ਕਾਂਗਰਸ ਹਾਈਕਮਾਨ ਵੱਲੋਂ ਪੰਜਾਬ ਕੈਬਨਿਟ ’ਚ ਸ਼ਾਮਲ ਕੀਤੇ ਜਾਣ ਵਾਲੇ ਮੰਤਰੀਆਂ ਦੀ ਸੂਚੀ ਨੂੰ ਪ੍ਰਵਾਨਗੀ ਦੇ ਦਿੱਤੀ ਗਈ ਹੈ। ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲਾ ਨਵਾਂ ਮੰਤਰੀ ਮੰਡਲ ਅੱਜ ਸ਼ਾਮੀਂ 4.30 ਵਜੇ ਸਹੁੰ ਚੁੱਕੇਗਾ। ਇਸ ਸੰਬੰਧੀ ਹਾਈਕਮਾਨ ਵੱਲੋਂ ਅਧਿਕਾਰਤ ਸੂਚੀ ਹਾਲੇ ਜਾਰੀ ਨਹੀਂ ਕੀਤੀ ਗਈ ਹੈ ਪਰ 18 ਮੈਂਬਰੀ ਕੈਬਨਿਟ ਦੇ 15 ਮੰਤਰੀ ਅੱਜ ਹਲਫ਼ ਲੈਣਗੇ। ਮੁੱਖ ਮੰਤਰੀ ਚਰਨਜੀਤ ਚੰਨੀ ਅਤੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਤੇ ਓ.ਪੀ. ਸੋਨੀ ਹਲਫ਼ ਲੈ ਚੁੱਕੇ ਹਨ।
ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਹਾਈਕਮਾਨ ਨੇ ਨਵੀਂ ਕੈਬਨਿਟ ’ਚ ਜਿਨ੍ਹਾਂ ਨਵੇਂ ਚਿਹਰਿਆਂ ‘ਤੇ ਮੋਹਰ ਲਾਈ ਹੈ, ਉਨ੍ਹਾਂ ’ਚ ਕਾਂਗਰਸ ਦੇ ਜਨਰਲ ਸਕੱਤਰ ਤੇ ਵਿਧਾਇਕ ਪਰਗਟ ਸਿੰਘ, ਵਿਧਾਇਕ ਰਾਜ ਕੁਮਾਰ ਵੇਰਕਾ, ਪੰਜਾਬ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਸੰਗਤ ਸਿੰਘ ਗਿਲਜੀਆਂ ਤੇ ਕੁਲਜੀਤ ਸਿੰਘ ਨਾਗਰਾ, ਪਹਿਲਾਂ ਮੰਤਰੀ ਰਹਿ ਚੁੱਕੇ ਰਾਣਾ ਗੁਰਜੀਤ ਸਿੰਘ, ਗੁਰਕੀਰਤ ਸਿੰਘ ਕੋਟਲੀ ਅਤੇ ਅਮਰਿੰਦਰ ਸਿੰਘ ਉਰਫ਼ ਰਾਜਾ ਵੜਿੰਗ ਸ਼ਾਮਲ ਹਨ।
ਇਸ ਦੇ ਨਾਲ ਹੀ ਅਮਰਿੰਦਰ ਸਿੰਘ ਦੀ ਕੈਬਨਿਟ ’ਚ ਮੰਤਰੀ ਰਹੇ ਗੁਰਪ੍ਰੀਤ ਸਿੰਘ ਕਾਂਗੜ, ਬਲਬੀਰ ਸਿੰਘ ਸਿੱਧੂ, ਰਾਣਾ ਸੋਢੀ, ਸਾਧੂ ਸਿੰਘ ਧਰਮਸੋਤ ਅਤੇ ਸੁੰਦਰ ਸ਼ਾਮ ਅਰੋੜਾ ਦੀ ਛੁੱਟੀ ਕਰ ਦਿੱਤੀ ਗਈ ਹੈ।
ਕੈਪਟਨ ਅਮਰਿੰਦਰ ਸਿੰਘ ਦੀ ਕੈਬਨਿਟ ਵਿਚ ਮੰਤਰੀ ਰਹੇ ਬ੍ਰਹਮ ਮਹਿੰਦਰਾ, ਤਿ੍ਪਤ ਰਜਿੰਦਰ ਸਿੰਘ ਬਾਜਵਾ, ਮਨਪ੍ਰੀਤ ਸਿੰਘ ਬਾਦਲ, ਸੁਖਬਿੰਦਰ ਸਿੰਘ ਸਰਕਾਰੀਆ, ਅਰੁਣਾ ਚੌਧਰੀ ਤੇ ਰਜ਼ੀਆ ਸੁਲਤਾਨਾ, ਭਾਰਤ ਭੂਸ਼ਨ ਆਸ਼ੂ ਅਤੇ ਵਿਜੈ ਇੰਦਰ ਸਿੰਗਲਾ ਨਵੀਂ ਕੈਬਨਿਟ ’ਚ ਵੀ ਬਣੇ ਰਹਿਣਗੇ। ਪਹਿਲਾਂ ਵਾਲੇ 11 ਮੰਤਰੀ ਨਵੇਂ ਮੰਤਰੀ ਮੰਡਲ ’ਚ ਵੀ ਸ਼ਾਮਲ ਹਨ। ਇਹ ਨਵੀਂ ਵਜ਼ਾਰਤ ਅੱਜ ਐਤਵਾਰ 4.30 ਵਜੇ ਰਾਜ ਭਵਨ ’ਚ ਸਹੁੰ ਚੁੱਕੇਗੀ।