ਨਵੀਂ ਦਿੱਲੀ: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਖਿਲਾਫ ਦਿੱਲੀ ਪੁਲਿਸ ਦੁਆਰਾ ਕਾਰਵਾਈ ਕੀਤੀ ਜਾ ਰਹੀ ਹੈ। ਦਿੱਲੀ ਪੁਲਿਸ ਦੀ ਆਰਥਿਕ ਅਪਰਾਧ ਸ਼ਾਖਾ ਨੇ ਮਨਜਿੰਦਰ ਸਿੰਘ ਸਿਰਸਾ ਵਿਰੁੱਧ ਲੁੱਕ ਆਊਟ ਸਰਕੂਲਰ ਜਾਰੀ ਕੀਤਾ ਹੈ। ਇਸ ਕਾਰਨ, ਹੁਣ ਸਿਰਸਾ ਦੇਸ਼ ਛੱਡ ਕੇ ਕਿਤੇ ਵੀ ਨਹੀਂ ਜਾ ਸਕਦੇ।
ਇਸ ਲਈ ਦਿੱਲੀ ਪੁਲਿਸ ਨੇ ਸਿਰਸਾ ਨੂੰ ਸਾਰੇ ਹਵਾਈ ਅੱਡਿਆਂ ‘ਤੇ ਰੋਕਣ ਦੇ ਆਦੇਸ਼ ਜਾਰੀ ਕੀਤੇ ਹਨ। ਦੇਸ਼ ਦੇ ਕਿਸੇ ਵੀ ਪਰਵਾਸ ਕੇਂਦਰ ਤੋਂ ਸਿਰਸਾ ਨੂੰ ਹੁਣ ਕਲੀਰੀਐਂਸ ਨਹੀਂ ਮਿਲੇਗੀ। ਦਿੱਲੀ ਪੁਲਿਸ ਦੀ ਆਰਥਿਕ ਅਪਰਾਧ ਸ਼ਾਖਾ ਸਿਰਸਾ ਖਿਲਾਫ ਭ੍ਰਿਸ਼ਟਾਚਾਰ ਦੇ ਇੱਕ ਮਾਮਲੇ ਦੀ ਜਾਂਚ ਕਰ ਰਹੀ ਹੈ। ਇਸ ਪੜਤਾਲ ਦੇ ਅਧਾਰ ‘ਤੇ ਹੀ ਇਹ ਨੋਟਿਸ ਜਾਰੀ ਕੀਤਾ ਗਿਆ ਹੈ।
ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਅਹੁਦੇਦਾਰਾਂ ਨੇ ਦੋ ਸਾਲ ਪਹਿਲਾਂ ਮੌਜੂਦਾ ਕਮੇਟੀ ‘ਚ ਚੋਰੀ ਅਤੇ ਭ੍ਰਿਸ਼ਟਾਚਾਰ ਦੇ ਮਾਮਲੇ ਬਾਰੇ ਸ਼ਿਕਾਇਤ ਦਿੱਤੀ ਸੀ। ਜਿਸ ਤੋਂ ਬਾਅਦ ਇਹ ਕੇਸ ਅਦਾਲਤ ਵਿੱਚ ਚੱਲ ਰਿਹਾ ਹੈ। ਇਸ ਮਾਮਲੇ ‘ਚ ਟੈਂਟਾਂ ਦਾ ਬਿੱਲ ਅਤੇ ਕਈ ਦੋਸ਼ ਲਗਾਏ ਗਏ ਸੀ। ਇਹ ਸ਼ਿਕਾਇਤ ਤਤਕਾਲੀ ਜਨਰਲ ਸੱਕਤਰ ਮਨਜਿੰਦਰ ਸਿੰਘ ਸਿਰਸਾ ਖਿਲਾਫ ਦਿੱਤੀ ਗਈ ਸੀ।
ਮਨਜਿੰਦਰ ਸਿੰਘ ਸਿਰਸਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਹਨ। ਇਹ ਮਾਮਲਾ ਅਦਾਲਤ ਵਿਚ ਚੱਲ ਰਿਹਾ ਹੈ। 9 ਜੁਲਾਈ ਨੂੰ ਅਦਾਲਤ ਵਿਚ ਸੁਣਵਾਈ ਦੌਰਾਨ ਸਰਕਾਰੀ ਵਕੀਲ ਨੇ ਅਦਾਲਤ ਨੂੰ ਦੱਸਿਆ ਕਿ ਮਨਜਿੰਦਰ ਸਿੰਘ ਸਿਰਸਾ ਨੇ ਪਿਛਲੇ ਕੁਝ ਸਾਲਾਂ ਦੌਰਾਨ ਆਪਣੀ ਬਹੁਤ ਸਾਰੀ ਜਾਇਦਾਦ ਵੇਚੀ ਹੈ ਅਤੇ ਅਗਲੀ ਕਾਨੂੰਨੀ ਕਾਰਵਾਈ ਤੋਂ ਬਚਣ ਲਈ ਉਹ ਵਿਦੇਸ਼ ਭੱਜ ਵੀ ਸਕਦੇ ਹਨ। ਇਸ ਲਈ ਇਸ ਸੰਬੰਧ ‘ਚ ਪੁਲਿਸ ਦੀ ਕਾਰਵਾਈ ਜਾਰੀ ਹੈ।