ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਜਲੰਧਰ ‘ਚ ਸ੍ਰੀ ਦੇਵੀ ਤਾਲਾਬ ਮੰਦਰ ਵਿਖੇ ਲੰਗਰ ‘ਤੇ ਜੀਐਸਟੀ ਮੁਆਫ਼ ਕਰਨ ਦਾ ਐਲਾਨ ਕੀਤਾ ਹੈ। ਉਨ੍ਹਾਂ ਨੇ ਸ਼ਕਤੀਪੀਠ ਸ੍ਰੀ ਦੇਵੀ ਤਾਲਾਬ ਮੰਦਰ ਵਿਖੇ ਮੱਥਾ ਟੇਕਿਆ ਤੇ ਮਾਂ ਦੁਰਗਾ ਤੋਂ ਪੰਜਾਬ ਦੀ ਸੇਵਾ ਹੋਰ ਲਗਨ ਨਾਲ ਕਰਨ ਲਈ ਅਸ਼ੀਰਵਾਦ ਲਿਆ। ਉਹ ਸਵੇਰੇ ਸ਼੍ਰੀ ਦੇਵੀ ਤਾਲਾਬ ਮੰਦਿਰ ਕੰਪਲੈਕਸ ਵਿਖੇ ਅਰਦਾਸ ਕਰਨ ਲਈ ਪੁੱਜੇ ਤੇ ਪ੍ਰਮਾਤਮਾ ਤੋਂ ਅਸ਼ੀਰਵਾਦ ਮੰਗਿਆ ਕਿ ਉਹ ਸੂਬੇ ਦੇ ਲੋਕਾਂ ਦੀ ਪੂਰੀ ਨਿਮਰਤਾ ਅਤੇ ਸਮਰਪਣ ਭਾਵਨਾ ਨਾਲ ਸੇਵਾ ਕਰਨ ਲਈ ਉਨ੍ਹਾਂ ਨੂੰ ਬਲ ਬਖਸ਼ਣ।
ਉਨ੍ਹਾਂ ਨੇ ਕਿਹਾ ਕਿ ਸਮਾਜ ਵਿੱਚ ਪਿਆਰ, ਭਾਈਚਾਰਕ ਸਾਂਝ ਅਤੇ ਸਦਭਾਵਨਾ ਦੀਆਂ ਭਾਵਨਾਵਾਂ ਨੂੰ ਹਰ ਕੀਮਤ ‘ਤੇ ਕਾਇਮ ਰੱਖਿਆ ਜਾਵੇਗਾ ਤੇ ਇਹ ਹਮੇਸ਼ਾ ਉਨ੍ਹਾਂ ਦੀ ਪਹਿਲੀ ਤਰਜੀਹ ਰਹੇਗੀ। ਉਨ੍ਹਾਂ ਨੇ ਮਾਤਾ ਰਾਣੀ ਦਾ ਧੰਨਵਾਦ ਕੀਤਾ ਕਿ ਉਨ੍ਹਾਂ ਨੂੰ ਪੰਜਾਬ ਦੇ ਲੋਕਾਂ ਦੀ ਇਮਾਨਦਾਰੀ, ਲਗਨ ਤੇ ਉਨ੍ਹਾਂ ਦੀਆਂ ਇੱਛਾਵਾਂ ਨੂੰ ਪੂਰਾ ਕਰਨ ਲਈ ਵਚਨਬੱਧਤਾ ਨਾਲ ਸੇਵਾ ਕਰਨ ਦੀ ਜ਼ਿੰਮੇਵਾਰੀ ਸੌਂਪੀ ਗਈ।
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਉਹ ਸੂਬੇ ਦੀ ਸ਼ਾਂਤੀ ਅਤੇ ਵਿਕਾਸ ਦੀ ਅਰਦਾਸ ਕਰਨ ਲਈ ਇਸ ਅਸਥਾਨ ‘ਤੇ ਆਏ ਹਨ। ਜਿਸ ਲਈ ਉਨ੍ਹਾਂ ਦੀ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਪ੍ਰਮਾਤਮਾ ਦੀ ਕਿਰਪਾ ਨਾਲ ਉਹ ਲੋਕਾਂ ਦੀਆਂ ਉਮੀਦਾਂ ‘ਤੇ ਖਰਾ ਉਤਰਨ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੇ ਹਨ ਅਤੇ ਸਰਕਾਰ ਵੱਲੋਂ ਲੋਕ ਪੱਖੀ ਤੇ ਵਿਕਾਸ ਪੱਖੀ ਨੀਤੀਆਂ ਨੂੰ ਲਾਗੂ ਕਰਨ ਨੂੰ ਪ੍ਰਮੁੱਖ ਤਰਜੀਹ ਦਿੱਤੀ ਜਾ ਰਹੀ ਹੈ।