ਸਿੱਖਿਆ ਵਿਭਾਗ ਨੇ 4,738 ਸਰਕਾਰੀ ਸਕੂਲਾਂ ਵਿੱਚ ਲੈਂਗੁਏਜ਼ ਲਿਸਨਿੰਗ ਲੈਬਜ਼ ਸਥਾਪਤ ਕਰਨ ਲਈ 4.74 ਕਰੋੜ ਰੁਪਏ ਦੀ ਰਾਸ਼ੀ ਕੀਤੀ ਜਾਰੀ: ਸਕੂਲ ਸਿੱਖਿਆ ਮੰਤਰੀ

ਚੰਡੀਗੜ੍ਹ : ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਮਿਆਰੀ ਸਿੱਖਿਆ ਨੂੰ ਹੋਰ ਉੱਚਾ ਚੁੱਕਣ ਦੇ ਮੰਤਵ ਨਾਲ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ 4,738 ਸਮਾਰਟ ਸਕੂਲਾਂ ਵਿੱਚ ਲੈਂਗੁਏਜ਼ ਲਿਸਨਿੰਗ ਲੈਬਜ਼ ਸਥਾਪਤ ਕਰਨ ਦਾ ਫੈਸਲਾ ਲਿਆ ਗਿਆ ਹੈ। ਸ੍ਰੀ ਸਿੰਗਲਾ ਨੇ ਦੱਸਿਆ ਕਿ ਸਿੱਖਿਆ ਵਿਭਾਗ ਵੱਲੋਂ 2,200 ਪ੍ਰਾਇਮਰੀ ਅਤੇ 2538 ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਲੈਂਗੁਏਜ਼ ਲਿਸਨਿੰਗ ਲੈਬਜ਼ ਦੀ ਸਥਾਪਨਾ ਲਈ 4.74 ਕਰੋੜ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਗਈ ਹੈ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਹਾਲ ਹੀ ਵਿੱਚ ਕੇਂਦਰ ਸਰਕਾਰ ਵੱਲੋਂ ਜਾਰੀ ਕੀਤੇ ਕਾਰਗੁਜ਼ਾਰੀ ਗ੍ਰੇਡਿੰਗ ਇੰਡੈਕਸ (ਪੀਜੀਆਈ) ਅਨੁਸਾਰ, ਸਕੂਲ ਸਿੱਖਿਆ ਦੇ ਖੇਤਰ ਵਿੱਚ ਪੰਜਾਬ ਮੋਹਰੀ ਸੂਬਾ ਬਣ ਕੇ ਉਭਰਿਆ ਹੈ ਅਤੇ ਉਨ੍ਹਾਂ ਦੀ ਸਰਕਾਰ ਆਉਣ ਵਾਲੇ ਸਾਲਾਂ ਵਿੱਚ ਇਸ ਸਥਾਨ ਨੂੰ ਬਰਕਰਾਰ ਰੱਖਣ ਲਈ ਲਗਾਤਾਰ ਯਤਨ ਕਰ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਮਿਆਰੀ ਸਿੱਖਿਆ ਬੱਚਿਆਂ ਦਾ ਅਧਿਕਾਰ ਹੈ ਅਤੇ ਇਸ ਲਈ ਕਾਂਗਰਸ ਸਰਕਾਰ ਵੱਲੋਂ ਸਕੂਲਾਂ ਵਿੱਚ ਢੁੱਕਵਾਂ ਮਾਹੌਲ ਸਿਰਜਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ, ਜਿਨ੍ਹਾਂ ਸਦਕਾ ਅਧਿਆਪਕ ਅਤੇ ਵਿਦਿਆਰਥੀ ਸਿੱਖਿਆ ਅਤੇ ਸਿੱਖਣ ਦੀ ਬਿਹਤਰ ਪ੍ਰਕਿਰਿਆ ਵਿੱਚ ਸ਼ਾਮਲ ਹੋ ਰਹੇ ਹਨ।

ਲੈਂਗੁਏਜ਼ ਲਿਸਨਿੰਗ ਲੈਬਜ਼ ਦੀਆਂ ਸਹੂਲਤਾਂ ਸਬੰਧੀ ਵੇਰਵੇ ਦਿੰਦਿਆਂ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਇਹ ਲੈਬਜ਼ ਦੇ ਸੁਚਾਰੂ ਕੰਮਕਾਜ ਨੂੰ ਯਕੀਨੀ ਬਣਾਉਣ ਲਈ ਬਲੂਟੁੱਥ ਐਂਪਲੀਫਾਇਰ, ਹੈੱਡਫੋਨਜ਼, ਬੈਟਨ, ਪੈੱਨ-ਡਰਾਈਵ ਅਤੇ ਆਕਸ ਕੇਬਲ ਨਾਲ ਲੈੱਸ ਹੋਣਗੀਆਂ। ਉਨ੍ਹਾਂ ਕਿਹਾ ਕਿ ਇਸ ਸਬੰਧੀ ਜ਼ਿਲ੍ਹਾ ਅਧਿਕਾਰੀਆਂ ਨੂੰ ਵਿਸਥਾਰਤ ਦਿਸ਼ਾ ਨਿਰਦੇਸ਼ ਵੀ ਜਾਰੀ ਕੀਤੇ ਗਏ ਹਨ ਅਤੇ ਇਸ ਸਮੱਗਰੀ ਦੀ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਖ਼ਰੀਦ ਕਰਨ ਲਈ ਸਖ਼ਤ ਹਦਾਇਤ ਕੀਤੀ ਗਈ ਹੈ।

ਸ੍ਰੀ ਸਿੰਗਲਾ ਨੇ ਦੱਸਿਆ ਕਿ ਇਨ੍ਹਾਂ ਕਲਾਸਾਂ ਵਿੱਚ ਹੋਰ ਸੁਣਨਯੋਗ ਸਮੱਗਰੀ ਚਲਾਉਣ ਦੇ ਨਾਲ-ਨਾਲ ਅਧਿਆਪਕਾਂ ਨੂੰ ਉਹਨਾਂ ਦੀ ਆਵਾਜ਼ ਰਿਕਾਰਡ ਕਰਨ ਅਤੇ ਇਨ੍ਹਾਂ ਸਮਾਰਟ ਲਿਸਨਿੰਗ ਲੈਬਜ਼ ਵਿੱਚ ਅਧਿਆਪਨ ਦੇ ਮੰਤਵ ਲਈ ਉਸਦੀ ਵਰਤੋਂ ਕਰਨ ਦੀ ਆਗਿਆ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਸਕੂਲਾਂ ਦੇ ਵਿਦਿਆਰਥੀਆਂ ਦੇ ਗਿਆਨ ਦਾ ਨਿਯਮਤ ਅੰਤਰਾਲ ‘ਤੇ ਮੁਲਾਂਕਣ ਕੀਤਾ ਜਾਵੇਗਾ ਅਤੇ ਸਕਾਰਾਤਮਕ ਨਤੀਜੇ ਆਉਣ ਉਪਰੰਤ ਸੂਬੇ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ ਸਮਾਰਟ ਲੈਂਗੁਏਜ਼ ਲਿਸਨਿੰਗ ਲੈਬਜ਼ ਦਾ ਵਿਸਥਾਰ ਕੀਤਾ ਜਾਵੇਗਾ।

LEAVE A REPLY

Please enter your comment!
Please enter your name here