ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਲਈ ਦਲਿਤ ਸ਼ਬਦ ਦੀ ਵਰਤੋਂ ਦਾ ਨੋਟਿਸ ਲੈਂਦਿਆਂ, ਪੰਜਾਬ ਦੇ ਅਨੁਸੂਚਿਤ ਜਾਤੀ ਕਮਿਸ਼ਨ ਨੇ ਮੰਗਲਵਾਰ ਨੂੰ ਅਨੁਸੂਚਿਤ ਜਾਤੀ ਭਾਈਚਾਰੇ ਦੇ ਮੈਂਬਰਾਂ ਲਈ ਇਸ ਸ਼ਬਦ ਦੀ ਵਰਤੋਂ ਨਾ ਕਰਨ ਦੇ ਨਿਰਦੇਸ਼ ਦਿੱਤੇ। ਕਮਿਸ਼ਨ ਨੇ ਕਿਹਾ ਕਿ ਇੰਟਰਨੈਟ ਮੀਡੀਆ, ਪ੍ਰਿੰਟ ਅਤੇ ਇਲੈਕਟ੍ਰੌਨਿਕ ਮੀਡੀਆ ਵਿੱਚ ਅਨੁਸੂਚਿਤ ਜਾਤੀ ਨਾਲ ਸੰਬੰਧਤ ਕਿਸੇ ਵੀ ਵਿਅਕਤੀ ਦੀ ਪਛਾਣ ਦਿਖਾਉਣ ਲਈ ‘ਦਲਿਤ’ ਸ਼ਬਦ ਦੀ ਵਰਤੋਂ ਨਹੀਂ ਕੀਤੀ ਜਾਣੀ ਚਾਹੀਦੀ।
ਕਮਿਸ਼ਨ ਦੀ ਚੇਅਰਪਰਸਨ ਤੇਜਿੰਦਰ ਕੌਰ ਨੇ ਕਿਹਾ ਕਿ ਸੰਵਿਧਾਨ ਜਾਂ ਕਿਸੇ ਕਾਨੂੰਨ ਵਿੱਚ ਦਲਿਤ ਦਾ ਜ਼ਿਕਰ ਨਹੀਂ ਹੈ। ਤੇਜਿੰਦਰ ਕੌਰ ਨੇ ਇੱਕ ਬਿਆਨ ਵਿੱਚ ਕਿਹਾ ਕਿ ਇਸ ਤੋਂ ਇਲਾਵਾ, ਭਾਰਤ ਦੇ ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰਾਲੇ ਨੇ ਸਾਰੇ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਮੁੱਖ ਸਕੱਤਰਾਂ ਨੂੰ ਪਹਿਲਾਂ ਹੀ ਨਿਰਦੇਸ਼ ਦੇ ਦਿੱਤੇ ਹਨ।
ਉਸਨੇ ਮੱਧ ਪ੍ਰਦੇਸ਼ ਹਾਈ ਕੋਰਟ ਦੇ 2018 ਦੇ ਆਦੇਸ਼ ਦਾ ਵੀ ਜ਼ਿਕਰ ਕੀਤਾ ਜਿਸ ਵਿੱਚ ਕੇਂਦਰ ਅਤੇ ਰਾਜ ਸਰਕਾਰਾਂ ਅਤੇ ਉਨ੍ਹਾਂ ਦੇ ਅਧਿਕਾਰੀਆਂ ਨੂੰ ਅਨੁਸੂਚਿਤ ਜਾਤੀ ਅਤੇ ਅਨੁਸੂਚਿਤ ਜਨਜਾਤੀ ਭਾਈਚਾਰੇ ਦੇ ਮੈਂਬਰਾਂ ਲਈ ਦਲਿਤ ਸ਼ਬਦ ਦੀ ਵਰਤੋਂ ਕਰਨ ਤੋਂ ਪਰਹੇਜ਼ ਕਰਨ ਦੇ ਨਿਰਦੇਸ਼ ਦਿੱਤੇ ਗਏ ਸਨ।
ਉਨ੍ਹਾਂ ਨੇ ਕਿਹਾ ਕਿ ਹਾਈਕੋਰਟ ਨੇ ਸ਼ਬਦ ਦੀ ਵਰਤੋਂ ‘ਤੇ ਪਾਬੰਦੀ ਦੀ ਮੰਗ ਕੀਤੀ ਸੀ ਕਿਉਂਕਿ ਇਹ ਸੰਵਿਧਾਨ ਜਾਂ ਕਿਸੇ ਵੀ ਕਾਨੂੰਨ ਵਿੱਚ ਕਿਤੇ ਨਹੀਂ ਹੈ। ਤੇਜਿੰਦਰ ਕੌਰ ਨੇ ਕਿਹਾ ਕਿ ਹਾਈਕੋਰਟ ਦੇ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ, ਕੇਂਦਰੀ ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰਾਲੇ ਨੇ ਸਾਰੇ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਵੀ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਵਿਅਕਤੀਆਂ ਲਈ ਦਲਿਤ ਦੀ ਬਜਾਏ ਅਨੁਸੂਚਿਤ ਜਾਤੀ ਸ਼ਬਦ ਦੀ ਵਰਤੋਂ ਕਰਨ ਦੇ ਨਿਰਦੇਸ਼ ਦਿੱਤੇ ਹਨ। ਚੰਨੀ ਨੇ ਸੋਮਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ।