ਪੰਜਾਬ ਦੇ ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਲਖੀਮਪੁਰ ਖੀਰੀ ਵਿਖੇ ਕਿਸਾਨਾਂ ਨਾਲ ਵਾਪਰੀ ਮੰਦਭਾਗੀ ਘਟਨਾ ਦੀ ਨਿਰਪੱਖ ਜਾਂਚ ਲਈ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਦੀ ਕੇਂਦਰੀ ਵਜ਼ਾਰਤ ਵਿੱਚੋਂ ਬਰਖ਼ਾਸਤਗੀ ਹੋਣੀ ਬਹੁਤ ਜ਼ਰੂਰੀ ਹੈ ਕਿਉਂਕਿ ਉਸ ਦਾ ਪੁੱਤਰ ਅਸ਼ੀਸ਼ ਮਿਸ਼ਰਾ ਘਟਨਾ ਵਿੱਚ ਸਿੱਧੇ ਤੌਰ ‘ਤੇ ਸ਼ਾਮਲ ਹੈ।
ਇੱਥੋਂ ਨੇੜਲੇ ਗੁਰੂਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਕੈਬਨਿਟ ਮੰਤਰੀ ਸੰਗਤ ਸਿੰਘ ਗਿਲਜੀਆਂ ਅਤੇ ਉਦੈਵੀਰ ਸਿੰਘ ਰੰਧਾਵਾ ਸਮੇਤ ਨਤਮਸਤਕ ਹੋਣ ਉਪਰੰਤ ਰੰਧਾਵਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਲਖੀਮਪੁਰ ਖੀਰੀ ਦੀ ਘਟਨਾ ਬਹੁਤ ਹੀ ਦੁਖਦਾਇਕ ਹੈ ਜਿੱਥੇ ਕਿਸਾਨਾਂ ਨੂੰ ਬੇਰਹਿਮੀ ਨਾਲ ਗੱਡੀ ਹੇਠਾਂ ਦੇ ਕੇ ਮਾਰਿਆ ਗਿਆ।ਉਨ੍ਹਾਂ ਨੇ ਕਿਹਾ ਕਿ ਇਹ ਬੇਹੱਦ ਸ਼ਰਮਨਾਕ ਗੱਲ ਹੈ ਕਿ ਦੇਸ਼ ਦੇ ਗ੍ਰਹਿ ਰਾਜ ਮੰਤਰੀ ਦਾ ਪੁੱਤਰ ਘਟਨਾ ਵਿੱਚ ਸ਼ਾਮਲ ਹੈ ਜਿਸ ਦੀ ਪੂਰੇ ਮੁਲਕ ਵਿੱਚ ਸਖਤ ਨਿਖੇਧੀ ਹੋ ਰਹੀ ਹੈ।
ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਘਟਨਾ ਤੋਂ ਕੁੱਝ ਦਿਨ ਪਹਿਲਾਂ ਹੀ ਅਜੈ ਮਿਸ਼ਰਾ ਵੱਲੋਂ ਕਿਸਾਨੀ ਸੰਘਰਸ਼ ਅਤੇ ਕਿਸਾਨਾਂ ਪ੍ਰਤੀ ਇੱਕ ਗ਼ੈਰ-ਜ਼ਿੰਮੇਵਾਰਾਨਾ ਅਤੇ ਵਿਵਾਦਿਤ ਬਿਆਨ ਦੇਣਾ ਬਹੁਤ ਹੀ ਨਿੰਦਣਯੋਗ ਹੈ ਜਿਸ ਲਈ ਅਜੈ ਮਿਸ਼ਰਾ ਨੂੰ ਜਨਤਕ ਤੌਰ ’ਤੇ ਮੁਆਫ਼ੀ ਮੰਗਣੀ ਚਾਹੀਦੀ ਹੈ। ਰੰਧਾਵਾ ਨੇ ਕਿਹਾ ਕਿ ਘਟਨਾ ਦੀ ਨਿਰਪੱਖ ਜਾਂਚ ਦੇ ਮੱਦੇਨਜ਼ਰ ਅਜੇ ਮਿਸ਼ਰਾ ਨੂੰ ਤੁਰੰਤ ਕੇਂਦਰੀ ਵਜ਼ਾਰਤ ‘ਚੋਂ ਬਰਖ਼ਾਸਤ ਕੀਤਾ ਜਾਣਾ ਚਾਹੀਦਾ ਹੈ।
ਇਸ ਤੋਂ ਇਲਾਵਾ ਪੰਜਾਬ ਵਿੱਚ ਬਿਜਲੀ ਸਪਲਾਈ ਦੀ ਸਥਿਤੀ ਸੰਬੰਧੀ ਰੰਧਾਵਾ ਨੇ ਕਿਹਾ ਕਿ ਕੋਇਲਾ ਨਾ ਆਉਣ ਕਾਰਨ ਮੌਜੂਦਾ ਸਮੇਂ ਇਹ ਦੇਸ਼ ਪੱਧਰੀ ਸਮੱਸਿਆ ਬਣੀ ਹੋਈ ਹੈ ਪਰ ਇਸ ਦੇ ਬਾਵਜੂਦ ਪੰਜਾਬ ਸਰਕਾਰ ਖਪਤਕਾਰਾਂ ਦੀ ਸਹੂਲਤ ਲਈ ਮਹਿੰਗੀ ਬਿਜਲੀ ਲੈ ਕੇ ਲੋਕਾਂ ਦੀ ਲੋੜ ਨੂੰ ਪੂਰਾ ਕਰ ਰਹੀ ਹੈ। ਉਨ੍ਹਾਂ ਨੇ ਦੱਸਿਆ ਕਿ ਕੋਇਲੇ ਦੀਆਂ ਰੇਲਾਂ ਚੱਲ ਪਈਆਂ ਹਨ ਅਤੇ ਪੰਜਾਬ ਸਰਕਾਰ ਦੋ-ਤਿੰਨ ਦਿਨ ਵਿੱਚ ਇਸ ਸਮੱਸਿਆ ਦੇ ਹੱਲ ਲਈ ਪੂਰੀ ਤਰ੍ਹਾਂ ਯਤਨਸ਼ੀਲ ਹੈ। ਉਨ੍ਹਾਂ ਨੇ ਕਿਹਾ ਕਿ ਕਿਸਾਨਾਂ ਨੂੰ ਫਸਲਾਂ ਨੂੰ ਪਾਣੀ ਲਈ ਹਰ ਹਾਲ ਲੋੜੀਂਦੀ ਬਿਜਲੀ ਮੁਹੱਈਆ ਕਰਵਾਈ ਜਾਵੇਗੀ ।