ਲਖੀਮਪੁਰ ਖੀਰੀ ਦੇ ਮਾਮਲੇ ਵਿੱਚ ਰਾਹੁਲ ਗਾਂਧੀ ਦੀ ਅਗਵਾਈ ਵਿੱਚ ਕਾਂਗਰਸ ਦਾ ਪ੍ਰਤੀਨਿਧੀਮੰਡਲ ਕੱਲ੍ਹ ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ ਮੁਲਾਕਾਤ ਕਰੇਗਾ। ਰਾਸ਼ਟਰਪਤੀ ਕੋਵਿੰਦ ਨੂੰ ਲਖੀਮਪੁਰ ਘਟਨਾ ‘ਤੇ ਉੱਤਰ ਪ੍ਰਦੇਸ਼ ਸਰਕਾਰ ਦੀ ਲਾਪਰਵਾਹੀ ਨੂੰ ਲੈ ਕੇ ਮੰਗ ਪੱਤਰ ਸੌਂਪਿਆ ਜਾਵੇਗਾ। ਦੱਸ ਦਈਏ ਕਿ ਕਾਂਗਰਸ ਦੇ ਜਨਰਲ ਸਕੱਤਰ (ਸੰਗਠਨ) ਕੇਸੀ ਵੇਣੂਗੋਪਾਲ ਨੇ ਰਾਸ਼ਟਰਪਤੀ ਨੂੰ ਪੱਤਰ ਲਿਖ ਕੇ ਪਾਰਟੀ ਆਗੂ ਰਾਹੁਲ ਗਾਂਧੀ ਦੀ ਅਗਵਾਈ ਵਾਲੇ ਵਫ਼ਦ ਨਾਲ ਮੁਲਾਕਾਤ ਲਈ ਸਮਾਂ ਮੰਗਿਆ ਹੈ।ਪ੍ਰਤੀਨਿਧੀਮੰਡਲ ਵਿੱਚ ਰਾਹੁਲ ਅਤੇ ਵੇਣੂਗੋਪਾਲ ਤੋਂ ਇਲਾਵਾ ਏ ਕੇ ਐਂਟਨੀ, ਮਲਿਕਾਰਜੁਨ ਖੜਗੇ, ਗੁਲਾਮ ਨਬੀ ਆਜ਼ਾਦ, ਪ੍ਰਿਅੰਕਾ ਗਾਂਧੀ ਵਾਡਰਾ ਅਤੇ ਅਧੀਰ ਰੰਜਨ ਚੌਧਰੀ ਸ਼ਾਮਲ ਹੋਣਗੇ।
ਜ਼ਿਕਰਯੋਗ ਹੈ ਕਿ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿੱਚ ਤਿੰਨ ਅਕਤੂਬਰ ਨੂੰ ਕਿਸਾਨਾਂ ਦੇ ਪ੍ਰਦਰਸ਼ਨ ਦੇ ਦੌਰਾਨ ਹਿੰਸਾ ਭੜਕ ਗਈ ਸੀ ਜਿਸ ਵਿੱਚ ਚਾਰ ਕਿਸਾਨ ਸਮੇਤ ਅੱਠ ਲੋਕ ਮਾਰੇ ਗਏ ਸਨ। ਇਸ ਮਾਮਲੇ ਵਿੱਚ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਦੇ ਬੇਟੇ ਆਸ਼ੀਸ਼ ਮਿਸ਼ਰਾ ਨੂੰ ਗ੍ਰਿਫ਼ਤਾਰ ਕਰ 3 ਦਿਨ ਦੀ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਗਿਆ ਹੈ ।