ਪੰਜਾਬ ਦੇ ਮੁੱਖ ਮੰਤਰੀ ਨੇ ਅੱਜ 32 ਕਿਸਾਨ ਜਥੇਬੰਦੀਆਂ ਨਾਲ ਮੁਲਾਕਾਤ ਕੀਤੀ। ਪੰਜਾਬ ਸਰਕਾਰ ਨੇ ਕਿਸਾਨਾਂ ਦੀਆਂ 17 ਮੰਗਾਂ ਮਨਜ਼ੂਰ ਕੀਤੀਆਂ ਹਨ। ਗੁਲਾਬੀ ਸੁੰਡੀ ਕਾਰਨ ਨੁਕਸਾਨੀ ਗਈ ਫਸਲ ਦਾ ਮੁਆਵਜ਼ਾ ਵਧਾ ਦਿੱਤਾ ਗਿਆ ਹੈ। 40 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ੇ ਦੀ ਮੰਗ ਕੀਤੀ ਗਈ ਸੀ ਪਰ ਸਰਕਾਰ 17 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਵੇਗੀ। ਨਰਮਾ ਚੁਗਨ ਵਾਲੇ ਮਜ਼ਦੂਰ ਨੂੰ 10 ਫੀਸਦੀ ਮੁਆਵਜ਼ਾ ਵੀ ਦਿੱਤਾ ਜਾਵੇਗਾ। ਕਰਜ਼ਾ ਮੁਆਫੀ ਦੇ ਮੁੱਦੇ ‘ਤੇ ਇਕ ਵਾਰ ਫਿਰ ਕਿਸਾਨਾਂ ਨਾਲ ਮੀਟਿੰਗ ਹੋਵੇਗੀ। ਕਿਸਾਨ ਅੰਦੋਲਨ ਦੌਰਾਨ ਕਿਸਾਨਾਂ ‘ਤੇ ਦਰਜ ਹੋਏ ਪਰਚੇ ਰੱਦ ਕਰ ਦਿੱਤੇ ਗਏ।
ਇਸ ਦੇ ਨਾਲ ਹੀ ਪਰਾਲੀ ਜਲਾਉਣ ਨੂੰ ਲੈ ਕੇ ਦਰਜ ਹੋਏ ਪਰਚੇ ਵੀ ਰੱਦ ਹੋਣਗੇ। ਇਸ ਤੋਂ ਇਲਾਵਾ ਅਗਲੇ 3-4 ਦਿਨਾਂ ‘ਚ ਫਸਲ ਦੀ ਮੁਕੰਮਲ ਖਰੀਦ ਕੀਤੀ ਜਾਵੇਗੀ। ਸੂਬੇ ਅੰਦਰ ਡੀ. ਏ. ਪੀ. ਖ਼ਾਦ ਦੇ ਸੰਕਟ ਨੂੰ ਦੂਰ ਕੀਤਾ ਜਾਵੇਗਾ। ਕਿਸਾਨਾਂ ਨੂੰ ਨਕਲੀ ਬੀਜ ਵੇਚਣ ਵਾਲੀਆਂ ਕੰਪਨੀਆਂ ਖ਼ਿਲਾਫ਼ ਵੀ ਮੁੱਖ ਮੰਤਰੀ ਵੱਲੋਂ ਕਾਰਵਾਈ ਕੀਤੇ ਜਾਣ ਦੀ ਗੱਲ ਕਹੀ ਗਈ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਜਿਨ੍ਹਾਂ ਕਿਸਾਨਾਂ ਨੇ ਏਪੀਸੀ ਤਹਿਤ ਕੁਨੈਕਸ਼ਨ ਲਏ ਸੀ, ਉਨ੍ਹਾਂ ਨੂੰ ਸਰਕਾਰ ਮੁਫਤ ਬਿਜਲੀ ਦੇਵੇਗੀ। ਕਿਸਾਨਾਂ ਅਤੇ ਖੇਤ ਮਜ਼ਦੂਰਾਂ ਲਈ ਇਕ ਪੈਨਸ਼ਨ ਸਕੀਮ ਬਣਾਈ ਜਾਵੇਗੀ। ਇਸ ਦੇ ਨਾਲ ਹੀ 23 ਨਵੰਬਰ ਨੂੰ ਕਿਸਾਨਾਂ ਦੀ ਮੁੜ ਤੋਂ ਮੁੱਖ ਮੰਤਰੀ ਚੰਨੀ ਨਾਲ ਮੁਲਾਕਾਤ ਹੋਵੇਗੀ।