ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਕ ਨੌਜਵਾਨ ਵੱਲੋਂ ਮਲੋਟ ਨੇੜਲੇ ਪਿੰਡ ਈਨਾ ਖੇੜਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਗੁਰਦੁਆਰਾ ਸਾਹਿਬ ਤੋਂ ਚੁੱਕ ਕੇ ਕੀਤੀ ਬੇਅਦਬੀ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨਾਲ ਵਾਪਰ ਰਹੀਆਂ ਅਜਿਹੀਆਂ ਘਟਨਾਵਾਂ ਅਤੀ ਨਿੰਦਣਯੋਗ ਹਨ। ਉਨ੍ਹਾਂ ਪੰਜਾਬ ਸਰਕਾਰ ’ਤੇ ਸਵਾਲ ਚੁੱਕਦਿਆਂ ਕਿਹਾ ਕਿ ਸੂਬੇ ਅੰਦਰ ਹੋ ਰਹੀਆਂ ਬੇਅਦਬੀ ਦੀਆਂ ਘਟਨਾਵਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ ਅਤੇ ਸਰਕਾਰ ਖ਼ਾਮੋਸ਼ ਬੈਠੀ ਹੋਈ ਹੈ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਗੁਰਦੁਆਰਾ ਸਾਹਿਬਾਨ ਦੀਆਂ ਪ੍ਰਬੰਧਕ ਕਮੇਟੀਆਂ ਨੂੰ ਵੀ ਸੁਚੇਤ ਰੂਪ ਵਿਚ ਸੇਵਾ ਸੰਭਾਲ ਯਕੀਨੀ ਬਣਾਉਣ ਲਈ ਅਪੀਲ ਕਰਦਿਆਂ ਕਿਹਾ ਕਿ ਗੁਰਦੁਆਰਾ ਸਾਹਿਬਾਨ ਅੰਦਰ ਹਰ ਸਮੇਂ ਸੇਵਾਦਾਰ ਦਾ ਹੋਣਾ ਲਾਜ਼ਮੀ ਕੀਤਾ ਜਾਵੇ। ਇਸ ਲਈ ਸੰਗਤਾਂ ਵੀ ਗੁਰਦੁਆਰਾ ਸਾਹਿਬਾਨ ਅੰਦਰ ਪਹਿਰੇਦਾਰੀ ਲਈ ਸਹਿਯੋਗ ਕਰਨ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਵਾਪਰੀ ਇਸ ਘਟਨਾ ਦੀ ਤਹਿ ਤੱਕ ਜਾ ਕੇ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾਵਾਂ ਦਿੱਤੀਆਂ ਜਾਣ, ਤਾਂ ਜੋ ਅੱਗੇ ਤੋਂ ਕੋਈ ਸ਼ਰਾਰਤੀ ਅਨਸਰ ਇਸ ਤਰ੍ਹਾਂ ਦੀ ਘਟਨਾ ਨੂੰ ਅੰਜ਼ਾਮ ਨਾ ਦੇ ਸਕੇ।