
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਸਿਹਤ ਮੰਤਰੀ ਨੂੰ ਮੁੜ ਅਪੀਲ ਕੀਤੀ ਹੈ ਕਿ ਉਹ ਪੰਜਾਬ ਲਈ ਕੋਵਿਡ ਵੈਕਸੀਨ ਦੀ ਸਪਲਾਈ ਨੂੰ ਤੇਜ਼ ਕਰਨ। ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਅਤੇ ਸਿਹਤ ਮੰਤਰੀ ਨੂੰ ਕਿਹਾ ਕਿ ਕੋਵਿਡ ਦੀ ਤੀਜੀ ਲਹਿਰ ਤੋਂ ਪੰਜਾਬ ਨੂੰ ਸੁਰੱਖਿਅਤ ਰੱਖਣ ਲਈ ਜ਼ਰੂਰੀ ਹੈ ਕਿ ਸੂਬੇ ’ਚ ਟੀਕਾਕਰਣ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾਵੇ।
ਉਨ੍ਹਾਂ ਨੇ ਇਹ ਵੀ ਕਿਹਾ ਕਿ ਸੂਬੇ ’ਚ ਭਾਵੇਂ 83 ਲੱਖ ਲੋਕਾਂ ਨੂੰ ਕੋਵਿਡ ਦਾ ਟੀਕਾ ਲੱਗ ਚੁੱਕਿਆ ਹੈ ਪਰ ਫਿਰ ਵੀ ਪੰਜਾਬ ’ਚ ਰੋਜ਼ਾਨਾ 6 ਲੱਖ ਲੋਕਾਂ ਨੂੰ ਟੀਕਾ ਲੱਗਣਾ ਚਾਹੀਦਾ ਹੈ। ਕੋਵਿਡ ਦੀ ਪਹਿਲੀ ਅਤੇ ਦੂਜੀ ਲਹਿਰ ਨੇ ਸੂਬੇ ਦੀ ਅਰਥਵਿਵਸਥਾ ਨੂੰ ਭਾਰੀ ਨੁਕਸਾਨ ਪਹੁੰਚਾਇਆ ਹੈ। ਉਨ੍ਹਾਂ ਨੇ ਕਿਹਾ ਕਿ ਇਹ ਗੱਲ ਸਹੀ ਨਹੀਂ ਹੈ ਕਿ ਪੰਜਾਬ ’ਚ ਕੋਵਿਸ਼ੀਲਡ ਅਤੇ ਹੋਰ ਕੰਪਨੀਆਂ ਦੀ ਵੈਕਸੀਨ ਨਾ ਹੋਣ ਕਾਰਨ ਲੋਕਾਂ ਨੂੰ ਕਈ-ਕਈ ਦਿਨ ਟੀਕਾ ਨਾ ਲੱਗੇ।
ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਕੇਂਦਰ ਜੇਕਰ ਪੰਜਾਬ ਨਾਲ ਸਹਿਯੋਗ ਕਰੇ ਤਾਂ ਸੰਭਵ ਹੈ ਤੀਜੀ ਲਹਿਰ ਨਾਲ ਸੂਬੇ ’ਚ ਘੱਟ ਤੋਂ ਘੱਟ ਨੁਕਸਾਨ ਹੋਵੇਗਾ। ਕੋਰੋਨਾ ਮਹਾਂਮਾਰੀ ਤੋਂ ਬਚਣ ਲਈ ਜ਼ਰੂਰੀ ਹੈ ਕਿ ਸਾਰੇ ਲੋਕਾਂ ਨੂੰ ਟੀਕਾ ਲਗਾਇਆ ਜਾਵੇ। ਮੁੱਖ ਮੰਤਰੀ ਨੇ ਕਿਹਾ ਕਿ ਦਿੱਲੀ ’ਚ ਆਪਣੀਆਂ ਮੰਗਾਂ ਨੂੰ ਲੈ ਕੇ ਧਰਨੇ ’ਤੇ ਬੈਠੇ ਕਿਸਾਨਾਂ ਲਈ ਵੀ ਪੰਜਾਬ ਸਰਕਾਰ ਨੇ ਆਪਣੇ ਵੱਲੋਂ ਕੋਵਿਡ ਵੈਕਸੀਨ ਪਹਿਲਾਂ ਹੀ ਭੇਜ ਦਿੱਤੀ ਸੀ। ਇਸ ਨਾਲ ਕਿਸਾਨਾਂ ਦਾ ਬਚਾਅ ਕੀਤਾ ਜਾ ਸਕੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਜ਼ਰੂਰੀ ਹੋ ਗਿਆ ਹੈ ਕਿ ਲੋਕਾਂ ਨੂੰ ਅਜੇ ਕੋਵਿਡ ਸੰਬੰਧੀ ਪ੍ਰੋਟੋਕਾਲ ਦੀ ਪੂਰੀ ਤਰ੍ਹਾਂ ਪਾਲਣਾ ਕਰਨੀ ਹੋਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਭਾਵੇਂ ਸੂਬੇ ਨੂੰ ਅਨਲਾਕ ਕਰ ਦਿੱਤਾ ਹੈ ਪਰ ਫਿਰ ਵੀ ਕੋਵਿਡ ਦਾ ਖ਼ਤਰਾ ਅਜੇ ਟਲਿਆ ਨਹੀਂ ਹੈ। ਲੋਕਾਂ ਨੂੰ ਮਾਸਕ ਪਹਿਨ ਕੇ ਰੱਖਣਾ ਹੋਵੇਗਾ ਅਤੇ ਸਮਾਜਕ ਦੂਰੀ ਬਣਾ ਕੇ ਰੱਖਣੀ ਹੋਵੇਗੀ। ਅਜਿਹਾ ਕਰਨ ਨਾਲ ਹੀ ਇਸ ਭਿਆਨਕ ਮਹਾਂਮਾਰੀ ਤੋਂ ਬਚਿਆ ਜਾ ਸਕੇਗਾ।