ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਆਪਣੇ ਪਰਿਵਾਰਕ ਮੈਂਬਰਾਂ ਨਾਲ ਗੁਰਦੁਆਰਾ ਸਾਚਾ ਧਨੁ ਮੋਹਾਲੀ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਨੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਆਰ. ਪੀ. ਸਿੰਘ, ਜਨਰਲ ਸਕੱਤਰ ਬਲਵਿੰਦਰ ਸਿੰਘ ਟੌਹੜਾ ਅਤੇ ਸੀਨੀਅਰ ਮੀਤ ਪ੍ਰਧਾਨ ਤਰਲੋਚਨ ਸਿੰਘ ਦੇ ਨਾਲ ਵੀ ਵਿਚਾਰਾਂ ਸਾਂਝੀਆਂ ਕੀਤੀਆਂ। ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਬੇਟੇ ਨਵਜੀਤ ਸਿੰਘ ਨਵੀ ਦੇ 10 ਅਕਤੂਬਰ, 2021 ਨੂੰ ਇਸ ਗੁਰਦੁਆਰਾ ਸਾਹਿਬ ਵਿਖੇ ਆਨੰਦ ਕਾਰਜ ਹੋਣੇ ਹਨ।
ਇਸ ਲਈ ਆਨੰਦ ਕਾਰਜਾਂ ਨੂੰ ਲੈ ਕੇ ਸਮੁੱਚੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨਾਲ ਗੱਲਬਾਤ ਕਰਨ ਲਈ ਮੁੱਖ ਮੰਤਰੀ ਗੁਰਦੁਆਰਾ ਸਾਹਿਬ ਪਹੁੰਚੇ। ਇਸ ਮੌਕੇ ‘ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਨਾਲ ਸੰਨੀ ਇਨਕਲੇਵ ਦੇ ਮੈਨੇਜਿੰਗ ਡਾਇਰੈਕਟਰ ਜਰਨੈਲ ਸਿੰਘ ਬਾਜਵਾ, ਜਸਵੰਤ ਸਿੰਘ ਭੁੱਲਰ, ਦਸਮੇਸ਼ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਗੁਰਦੁਆਰਾ ਸਾਚਾ ਧਨੁ ਸਾਹਿਬ ਦੇ ਅਧਿਆਪਕ ਕਮਲਦੀਪ ਕੌਰ ਵੀ ਹਾਜ਼ਰ ਸਨ।
ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਆਰ. ਪੀ. ਸਿੰਘ ਅਤੇ ਜਨਰਲ ਸਕੱਤਰ ਟੌਹੜਾ ਨੇ ਦੱਸਿਆ ਕਿ ਮੁੱਖ ਮੰਤਰੀ ਦੀ ਗੁਰਦੁਆਰਾ ਸਾਹਿਬ ਵਿਖੇ ਆਮਦ ਨੂੰ ਲੈ ਕੇ ਉਨ੍ਹਾਂ ਨੂੰ ਫੋਨ ਆਇਆ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਨੇ ਗੁਰਦੁਆਰਾ ਸਾਹਿਬ ਵਿਖੇ ਆਨੰਦ ਕਾਰਜ ਸੰਬੰਧੀ ਪ੍ਰਬੰਧਾਂ ਦਾ ਜਾਇਜ਼ਾ ਲਿਆ।