ਰਾਜਧਾਨੀ ਦਿੱਲੀ ਐਨਸੀਆਰ ਅਤੇ ਪੱਛਮੀ ਯੂਪੀ ਵਿੱਚ ਪਿਛਲੇ 24 ਘੰਟਿਆਂ ਦੌਰਾਨ ਅਚਾਨਕ ਮੌਸਮ ਦਾ ਮਿਜਾਜ ਬਦਲ ਗਿਆ ਹੈ। ਤੇਜ਼ ਹਵਾਵਾਂ ਦੇ ਨਾਲ-ਨਾਲ ਕੁਝ ਥਾਵਾਂ ‘ਤੇ ਗੜ੍ਹੇ ਵੀ ਪਏ ਹਨ। ਇਸ ਦਾ ਸਭ ਤੋਂ ਮਾੜਾ ਅਸਰ ਖੜ੍ਹੀ ਫਸਲ ‘ਤੇ ਪਿਆ ਹੈ। ਜਿਨ੍ਹਾਂ ਖੇਤਾਂ ਵਿੱਚ ਪਹਿਲਾਂ ਹੀ ਸਿੰਜਾਈ ਕੀਤੀ ਗਈ ਸੀ, ਉਨ੍ਹਾਂ ਖੇਤਾਂ ਵਿੱਚ ਖੜ੍ਹੀ ਫ਼ਸਲ ਮੀਂਹ ਅਤੇ ਤੇਜ਼ ਹਵਾ ਕਾਰਨ ਡਿੱਗ ਪਈ ਹੈ। ਇਸ ਨਾਲ ਕਿਸਾਨਾਂ ਦਾ ਭਾਰੀ ਨੁਕਸਾਨ ਹੋਇਆ ਹੈ। ਦੂਜੇ ਪਾਸੇ ਭਾਰਤੀ ਮੌਸਮ ਵਿਭਾਗ ਨੇ ਅਗਲੇ 24 ਘੰਟਿਆਂ ਦੌਰਾਨ ਦਿੱਲੀ ਅਤੇ ਆਸਪਾਸ ਦੇ ਇਲਾਕਿਆਂ ਵਿੱਚ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ।
ਆਈਐਮਡੀ ਦੇ ਅਨੁਸਾਰ ਅੱਜ ਵੀ ਦਿੱਲੀ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਆਸਮਾਨ ਬੱਦਲਵਾਈ ਰਹੇਗਾ। ਇਸ ਦੇ ਨਾਲ ਹੀ ਦਿੱਲੀ ਐਨਸੀਆਰ ਤੋਂ ਇਲਾਵਾ ਬਿਹਾਰ ਅਤੇ ਝਾਰਖੰਡ ਵਿੱਚ ਅਗਲੇ 24 ਘੰਟਿਆਂ ਦੌਰਾਨ ਮੀਂਹ ਪੈਣ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਨੇ ਕਿਹਾ ਹੈ ਕਿ ਅਗਲੇ 24 ਘੰਟਿਆਂ ਤੱਕ ਉੱਤਰ-ਪੱਛਮੀ ਭਾਰਤ ਵਿੱਚ ਅਤੇ ਅਗਲੇ ਦੋ ਦਿਨਾਂ ਤੱਕ ਪੂਰਬੀ ਅਤੇ ਉੱਤਰ ਪੂਰਬੀ ਭਾਰਤ ਵਿੱਚ ਮੀਂਹ ਪੈਂਦਾ ਰਹੇਗਾ।
ਆਈਐਮਡੀ ਦੇ ਅਨੁਸਾਰ ਦੱਖਣ ਪੱਛਮੀ ਬੰਗਾਲ ਦੀ ਖਾੜੀ ਦੇ ਨਾਲ-ਨਾਲ ਦੱਖਣੀ ਅੰਡੇਮਾਨ ਸਾਗਰ ਵਿੱਚ ਇੱਕ ਘੱਟ ਦਬਾਅ ਵਾਲਾ ਖੇਤਰ ਬਣ ਗਿਆ ਹੈ, ਜਿਸ ਕਾਰਨ 27 ਅਤੇ 28 ਫਰਵਰੀ ਨੂੰ ਇਨ੍ਹਾਂ ਖੇਤਰਾਂ ਵਿੱਚ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਤਾਮਿਲਨਾਡੂ, ਪੁਡੂਚੇਰੀ ‘ਚ 2 ਤੋਂ 4 ਮਾਰਚ ਦਰਮਿਆਨ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਗਈ ਹੈ।
ਇਸ ਤੋਂ ਇਲਾਵਾ ਆਈਐਮਡੀ ਦੇ ਅਨੁਸਾਰ ਯੂਪੀ-ਪੰਜਾਬ ਵਿੱਚ ਹਲਕੀ ਬਾਰਿਸ਼ ਦੀ ਸੰਭਾਵਨਾ ਹੈ।
ਰਾਸ਼ਟਰੀ ਰਾਜਧਾਨੀ ‘ਚ ਪਿਛਲੇ 24 ਘੰਟਿਆਂ ‘ਚ 10 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ ਅਤੇ ਕਈ ਇਲਾਕਿਆਂ ‘ਚ ਗੜੇਮਾਰੀ ਵੀ ਹੋਈ। ਇਸ ਦੇ ਨਾਲ ਹੀ ਦਿੱਲੀ ‘ਚ ਸਵੇਰ ਤੋਂ ਹੀ ਤੇਜ਼ ਹਵਾਵਾਂ ਚੱਲ ਰਹੀਆਂ ਹਨ।
ਰਾਜਸਥਾਨ, ਹਰਿਆਣਾ, ਦਿੱਲੀ ਅਤੇ ਆਸ-ਪਾਸ ਦੇ ਇਲਾਕਿਆਂ ‘ਚ 25 ਤੋਂ 35 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਤੇਜ਼ ਹਵਾਵਾਂ ਚੱਲ ਰਹੀਆਂ ਹਨ, ਜਿਸ ਕਾਰਨ ਸਰਦੀ ਦਾ ਪ੍ਰਭਾਵ ਵਧ ਗਿਆ ਹੈ। ਹਾਲਾਂਕਿ ਵੱਧ ਤੋਂ ਵੱਧ ਤਾਪਮਾਨ ਵਿੱਚ ਇੱਕ ਡਿਗਰੀ ਦਾ ਵਾਧਾ ਹੋਇਆ ਹੈ।
ਮੌਸਮ ਵਿਭਾਗ ਨੇ ਆਪਣੇ ਅਲਰਟ ‘ਚ ਕਿਹਾ ਹੈ ਕਿ ਅਗਲੇ 24 ਘੰਟਿਆਂ ਦੌਰਾਨ ਪੰਜਾਬ, ਉੱਤਰੀ ਹਰਿਆਣਾ-ਚੰਡੀਗੜ੍ਹ, ਉੱਤਰੀ ਅਤੇ ਉੱਤਰ-ਪੱਛਮੀ ਭਾਰਤ ਦੇ ਜ਼ਿਆਦਾਤਰ ਇਲਾਕਿਆਂ ‘ਚ ਹਲਕੀ ਅਤੇ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਉੱਤਰ-ਪੱਛਮੀ ਯੂਪੀ ਰਾਜ ਵਿੱਚ ਅਗਲੇ 24 ਘੰਟਿਆਂ ਵਿੱਚ ਗੜੇ ਪੈਣ ਦੀ ਸੰਭਾਵਨਾ ਵੀ ਪ੍ਰਗਟਾਈ ਗਈ ਹੈ।