰ ਕਰ ਕੇ ਉਹ ਆਪਣੇ ਆਪ ਨੂੰ ਖੁਸ਼ਨਸੀਬ ਸਮਝਦੇ ਹਨ। ਸ੍ਰੀ ਆਨੰਦਪੁਰ ਸਾਹਿਬ ਦੀ ਧਰਤੀ ਤੇ ਗੁਰਦੁਆਰਾ ਸਾਹਿਬ ਦੇ ਅਧਿਕਾਰੀਆਂ ਵੱਲੋਂ ਸਨਮਾਨ ਕਰਨ ਲਈ ਉਨ੍ਹਾਂ ਨੇ ਧੰਨਵਾਦ ਕੀਤਾ ਤੇ ਕਿਹਾ ਕਿ ਉਨ੍ਹਾਂ ਨੂੰ ਇਹ ਪਲ ਹਮੇਸ਼ਾ ਯਾਦ ਰਹਿਣਗੇ। ਉਨ੍ਹਾਂ ਨੇ ਕਿਹਾ ਕਿ ਗੁਰੂਆਂ ਪੀਰਾਂ ਦੀ ਧਰਤੀ ਸ੍ਰੀ ਆਨੰਦਪੁਰ ਸਾਹਿਬ ਨਤਮਸਤਕ ਹੋ ਕੇ ਮੇਰੀ ਆਤਮਾ ਨੂੰ ਸ਼ਾਂਤੀ ਅਤੇ ਖੁਸ਼ੀ ਮਿਲੀ ਹੈ।