ਕੋਵਿਡ 19 ਦੇ ਮੱਦੇਨਜ਼ਰ ਪੰਜਾਬ ਵਿੱਚ ਸਕੂਲ ਬੰਦ ਕੀਤੇ ਗਏ ਸਨ ਪਰ ਹੁਣ 7 ਫਰਵਰੀ ਤੋਂ ਸਕੂਲ ਮੁੜ ਖੁੱਲ੍ਹ ਰਹੇ ਹਨ। ਪੰਜਾਬ ਸਰਕਾਰ ਦੇ ਸਿਹਤ ਵਿਭਾਗ ਵੱਲੋਂ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰਕੇ ਸਕੂਲ ਖੋਲ੍ਹਣ ਦਾ ਫੈਸਲਾ ਕੀਤਾ ਗਿਆ ਹੈ। ਇਸਤੋਂ ਪਹਿਲਾਂ ਵਧਦੇ ਕੋਰੋਨਾ ਮਾਮਲਿਆਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਸੂਬੇ ਦੇ ਸਮੂਹ ਵਿੱਦਿਅਕ ਅਦਾਰਿਆਂ ਨੂੰ 1 ਫਰਵਰੀ ਤੱਕ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਸਨ।
ਪੰਜਾਬ ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ।
ਪੰਜਾਬ ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ 15 ਫਰਵਰੀ ਤੱਕ ਕੋਵਿਡ 19 ਦੇ ਮੱਦੇਨਜ਼ਰ ਸੂਬੇ ਵਿੱਚ ਪਾਬੰਦੀਆਂ ਵਧਾਈਆਂ ਗਈਆਂ ਹਨ। ਇਸਦੇ ਨਾਲ ਹੀ ਸਰਕਾਰ ਨੇ ਕੱਲ੍ਹ ਸੋਮਵਾਰ 7 ਫਰਵਰੀ ਤੋਂ ਸੂਬੇ ਦੇ ਸਕੂਲ, ਕਾਲਜ ਅਤੇ ਹੋਰ ਵਿੱਦਿਅਕ ਅਦਾਰੇ ਮੁੜ ਖੋਲ੍ਹਣ ਦੀ ਇਜਾਜ਼ਤ ਦੇ ਦਿੱਤੀ ਹੈ।
ਇਸ ਦੇ ਨਾਲ ਹੀ ਸਰਕਾਰ ਨੇ ਸਾਰੇ ਸਕੂਲ ਪ੍ਰਬੰਧਕਾਂ ਨੂੰ ਕਿਹਾ ਹੈ ਕਿ 15 ਸਾਲ ਤੋਂ ਉੱਪਰ ਵਾਲੇ ਵਿਦਿਆਰਥੀਆਂ ਨੂੰ ਕੋਵਿਡ ਵੈਕਸੀਨ ਲੱਗੀ ਹੋਣੀ ਲਾਜ਼ਮੀ ਹੈ। ਹਾਲਾਂਕਿ ਹੁਕਮਾਂ ਵਿਚ ਇਹ ਵੀ ਆਖਿਆ ਗਿਆ ਹੈ ਕਿ ਵਿਦਿਆਰਥੀ ਚਾਹੁਣ ਤਾਂ ਆਨਲਾਈਨ ਪੜ੍ਹਾਈ ਵੀ ਕਰ ਸਕਦੇ ਹਨ।
ਬਾਰ ਅਤੇ ਮਾਲ 75 ਫੀਸਦੀ ਸਮਰੱਥਾ ਨਾਲ ਖੋਲ੍ਹਣ ਦੇ ਹੁਕਮ
ਪੰਜਾਬ ਸਰਕਾਰ ਨੇ ਸਾਰੇ ਬਾਰ, ਮਾਲ, ਸਿਨੇਮਾ ਹਾਲ, ਮਲਟੀਪਲੈੱਕਸ, ਰੈਸਟੋਰੈਂਟ, ਸਪਾ, ਜਿਮ, ਸਪੋਰਟਸ ਕੰਪਲੈਕਸ, ਮਿਊਜ਼ੀਅਮ ਆਦਿ ਹੁਣ 75 ਫੀਸਦੀ ਸਮਰੱਥਾ ਨਾਲ ਖੋਲ੍ਹਣ ਲਈ ਆਖਿਆ ਹੈ। ਇਨ੍ਹਾਂ ਦੇ ਸਟਾਫ ਨੂੰ ਕੋਵਿਡ ਵੈਕਸੀਨ ਦੀ ਦੋਵੇਂ ਖੁਰਾਕਾਂ ਲੱਗੀਆਂ ਹੋਣੀਆਂ ਲਾਜ਼ਮੀ ਹਨ। ਏ. ਸੀ. ਬੱਸਾਂ 50 ਫੀਸਦੀ ਸਮਰੱਥਾ ਨਾਲ ਚੱਲ ਸਕਣਗੀਆਂ।

 
			 
		