ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੀ. ਐੱਸ. ਪੀ. ਸੀ.ਐੱਲ ਨੂੰ ਉਨ੍ਹਾਂ ਨਿੱਜੀ ਕੰਪਨੀਆਂ ਨਾਲ ਕੀਤੇ ਇਕਤਰਫਾ ਸਾਰੇ ਬਿਜਲੀ ਖਰੀਦ ਸਮਝੌਤੇ (ਪੀ. ਪੀ. ਏਜ਼) ਰੱਦ ਕਰਨ ਲਈ ਆਖਿਆ ਹੈ, ਜਿਹੜੀਆਂ ਕੰਪਨੀਆਂ ਝੋਨੇ ਦੀ ਬਿਜਾਈ ਅਤੇ ਗਰਮੀ ਦੇ ਸੀਜ਼ਨ ਵਿੱਚ ਬਿਜਲੀ ਦੀ ਸਿਖਰਲੀ ਮੰਗ ਨੂੰ ਪੂਰਾ ਕਰਨ ਲਈ ਤਸੱਲੀਬਖ਼ਸ਼ ਸਪਲਾਈ ਦੇਣ ਲਈ ਕੀਤੇ ਗਏ ਸਮਝੌਤਿਆਂ ਨੂੰ ਪੂਰਾ ਨਹੀਂ ਕਰ ਸਕੀਆਂ।
ਇਸ ‘ਚ ਤਲਵੰਡੀ ਸਾਬੋ ਪਾਵਰ ਲਿਮਟਿਡ ਦਾ ਨਾਂ ਵੀ ਸ਼ਾਮਿਲ ਹੈ। ਮਾਨਸਾ ਜੋ ਸੂਬੇ ਦੇ ਸਭ ਤੋਂ ਵੱਡੇ ਨਿੱਜੀ ਥਰਮਲ ਪਲਾਂਟਾਂ ਵਿੱਚੋਂ ਇੱਕ ਹੈ, ਦੀ ਝੋਨੇ ਦੇ ਮੌਜੂਦਾ ਸੀਜ਼ਨ ਦੌਰਾਨ ਵੱਡੀ ਅਸਫ਼ਲਤਾ ਦਾ ਗੰਭੀਰ ਨੋਟਿਸ ਲੈਂਦਿਆਂ ਮੁੱਖ ਮੰਤਰੀ ਨੇ ਪੀ. ਐੱਸ. ਪੀ. ਸੀ. ਐੱਲ. ਨੂੰ ਇਸ ਦੇ ਪੀ. ਪੀ. ਏ. ਰੱਦ ਕਰਨ ਦੇ ਨਿਰਦੇਸ਼ ਦਿੱਤੇ ਹਨ ਕਿਉਂ ਜੋ ਇਹ ਸਮਝੌਤਾ ਬਹੁਤਾ ਕੰਪਨੀ ਦੇ ਹੱਕ ਵਿੱਚ ਜਾਂਦਾ ਹੈ।
ਉਨ੍ਹਾਂ ਨੇ ਪੀ. ਐੱਸ. ਪੀ. ਸੀ. ਐੱਲ. ਨੂੰ ਇਹ ਵੀ ਆਖਿਆ ਕਿ ਪਿਛਲੀ ਅਕਾਲੀ-ਭਾਜਪਾ ਸਰਕਾਰ ਵੱਲੋਂ ਵੱਖ-ਵੱਖ ਆਜ਼ਾਦਾਨਾ ਬਿਜਲੀ ਨਿਰਮਾਤਾਵਾਂ (ਆਈ. ਪੀ. ਪੀਜ਼) ਜੋ ਮੁੱਢਲੇ ਤੌਰ ’ਤੇ ਸੂਬੇ ਦੀ ਮੰਗ ਨੂੰ ਪੂਰਾ ਕਰਨ ਲਈ ਸਥਾਪਿਤ ਕੀਤੇ ਗਏ ਸਨ, ਨਾਲ ਸਹੀਬੱਧ ਕੀਤੇ ਸਾਰੇ ਬਿਜਲੀ ਖਰੀਦ ਸਮਝੌਤਿਆਂ ਦਾ ਨਿਰੀਖਣ ਕੀਤਾ ਜਾਵੇ।
ਉਨਾਂ ਨੇ ਪੀ. ਐੱਸ. ਪੀ. ਸੀ. ਐੱਲ. ਨੂੰ ਨਿਰਦੇਸ਼ ਦਿੱਤੇ ਕਿ ਸਾਰੇ ਇਕ ਪਾਸੜ ਪੀ.ਪੀ.ਏਜ਼ ਰੱਦ ਕਰਨ/ਮੁੜ ਘੋਖੇ ਜਾਣ, ਜਿਨ੍ਹਾਂ ਦਾ ਪੰਜਾਬ ਨੂੰ ਕੋਈ ਫ਼ਾਇਦਾ ਨਹੀਂ। ਮੁੱਖ ਮੰਤਰੀ ਨੇ ਕਿਹਾ ਕਿ ਪੀ. ਐੱਸ. ਪੀ. ਸੀ. ਐੱਲ. ਨੇ ਸਾਲ 2007 ਤੋਂ ਬਾਅਦ ਥਰਮਲ/ਹਾਈਡਰੋ ਨਾਲ 12 ਬਿਜਲੀ ਖਰੀਦ ਸਮਝੌਤੇ ਅਤੇ ਸੋਲਰ/ਬਾਇਓਮਾਸ ਨਾਲ ਲੰਬੇ ਸਮੇਂ ਦੇ 122 ਸਮਝੌਤੇ ਕੀਤੇ ਸਨ ਤਾਂ ਜੋ ਸੂਬੇ ਦੀ ਬਿਜਲੀ ਪੈਦਾਵਾਰ ਸਮਰੱਥਾ ਨੂੰ ਲੱਗਭਗ 13800 ਮੈਗਾਵਾਟ ਕਰਕੇ ਪੰਜਾਬ ਨੂੰ ਵਾਧੂ ਬਿਜਲੀ ਵਾਲਾ ਸੂਬਾ ਬਣਾਇਆ ਜਾਵੇ।
ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਕਿਹਾ ਕਿ ਝੋਨੇ ਦੇ ਸੀਜ਼ਨ ਦੌਰਾਨ ਤਲਵੰਡੀ ਸਾਬੋ ਥਰਮਲ ਪਲਾਂਟ ਦੇ ਸਾਰੇ ਤਿੰਨੇ ਯੂਨਿਟ ਬਿਜਲੀ ਦੀ ਮੰਗ ਦੇ ਸਿਖਰ ਦੌਰਾਨ ਕੁੱਝ ਦਿਨਾਂ ਲਈ ਬਿਜਲੀ ਪੈਦਾ ਕਰਨ ਵਿੱਚ ਨਾਕਾਮ ਰਹੇ। ਉਨ੍ਹਾਂ ਕਿਹਾ ਕਿ ਤਲਵੰਡੀ ਸਾਬੋ ਪਾਵਰ ਲਿਮਟਿਡ ਦੀ ਇਕ ਯੂਨਿਟ ਮਾਰਚ 2021 ਤੋਂ ਨਹੀਂ ਚੱਲ ਸਕਿਆ ਅਤੇ ਦੋ ਯੂਨਿਟ ਪਿਛਲੇ ਇਕ ਮਹੀਨੇ ਤੋਂ ਬਿਜਲੀ ਪੈਦਾ ਕਰਨ ਤੋਂ ਅਸਮਰੱਥ ਰਹੇ ਹਨ।