
ਚੰਡੀਗੜ੍ਹ: ਦਿੱਲੀ ‘ਚ ਲੰਬੇ ਸਮੇਂ ਤੋਂ ਕਿਸਾਨਾਂ ਵੱਲੋਂ ਧਰਨਾ ਲਗਾਇਆ ਹੋਇਆ ਹੈ। ਉਹ ਕਾਲੇ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਨ ਤੇ ਇਸ ਧਰਨੇ ‘ਚ ਬਹੁਤ ਸਾਰੇ ਕਿਸਾਨਾਂ ਦੀ ਜਾਨ ਵੀ ਚਲੀ ਗਈ ਹੈ। ਇਸ ਸੰਬੰਧ ‘ਚ ਪੰਜਾਬ ਸਰਕਾਰ ਵੱਲੋਂ ਐਲਾਨ ਕੀਤਾ ਗਿਆ ਹੈ ਕਿ ਕਿਸਾਨ ਅੰਦੋਲਨ ‘ਚ ਜਾਨ ਗਵਾਉਣ ਵਾਲੇ 220 ਕਿਸਾਨਾਂ ਦੇ ਪਰਿਵਾਰਾਂ ਨੂੰ ਸਰਕਾਰੀ ਨੌਕਰੀ ਮਿਲੇਗੀ। ਪੰਜਾਬ ਸਰਕਾਰ ਕਿਸਾਨ ਅੰਦੋਲਨ ਦੌਰਾਨ ਜਾਨ ਗਵਾਉਣ ਵਾਲੇ 220 ਕਿਸਾਨਾਂ ਦੇ ਪਰਿਵਾਰਾਂ ਨੂੰ ਨੌਕਰੀ ਦੇਵੇਗੀ। ਇਸ ਦੀ ਜਾਣਕਾਰੀ ਕਾਂਗਰਸ ਦੇ ਬੁਲਾਰੇ ਰਾਜਕੁਮਾਰ ਵੇਰਕਾ ਨੇ ਪ੍ਰੈੱਸ ਕਾਨਫਰੰਸ ‘ਚ ਦਿੱਤੀ।
ਰਾਜਕੁਮਾਰ ਵੇਰਕਾ ਨੇ ਦੱਸਿਆ ਕਿ ਕਿਸਾਨ ਅੰਦੋਲਨ ਦੌਰਾਨ ਦਿੱਲੀ ਤੇ ਹਰਿਆਣਾ ‘ਚ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ ਸਰਕਾਰੀ ਨੌਕਰੀ ਦੇਣ ਲਈ ਸੂਚੀ ਤਿਆਰ ਕੀਤੀ ਜਾ ਰਹੀ ਹੈ। ਇਸ ਲਈ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਅਜਿਹੇ ਪਰਿਵਾਰਾਂ ਦੀ ਪਛਾਣ ਕਰਕੇ ਨੌਕਰੀ ਦੀ ਸੂਚੀ ਬਣਾਉਣ ਲਈ ਕਿਹਾ ਗਿਆ ਹੈ।
ਇਸ ਅੰਦੋਲਨ ਦੌਰਾਨ ਪੰਜਾਬ ਦੇ ਕਿਸਾਨਾਂ ਦੀ ਮੌਤ ਬੇਸ਼ੱਕ ਹਰਿਆਣਾ ਤੇ ਦਿੱਲੀ ਦੀਆਂ ਸਰਹੱਦਾਂ ਦੇ ਨੇੜੇ ਹੋਈ ਪਰ ਦਿੱਲੀ ਤੇ ਹਰਿਆਣਾ ਸਰਕਾਰਾਂ ਨੇ ਮ੍ਰਿਤਕ ਕਿਸਾਨਾਂ ਦੇ ਪਰਿਵਾਰਾਂ ਨੂੰ ਕਿਸੇ ਤਰ੍ਹਾਂ ਦੀ ਮਦਦ ਨਹੀਂ ਦਿੱਤੀ। ਇਸ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ ਇਨ੍ਹਾਂ ਦੋਵਾਂ ਸਰਕਾਰਾਂ ਵੱਲੋਂ ਕੋਈ ਮੁਆਵਜ਼ਾ ਨਹੀਂ ਦਿੱਤਾ ਗਿਆ ਪਰ ਹੁਣ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਉਨ੍ਹਾਂ ਦੀ ਮਦਦ ਲਈ ਅੱਗੇ ਆਏ ਹਨ।