ਪੰਜਾਬ ਕਾਂਗਰਸ ਵਿਚ ਚੱਲ ਰਹੇ ਅੱਜ ਤਖ਼ਤਾ ਪਲਟ ਦੇ ਘਟਨਾਕ੍ਰਮ ਦਰਮਿਆਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਅੱਜ ਸਾਰਾ ਦਿਨ ਚੱਲੇ ਮੀਟਿੰਗਾਂ ਦੇ ਦੌਰ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ ਮੁੱਖ ਮੰਤਰੀ ਦਾ ਅਹੁਦਾ ਛੱਡ ਦਿੱਤਾ ਹੈ। ਕੈਪਟਨ ਅਮਰਿੰਦਰ ਸਿੰਘ ਲਗਭਗ 4.30 ਵਜੇ ਰਾਜਪਾਲ ਭਵਨ ਪਹੁੰਚੇ ਤੇ ਉਨ੍ਹਾਂ ਨੇ ਰਾਜਪਾਲ ਨੂੰ ਆਪਣਾ ਅਸਤੀਫ਼ਾ ਸੌਪ ਦਿੱਤਾ।
ਪੰਜਾਬ ਦਾ ਅਗਲਾ ਮੁੱਖ ਮੰਤਰੀ ਕੌਣ ਹੋਵੇਗਾ, ਭਾਵੇਂ ਇਸ ਬਾਰੇ ਅਜੇ ਵੀ ਅਟਕਲਾਂ ਬਰਕਰਾਰ ਹਨ ਪਰ ਸੂਤਰਾਂ ਅਨੁਸਾਰ ਸੁਨੀਲ ਜਾਖੜ ਦਾ ਨਾਂ ਮੁੱਖ ਮੰਤਰੀ ਅਹੁਦੇ ਦੀ ਦੌੜ ਵਿਚ ਸਭ ਤੋਂ ਅੱਗੇ ਹੈ। ਇਸ ਦੇ ਨਾਲ ਪੰਜਾਬ ਕਾਂਗਰਸ ਦੀ ਸਿਆਸਤ ਵਿਚ ਕੈਪਟਨ ਅਮਰਿੰਦਰ ਸਿੰਘ ਦੌਰ ਦਾ ਅੰਤ ਮੰਨਿਆ ਜਾ ਸਕਦਾ ਹੈ। ਪਿਛਲੇ ਲੰਬੇ ਸਮੇਂ ਤੋਂ ਪੰਜਾਬ ਕਾਂਗਰਸ ਵਿਚ ਚੱਲ ਰਹੇ ਕਾਟੋ ਕਲੇਸ਼ ਨੂੰ ਨਬੇੜਨ ਲਈ ਹਾਈਕਮਾਨ ਨੇ ਅੱਜ ਵਿਧਾਇਕ ਦਲ ਦੀ ਮੀਟਿੰਗ ਬੁਲਾਈ ਸੀ। ਅੱਜ 5 ਵਜੇ ਸੀ. ਐੱਲ. ਪੀ. ਦਲ ਦੀ ਮੀਟਿੰਗ ਸੱਦੀ ਸੀ ਪਰ ਇਸ ਤੋਂ ਪਹਿਲਾਂ ਹੀ ਕੈਪਟਨ ਅਮਰਿੰਦਰ ਸਿੰਘ ਨੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ।
ਕੈਪਟਨ ਤੋਂ ਨਾਰਾਜ਼ 40 ਵਿਧਾਇਕਾਂ ਨੇ ਪੱਤਰ ਲਿਖ ਕੇ ਕੈਪਟਨ ਅਮਰਿੰਦਰ ਸਿੰਘ ਦੀ ਸ਼ਿਕਾਇਤ ਕੀਤੀ ਸੀ। ਇਸ ਤੋਂ ਬਾਅਦ ਕਾਂਗਰਸ ਹਾਈ ਕਮਾਂਡ ਨੇ ਸ਼ੁੱਕਰਵਾਰ ਨੂੰ ਵਿਧਾਇਕ ਦਲ ਦੀ ਮੀਟਿੰਗ ਬੁਲਾਈ ਸੀ। ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਨੇ ਸੋਨੀਆ ਗਾਂਧੀ ਨਾਲ ਮੁਲਾਕਾਤ ਤੋਂ ਬਾਅਦ ਸ਼ੁੱਕਰਵਾਰ ਅੱਧੀ ਰਾਤ ਨੂੰ ਇਹ ਜਾਣਕਾਰੀ ਸਾਂਝੀ ਕੀਤੀ ਸੀ।
ਇਸ ਤਖ਼ਤ ਪਲਟ ਦੌਰਾਨ ਸਾਬਕਾ ਡੀਜੀਪੀ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਦੇ ਰਣਨੀਤਕ ਸਲਾਹਕਾਰ ਮੁਹੰਮਦ ਮੁਸਤਫਾ ਨੇ ਕਿਹਾ ਕਿ ਪੰਜਾਬ ਦੇ ਵਿਧਾਇਕਾਂ ਕੋਲ ਚਾਰ ਸਾਲਾਂ ਬਾਅਦ ਕਾਂਗਰਸ ਦਾ ਮੁੱਖ ਮੰਤਰੀ ਚੁਣਨ ਦਾ ਮੌਕਾ ਹੈ। ਯਾਨੀ ਮੁਸਤਫਾ ਨੇ ਅਮਰਿੰਦਰ ਸਿੰਘ ਦੇ ਕਾਂਗਰਸੀ ਹੋਣ ’ਤੇ ਸਿੱਧੇ ਤੌਰ ’ਤੇ ਸਵਾਲ ਚੁੱਕੇ। ਮੁਸਤਫਾ ਨੇ ਕਿਹਾ ਕਿ 2017 ਵਿਚ ਪੰਜਾਬ ਨੇ 80 ਵਿਧਾਇਕ ਕਾਂਗਰਸ ਨੂੰ ਦਿੱਤੇ।