ਪੰਜਾਬ ਦੇ ਸਕੂਲਾਂ ‘ਚ ਰੋਜ਼ਾਨਾ ਹੋਣਗੇ 10,000 RT PCR ਟੈਸਟ : ਮੁੱਖ ਸਕੱਤਰ

0
50

ਪੰਜਾਬ ‘ਚ ਕੋਵਿਡ ਮਹਾਂਮਾਰੀ ਨੂੰ ਕਾਬੂ ਹੇਠ ਰੱਖਣ ਅਤੇ ਇਸ ਦੇ ਫੈਲਾਅ ਦੀ ਰੋਕਥਾਮ ਲਈ ਸ਼੍ਰੀਮਤੀ ਵਿਨੀ ਮਹਾਜਨ ਨੇ ਅੱਜ ਸੰਬੰਧਤ ਵਿਭਾਗਾਂ ਨੂੰ ਆਰ.ਟੀ-ਪੀ.ਸੀ.ਆਰ. ਟੈਸਟਾਂ ਦੀ ਗਿਣਤੀ ਵਧਾਉਣ ਅਤੇ ਸਕੂਲਾਂ ਵਿੱਚ ਰੋਜ਼ਾਨਾ 10,000 ਆਰਟੀ-ਪੀਸੀਆਰ ਟੈਸਟ ਕਰਨ ਦੇ ਨਿਰਦੇਸ਼ ਦਿੱਤੇ।

ਇਸ ਤੋਂ ਇਲਾਵਾ ਉਨ੍ਹਾਂ ਨੇ ਡਿਪਟੀ ਕਮਿਸ਼ਨਰਾਂ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਕੋਵਿਡ ਰੋਕੂ ਟੀਕੇ ਦੀਆਂ ਦੋਵੇਂ ਖੁਰਾਕਾਂ ਲਗਵਾਉਣ ਵਾਲੇ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ਼ ਨੂੰ ਹੀ ਸਕੂਲ ਆਉਣ ਦੀ ਆਗਿਆ ਦਿੱਤੀ ਜਾਵੇ। ਇਸ ਤੋਂ ਇਲਾਵਾ ਉਨ੍ਹਾਂ ਨੇ ਨਿਰਦੇਸ਼ ਦਿੱਤੇ ਕਿ ਰੋਜ਼ਾਨਾ 40,000 ਨਮੂਨੇ ਲੈਣ ਦੇ ਟੀਚੇ ਨੂੰ ਲਾਜ਼ਮੀ ਤੌਰ `ਤੇ ਪੂਰਾ ਕੀਤਾ ਜਾਵੇ ਅਤੇ ਜੇ ਕੋਵਿਡ ਦੇ ਮਾਮਲੇ ਵਧਦੇ ਹਨ ਤਾਂ ਟੈਸਟਿੰਗ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇ।

ਸਿਹਤ, ਮੈਡੀਕਲ ਸਿੱਖਿਆ ਅਤੇ ਸਕੂਲ ਸਿੱਖਿਆ ਦੇ ਸੀਨੀਅਰ ਅਧਿਕਾਰੀਆਂ ਅਤੇ ਸਾਰੇ ਡਿਪਟੀ ਕਮਿਸ਼ਨਰਾਂ ਨਾਲ ਸੂਬੇ ਵਿੱਚ ਕੋਵਿਡ ਦੇ ਹਾਲਾਤਾਂ ਦੀ ਸਮੀਖਿਆ ਸੰਬੰਧੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਸਕੱਤਰ ਨੇ ਗੁਆਂਢੀ ਰਾਜਾਂ, ਜਿੱਥੇ ਵਾਇਰਸ ਦੇ ਮਾਮਲੇ ਫਿਰ ਤੋਂ ਵਧ ਰਹੇ ਹਨ, ਤੋਂ ਪੰਜਾਬ ਵਿੱਚ ਲੋਕਾਂ ਦੀ ਆਵਾਜਾਈ ‘ਤੇ ਚਿੰਤਾ ਜ਼ਾਹਿਰ ਕੀਤੀ ਅਤੇ ਆਗਾਮੀ ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ ਅਧਿਕਾਰੀਆਂ ਨੂੰ ਪੌਜ਼ਟਿਵ ਮਰੀਜ਼ਾਂ ਦੀ ਦਰ `ਤੇ ਨਜ਼ਰ ਰੱਖਣ ਲਈ ਕਿਹਾ। ਉਨ੍ਹਾਂ ਨੇ ਕਿਹਾ ਕਿ ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਵਧੇਰੇ ਚੌਕਸ ਰਹਿਣ ਦੀ ਲੋੜ ਹੈ।

ਇਸ ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਸਾਰੇ ਜ਼ਿਲ੍ਹਿਆਂ ਨੂੰ ਵੱਡੇ ਪੱਧਰ `ਤੇ ਟੈਸਟਿੰਗ ਅਤੇ ਸੰਪਰਕ ਟਰੇਸਿੰਗ ਦੇ ਨਿਰਦੇਸ਼ ਦਿੰਦਿਆਂ ਉਨ੍ਹਾਂ ਕਿਹਾ ਕਿ ਹੁਣ ਸਾਰੇ ਜ਼ਿਲ੍ਹਿਆਂ ਵਿੱਚ ਐਪੀਡੀਮੌਲੋਜਿਸਟ ਨਿਯੁਕਤ ਕੀਤੇ ਗਏ ਹਨ ਅਤੇ ਕੋਵਿਡ ਦੀ ਤੀਜੀ ਸੰਭਾਵੀ ਲਹਿਰ ਨੂੰ ਰੋਕਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇ।

ਕੈਮਬ੍ਰਿਜ ਯੂਨੀਵਰਸਿਟੀ ਦੀ ਭਵਿੱਖਬਾਣੀ ਦਾ ਹਵਾਲਾ ਦਿੰਦਿਆਂ ਸ਼੍ਰੀਮਤੀ ਮਹਾਜਨ ਨੇ ਕਿਹਾ ਕਿ ਲਗਾਏ ਗਏ ਅੰਦਾਜ਼ੇ ਦੇ ਮੁਤਾਬਕ ਨਵੇਂ ਕੇਸਾਂ ਦੀ ਗਿਣਤੀ ਲਗਭਗ 64 ਦਿਨਾਂ ਵਿੱਚ ਦੁੱਗਣੀ ਹੋ ਸਕਦੀ ਹੈੈ (ਇਸ ਧਾਰਨਾ ਦੇ ਅਧੀਨ ਕਿ ਵਾਧੇ ਦੀ ਦਰ ਸਥਿਰ ਰਹੇਗੀ)।

ਇਸ ਮੀਟਿੰਗ ਦੌਰਾਨ ਪ੍ਰਮੁੱਖ ਸਕੱਤਰ ਸਿਹਤ ਅਤੇ ਮੈਡੀਕਲ ਸਿੱਖਿਆ ਅਲੋਕ ਸ਼ੇਖਰ, ਸਿਹਤ ਸਲਾਹਕਾਰ ਡਾ. ਕੇ.ਕੇ. ਤਲਵਾੜ, ਬਾਬਾ ਫਰੀਦ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਰਾਜ ਬਹਾਦਰ, ਸਕੱਤਰ ਸਕੂਲ ਸਿੱਖਿਆ ਕ੍ਰਿਸ਼ਨ ਕੁਮਾਰ ਅਤੇ ਹੋਰ ਅਧਿਕਾਰੀ ਮੌਜੂਦ ਸਨ।

LEAVE A REPLY

Please enter your comment!
Please enter your name here