ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਮੁਹਾਲੀ ਨੇੜਲੇ ਪਿੰਡ ਮਨੌਲੀ ’ਚ ਗੁਰਬਾਣੀ ਦੇ ਪਾਵਨ ਗੁਟਕਾ ਸਾਹਿਬ ਦੀ ਹੋਈ ਬੇਅਦਬੀ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਬੀਬੀ ਜਗੀਰ ਕੌਰ ਨੇ ਕਿਹਾ ਕਿ ਪਾਵਨ ਗੁਰਬਾਣੀ ਮਨੁੱਖਤਾ ਨੂੰ ਸਰਬ ਸਾਂਝੀਵਾਲਤਾ ਦਾ ਸੁਨੇਹਾ ਦਿੰਦੀ ਹੈ। ਉਨ੍ਹਾਂ ਕਿਹਾ ਕਿ ਦੁੱਖ ਦੀ ਗੱਲ ਹੈ ਕਿ ਕੁਝ ਲੋਕਾਂ ਵੱਲੋਂ ਬਾਰ-ਬਾਰ ਗੁਰਬਾਣੀ ਦੀ ਬੇਅਦਬੀ ਕਰਕੇ ਪੰਜਾਬ ਦੇ ਸ਼ਾਂਤ ਮਾਹੌਲ ਨੂੰ ਖ਼ਰਾਬ ਕਰਨ ਦਾ ਯਤਨ ਕੀਤਾ ਜਾ ਰਿਹਾ ਹੈ। ਬੀਬੀ ਜਗੀਰ ਕੌਰ ਨੇ ਕਿਹਾ ਕਿ ਇਸ ਮੰਦਭਾਗੀ ਘਟਨਾ ਨਾਲ ਸਿੱਖ ਹਿਰਦਿਆਂ ਨੂੰ ਗਹਿਰੀ ਠੇਸ ਪਹੁੰਚੀ ਹੈ।
ਉਨ੍ਹਾਂ ਕਿਹਾ ਕਿ ਪਾਵਨ ਗੁਰਬਾਣੀ ਦੀ ਬੇਅਦਬੀ ਦੇ ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਣਾ ਚਾਹੀਦਾ। ਸਰਕਾਰ ਨੂੰ ਤੁਰੰਤ ਕਾਰਵਾਈ ਕਰਦਿਆਂ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਤੋਂ ਸਖਤੀ ਨਾਲ ਪੁੱਛਗਿੱਛ ਕਰਨੀ ਚਾਹੀਦੀ ਹੈ, ਤਾਂ ਜੋ ਇਸ ਸਾਜ਼ਿਸ਼ ਪਿੱਛੇ ਕੰਮ ਕਰਦੇ ਲੋਕਾਂ ਦਾ ਪਤਾ ਲਗਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਬਹੁਤੇ ਮਾਮਲਿਆਂ ਵਿਚ ਦੋਸ਼ੀਆਂ ਦੇ ਫੜੇ ਜਾਣ ਮਗਰੋਂ ਵੀ ਬਣਦੀ ਕਾਰਵਾਈ ਨਹੀਂ ਕੀਤੀ ਜਾਂਦੀ, ਜਿਸ ਨਾਲ ਦੋਸ਼ੀਆਂ ਦੇ ਹੌਂਸਲੇ ਵੱਧ ਰਹੇ ਹਨ।