ਰਾਜ ਕੁਮਾਰ ਵੇਰਕਾ ਨੇ ਪੋਸਟ-ਮੈਟ੍ਰਿਕ ਸਕਾਲਰਸ਼ਿਪ ਘੁਟਾਲੇ ਦੇ ਦੋਸ਼ੀਆਂ ਖ਼ਿਲਾਫ਼ ਕੇਸ ਦਰਜ ਕਰਨ ਦੇ ਦਿੱਤੇ ਨਿਰਦੇਸ਼

0
67

ਕੈਬਨਿਟ ਮੰਤਰੀ ਡਾ. ਰਾਜ ਕੁਮਾਰ ਵੇਰਕਾ ਨੇ ਪੋਸਟ-ਮੈਟ੍ਰਿਕ ਸ਼ਕਾਲਰਸ਼ਿਪ ਘੁਟਾਲੇ ਦੇ ਦੋਸ਼ੀਆਂ ਖ਼ਿਲਾਫ਼ ਕੇਸ ਦਰਜ ਕਰਨ ਦੇ ਨਿਰਦੇਸ਼ ਜਾਰੀ ਕਰ ਦਿੱਤੇ ਹਨ। ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ’ਚ ਪੰਜਾਬ ਸਰਕਾਰ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਪੁੱਟਣ ਲਈ ਵਚਨਬੱਧ ਹੈ ਅਤੇ ਇਸ ਘੁਟਲੇ ’ਚ ਸ਼ਾਮਲ ਕਿਸੇ ਵੀ ਦੋਸ਼ੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ, ਭਾਵੇਂ ਉਹ ਕਿੰਨੀ ਵੀ ਪਾਵਰ ਰੱਖਦਾ ਹੋਵੇ।

ਰਾਜ ਕੁਮਾਰ ਵੇਰਕਾ ਨੇ ਦੱਸਿਆ ਕਿ ਇਸ ਮਾਮਲੇ ’ਚ ਤਕਰੀਬਨ 100 ਕਾਲਜ ਸ਼ਾਮਲ ਹਨ ਅਤੇ ਇਨ੍ਹਾਂ ਵੱਲ 100 ਕਰੋੜ ਰੁਪਏ ਤੋਂ ਵੱਧ ਦੀ ਵਸੂਲੀ ਬਣਦੀ ਹੈ। ਉਨ੍ਹਾਂ ਕਿਹਾ ਇਸ ਮਾਮਲੇ ਬਾਰੇ ਮੰਤਰੀ ਮੰਡਲ ਵੱਲੋਂ ਵਿਚਾਰ-ਵਟਾਂਦਰਾ ਕੀਤਾ ਜਾ ਚੁੱਕਾ ਹੈ ਅਤੇ ਇਸ ਸੰਬੰਧੀ ਐਡਵੋਕੇਟ ਜਨਰਲ ਦੀ ਰਾਇ ਵੀ ਪ੍ਰਾਪਤ ਹੋ ਗਈ ਹੈ। ਉਨ੍ਹਾਂ ਨੇ ਦੱਸਿਆ ਕਿ ਸੁਪਰੀਮ ਕੋਰਟ ਨੇ 50 ਲੱਖ ਤੋਂ ਵੱਧ ਵਸੂਲੀ ਦੇ ਸੰਬੰਧ ਵਿਚ ਕੇਸ ਦਰਜ ਕਰਨ ਲਈ ਕਿਹਾ ਹੈ। ਇਸ ਸੰਦਰਭ ’ਚ ਗ਼ਰੀਬ ਬੱਚਿਆਂ ਨਾਲ ਧੋਖਾ ਕਰਨ ਵਾਲਿਆਂ ਖ਼ਿਲਾਫ਼ ਕੇਸ ਦਰਜ ਕਰਨ ਦੇ ਹੁਕਮ ਦਿੱਤੇ ਗਏ ਹਨ।

ਇਸ ਦੇ ਨਾਲ ਹੀ ਮੁੱਢਲੀਆਂ ਰਿਪੋਰਟਾਂ ਦੇ ਆਧਾਰ ’ਤੇ ਡਾ. ਵੇਰਕਾ ਦੇ ਹੁਕਮਾਂ ’ਤੇ ਪੰਜ ਅਧਿਕਾਰੀਆਂ ਤੇ ਮੁਲਾਜ਼ਮਾਂ ਨੂੰ ਪਹਿਲਾਂ ਹੀ ਚਾਰਜਸ਼ੀਟ ਕੀਤਾ ਜਾ ਚੁੱਕਾ ਹੈ। ਇਨ੍ਹਾਂ ’ਚ ਡਿਪਟੀ ਡਾਇਰੈਕਟਰ ਪਰਮਿੰਦਰ ਸਿੰਘ ਗਿੱਲ, ਡੀਸੀਐੱਫਏ ਚਰਨਜੀਤ ਸਿੰਘ, ਐੱਸਓ ਮੁਕੇਸ਼ ਭਾਟੀਆ, ਸੁਪਰਡੈਂਟ ਰਜਿੰਦਰ ਚੋਪੜਾ ਅਤੇ ਸੀਨੀਅਰ ਸਹਾਇਕ ਰਾਕੇਸ਼ ਅਰੋੜਾ ਸ਼ਾਮਲ ਹਨ।

ਉਨ੍ਹਾਂ ਨੇ ਕਿਹਾ ਕਿ ਉਹ ਪੋਸਟ-ਮੈਟ੍ਰਿਕ ਐੱਸਸੀ ਸਕਾਲਰਸ਼ਿਪ ਘੁਟਾਲੇ ਦੀ ਨਿਰਪੱਖ ਤੇ ਪਾਰਦਰਸ਼ੀ ਕਾਰਵਾਈ ਨੂੰ ਯਕੀਨੀ ਬਣਾਉਣਗੇ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਐੱਸਸੀ ਸਕਾਲਰਸ਼ਿਪ ਫੰਡਾਂ ’ਚ ਹੇਰਾਫੇਰੀ ਕਰਨ ਵਾਲੇ ਕਾਲਜ ਜੋ ਰਕਮ ਵਾਪਸ ਕਰਨ ਵਿਚ ਅਸਫਲ ਰਹੇ ਹਨ, ਉਨ੍ਹਾਂ ਵਿਰੁੱਧ ਵੀ ਹੁਣ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਵੇਰਕਾ ਨੇ ਕਿਹਾ ਕਿ ਉਹ ਕਿਸੇ ਵੀ ਪੱਧਰ ’ਤੇ ਘੱਟ-ਗਿਣਤੀਆਂ ਨਾਲ ਹੋਣ ਵਾਲੀ ਬੇਇਨਸਾਫ਼ੀ ਨੂੰ ਬਰਦਾਸ਼ਤ ਨਹੀਂ ਕਰਨਗੇ ਅਤੇ ਅਜਿਹੇ ਮਾਮਲਿਆਂ ’ਚ ਸਖ਼ਤ ਕਾਰਵਾਈ ਨੂੰ ਨਿੱਜੀ ਤੌਰ ’ਤੇ ਯਕੀਨੀ ਬਣਾਉਣਗੇ।

LEAVE A REPLY

Please enter your comment!
Please enter your name here