ਭਾਰਤ ਸਰਕਾਰ ਅਫ਼ਗਾਨਿਸਤਾਨ ’ਚ ਵੱਸਦੇ ਘੱਟਗਿਣਤੀ ਸਿੱਖਾਂ ਦੀ ਸੁਰੱਖਿਆ ਲਈ ਠੋਸ ਕਦਮ ਉਠਾਏ-ਬੀਬੀ ਜਗੀਰ ਕੌਰ
ਅੰਮ੍ਰਿਤਸਰ/ਕਾਬੁਲ : ਅਫ਼ਗਾਨਿਸਤਾਨ ਦੀ ਰਾਜਧਾਨੀ ਕਾਬਲ ਦੇ ਗੁਰਦੁਆਰਾ ਕਰਤੇ ਪ੍ਰਵਾਨ ’ਚ ਤਾਲਿਬਾਨੀ ਅੱਤਵਾਦੀਆਂ ਵੱਲੋਂ ਹਥਿਆਰਾਂ ਸਮੇਤ ਦਾਖ਼ਲ ਹੋ ਕੇ ਕੀਤੀ ਗਈ ਭੰਨ ਤੋੜ ਦੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਬੀਬੀ ਜਗੀਰ ਕੌਰ ਨੇ ਕਿਹਾ ਕਿ ਅਫ਼ਗਾਨਿਸਤਾਨ ਅੰਦਰ ਬਣੇ ਮੌਜੂਦਾ ਹਾਲਾਤਾਂ ਕਰਕੇ ਉਥੇ ਵੱਸਦੇ ਸਿੱਖਾਂ ਦੀਆਂ ਮੁਸ਼ਕਲਾਂ ਵਿਚ ਨਿਰੰਤਰ ਵਾਧਾ ਹੋ ਰਿਹਾ ਹੈ, ਜਿਸ ਕਰਕੇ ਸਿੱਖਾਂ ਅੰਦਰ ਚਿੰਤਾ ਅਤੇ ਡਰ ਦਾ ਮਾਹੌਲ ਹੈ। ਉਨ੍ਹਾਂ ਕਿਹਾ ਕਿ ਸਿੱਖ ਦੇਸ਼ ਦੁਨੀਆਂ ਅੰਦਰ ਜਿਥੇ ਵੀ ਵੱਸੇ, ਉਨ੍ਹਾਂ ਉਥੋਂ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਸਿਰਤੋੜ ਯਤਨ ਕੀਤੇ।
ਸਿੱਖਾਂ ਨੇ ਆਪਣੇ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ’ਤੇ ਚੱਲਦਿਆਂ ਹਰਇਕ ਨਾਲ ਮਿਲਵਰਤਨ ਦੀ ਰਵਾਇਤ ਕਾਇਮ ਰੱਖੀ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਅਫ਼ਗਾਨਿਸਤਾਨ ਵਿਚ ਕਈ ਇਤਿਹਾਸਕ ਗੁਰਦੁਆਰਾ ਸਾਹਿਬਾਨ ਮੌਜੂਦ ਹਨ ਅਤੇ ਸਦੀਆਂ ਤੋਂ ਸਿੱਖ ਇਥੇ ਵੱਸ ਰਹੇ ਹਨ ਪਰੰਤੂ ਕੁਝ ਕੱਟੜ ਸੋਚ ਵਾਲੇ ਲੋਕ ਧਰਮ ਦੇ ਇਤਿਹਾਸ, ਰਵਾਇਤਾਂ, ਪ੍ਰੰਪਰਾਵਾਂ ਅਤੇ ਪ੍ਰੇਰਨਾਵਾਂ ਨੂੰ ਭੁੱਲ ਕੇ ਸਿੱਖਾਂ ਨੂੰ ਨਿਸ਼ਾਨਾ ਬਣਾ ਰਹੇ ਹਨ, ਜੋ ਕਿਸੇ ਤਰ੍ਹਾਂ ਵੀ ਜਾਇਜ਼ ਨਹੀਂ ਹੈ। ਬੀਬੀ ਜਗੀਰ ਕੌਰ ਨੇ ਹੈਰਾਨੀ ਪ੍ਰਗਟ ਕਰਦਿਆਂ ਕਿਹਾ ਕਿ ਅਫ਼ਗਾਨਿਸਤਾਨ ਵਿਚ ਬਣੇ ਮੌਜੂਦਾ ਹਾਲਾਤਾਂ ਨੂੰ ਕਈ ਹਫ਼ਤੇ ਬੀਤ ਜਾਣ ਮਗਰੋਂ ਵੀ ਭਾਰਤ ਸਰਕਾਰ ਵੱਲੋਂ ਸਿੱਖਾਂ ਦੀ ਸਥਿਰਤਾ ਅਤੇ ਸੁਰੱਖਿਆ ਲਈ ਕੋਈ ਯਤਨ ਨਹੀਂ ਕੀਤੇ ਜਾ ਰਹੇ। ਉਨ੍ਹਾਂ ਭਾਰਤ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਅਫ਼ਗਾਨਿਸਤਾਨ ਵਿਚ ਰਹਿੰਦੇ ਘਟਗਿਣਤੀ ਸਿੱਖਾਂ ਦੀ ਸਰੁੱਖਿਆ ਲਈ ਤੁਰੰਤ ਠੋਸ ਕਦਮ ਉਠਾਏ।