ਹਰਿਆਣਾ : ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨੇ ਹੁਣ ਹਾਈਕੋਰਟ ‘ਚ ਮੰਗ ਦਾਖਲ ਕਰਦੇ ਹੋਏ ਪੰਜਾਬ ਸਰਕਾਰ ਦੇ ਉਸ ਫੈਸਲੇ ਨੂੰ ਚੁਣੌਤੀ ਦਿੱਤੀ ਹੈ। ਪਟੀਸ਼ਨ ’ਚ ਮੰਗ ਕੀਤੀ ਗਈ ਹੈ ਕਿ ਬੇਅਦਬੀ ਮਾਮਲੇ ’ਚ ਦਰਜ ਹੋਈਆਂ ਸਾਰੀਆਂ ਐੱਫ.ਆਈ.ਆਰ. ਦੀ ਸੀ.ਬੀ.ਆਈ. ਤੋਂ ਹੀ ਜਾਂਚ ਕਰਵਾਈ ਜਾਵੇ। ਹਾਈਕੋਰਟ ਨੇ ਰਾਮ ਰਹੀਮ ਦੀ ਮੰਗ ‘ਤੇ ਬਿਨ੍ਹਾਂ ਆਦੇਸ਼ ਜਾਰੀ ਕੀਤੇ ਹੁਣ 21 ਦਸੰਬਰ ਨੂੰ ਸੁਣਵਾਈ ਦਾ ਫੈਸਲਾ ਲਿਆ ਹੈ।
ਰਾਮ ਰਹੀਮ ਨੇ ਪਟੀਸ਼ਨ ਦਾਖ਼ਲ ਕਰਦੇ ਹੋਏ ਦੱਸਿਆ ਕਿ ਸਾਬਕਾ ਸਰਕਾਰ ਨੇ ਬੇਅਦਬੀ ਦੇ ਸਾਰੇ ਮਾਮਲਿਆਂ ਦੀ ਜਾਂਚ ਸੀ.ਬੀ.ਆਈ. ਨੂੰ ਸੌਂਪੀ ਸੀ। ਸਰਕਾਰ ਬਦਲਣ ਤੋਂ ਬਾਅਦ ਇਸ ਮਾਮਲੇ ਦਾ ਸਿਆਸੀ ਲਾਭ ਪ੍ਰਾਪਤ ਕਰਨ ਲਈ ਮੌਜੂਦਾ ਸਰਕਾਰ ਨੇ ਸੀ.ਬੀ.ਆਈ. ਨੂੰ ਸੌਂਪੇ ਬੇਅਦਬੀ ਨਾਲ ਜੁੜੇ ਸਾਰੇ ਮਾਮਲਿਆਂ ਦੀ ਜਾਂਚ ਵਾਪਸ ਲੈ ਕੇ ਇਨ੍ਹਾਂ ਨੂੰ ਐੱਸ.ਆਈ.ਟੀ. ਨੂੰ ਸੌਂਪ ਦਿੱਤਾ ਸੀ। ਪਟੀਸ਼ਨਕਰਤਾ ਨੇ ਕਿਹਾ ਕਿ ਇਸ ਮਾਮਲੇ ’ਚ ਹੁਣ ਚੋਣਾਂ ਨੇੜੇ ਹੋਣ ਕਾਰਨ ਸਿਆਸੀ ਲਾਭ ਪ੍ਰਾਪਤ ਕਰਨ ਲਈ ਪਟੀਸ਼ਨਕਰਤਾ ਦਾ ਨਾਮ ਘਸੀਟਿਆ ਜਾ ਰਿਹਾ ਹੈ। ਅਜਿਹੇ ’ਚ ਨਿਰਪੱਖ ਜਾਂਚ ਸੀ.ਬੀ.ਆਈ. ਹੀ ਕਰ ਸਕਦੀ ਹੈ। ਪਟੀਸ਼ਨਕਰਤਾ ਨੇ ਹਾਈ ਕੋਰਟ ਤੋਂ ਅਪੀਲ ਕੀਤੀ ਹੈ ਕਿ ਇਨ੍ਹਾਂ ਸਾਰੇ ਮਾਮਲਿਆਂ ਦੀ ਜਾਂਚ ਸੀ.ਬੀ.ਆਈ. ਨੂੰ ਸੌਂਪੀ ਜਾਵੇ।









