ਨਵੀਂ ਦਿੱਲੀ : ਰਿਪਬਲਿਕਨ ਪਾਰਟੀ ਆਫ਼ ਇੰਡੀਆ ਦੇ ਰਾਸ਼ਟਰੀ ਪ੍ਰਧਾਨ ਅਤੇ ਕੇਂਦਰੀ ਮੰਤਰੀ ਰਾਮਦਾਸ ਅਠਾਵਲੇ ਨੇ ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਵਾਲੇ ਕੈਪਟਨ ਅਮਰਿੰਦਰ ਸਿੰਘ ਨੂੰ NDA ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਹੈ। ਮੋਦੀ ਸਰਕਾਰ ਦੇ ਮੰਤਰੀ ਅਠਾਵਲੇ ਨੇ ਅਮਰਿੰਦਰ ਸਿੰਘ ਨੂੰ ਕਿਹਾ ਕਿ ਉਨ੍ਹਾਂ ਨੂੰ ਕਾਂਗਰਸ ਛੱਡ ਦੇਣੀ ਚਾਹੀਦੀ ਹੈ ਜਿਸ ਨੇ ਉਨ੍ਹਾਂ ਨੂੰ ਜ਼ਲੀਲ ਕੀਤਾ ਹੈ।
ਅਠਾਵਲੇ ਨੇ ਕਿਹਾ ਕਿ ਉਹ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ NDA ਨੂੰ ਸੱਤਾ ਵਿੱਚ ਲਿਆਉਣ ਲਈ ਚੰਗਾ ਕੰਮ ਕਰ ਸਕਦੇ ਹਨ।ਉਨ੍ਹਾਂ ਕਿਹਾ, “ਮੈਂ ਕੈਪਟਨ ਅਮਰਿੰਦਰ ਸਿੰਘ ਤੋਂ ਪੁੱਛਣਾ ਚਾਹੁੰਦਾ ਹਾਂ ਕਿ ਅਜਿਹੀ ਪਾਰਟੀ ਵਿੱਚ ਹੋਣ ਦਾ ਕੀ ਫਾਇਦਾ ਹੈ ਜਿਸ ਨੇ ਤੁਹਾਨੂੰ ਬੇਇੱਜ਼ਤ ਕੀਤਾ ਹੈ?” ਮੈਂ ਉਨ੍ਹਾਂ ਨੂੰ ਬੇਨਤੀ ਕਰਦਾ ਹਾਂ ਕਿ ਉਹ ਕਾਂਗਰਸ ਪਾਰਟੀ ਛੱਡ ਕੇ ਨਰਿੰਦਰ ਮੋਦੀ ਦੀ ਅਗਵਾਈ ਵਾਲੇ NDA ਵਿੱਚ ਸ਼ਾਮਲ ਹੋਣ।
ਕੇਂਦਰੀ ਮੰਤਰੀ ਨੇ ਅੱਗੇ ਕਿਹਾ, ‘ਜਦੋਂ ਸਿੱਧੂ ਪਾਕਿਸਤਾਨ ਗਏ ਤਾਂ ਇਹ ਗੰਭੀਰ ਮਾਮਲਾ ਸੀ ਕਿ ਇਮਰਾਨ ਖਾਨ ਨੇ ਬਾਜਵਾ ਨੂੰ ਜੱਫੀ ਪਾਈ, ਅਮਰਿੰਦਰ ਸਿੰਘ ਸਹੀ ਹਨ, ਸਿੱਧੂ ਧੋਖੇਬਾਜ਼ ਹਨ।’ ਦੱਸ ਦੇਈਏ ਕਿ ਕੈਪਟਨ ਅਮਰਿੰਦਰ ਸਿੰਘ ਨੇ ਸ਼ਨੀਵਾਰ ਨੂੰ ਪੰਜਾਬ ਕਾਂਗਰਸ ਵਿੱਚ ਚੱਲ ਰਹੀ ਨਾਰਾਜ਼ਗੀ ਦੇ ਵਿਚਕਾਰ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਪਾਰਟੀ ਲੀਡਰਸ਼ਿਪ ਵੱਲੋਂ ਬੁਲਾਈ ਗਈ ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ਤੋਂ ਪਹਿਲਾਂ ਅਮਰਿੰਦਰ ਨੇ ਆਪਣਾ ਅਸਤੀਫਾ ਦੇ ਦਿੱਤਾ। ਅਮਰਿੰਦਰ ਸਿੰਘ 2010 ਤੋਂ 2013 ਤੱਕ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਦੀ ਜ਼ਿੰਮੇਵਾਰੀ ਵੀ ਸੰਭਾਲ ਚੁੱਕੇ ਹਨ।