ਨਵੀਂ ਦਿੱਲੀ: ਲਖੀਮਪੁਰ ਖੀਰੀ ਮਾਮਲੇ ਦੀ ਸੁਣਵਾਈ ਅੱਜ ਸੁਪਰੀਮ ਕੋਰਟ ਵਿੱਚ ਹੋਈ। ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਕਿਹਾ ਕਿ ਉਹ ਉੱਤਰ ਪ੍ਰਦੇਸ਼ ਸਰਕਾਰ ਵੱਲੋਂ ਲਖੀਮਪੁਰ ਖੀਰੀ ਹਿੰਸਾ ਮਾਮਲੇ ਦੀ ਜਾਂਚ ਵਿੱਚ ਚੁੱਕੇ ਗਏ ਕਦਮਾਂ ਤੋਂ ਸੰਤੁਸ਼ਟ ਨਹੀਂ ਹੈ।
ਸੁਪਰੀਮ ਕੋਰਟ ਦੇ ਚੀਫ ਜਸਟਿਸ ਨੇ ਉੱਤਰ ਪ੍ਰਦੇਸ਼ ਸਰਕਾਰ ਨੂੰ ਕਿਹਾ ਹੈ ਕਿ ਉਹ ਆਪਣੇ ਡੀਜੀਪੀ ਨੂੰ ਇਹ ਯਕੀਨੀ ਬਣਾਉਣ ਲਈ ਕਹੇ ਕਿ ਜਦੋਂ ਤੱਕ ਕੋਈ ਹੋਰ ਏਜੰਸੀ ਇਸ ਨੂੰ ਸੰਭਾਲਦੀ ਹੈ, ਇਸ ਮਾਮਲੇ ਦੇ ਸਬੂਤ ਸੁਰੱਖਿਅਤ ਰਹਿਣ ਤੇ ਇਸ ਦੇ ਨਾਲ ਹੀ ਮਾਮਲੇ ਦੀ ਅਗਲੀ ਸੁਣਵਾਈ 20 ਅਕਤੂਬਰ ਨੂੰ ਹੋਵੇਗੀ।
ਸੁਪਰੀਮ ਕੋਰਟ ਨੇ ਪੁੱਛਿਆ ਕਿ ਜਦੋਂ ਕੇਸ 302 ਦਾ ਹੈ ਤਾਂ ਗ੍ਰਿਫਤਾਰੀ ਹੁਣ ਤੱਕ ਕਿਉਂ ਨਹੀਂ ਕੀਤੀ ਗਈ। ਉੱਤਰ ਪ੍ਰਦੇਸ਼ ਸਰਕਾਰ ਨੇ ਅੱਜ ਸੁਪਰੀਮ ਕੋਰਟ ਵਿੱਚ ਸਥਿਤੀ ਰਿਪੋਰਟ ਦਾਇਰ ਕੀਤੀ ਹੈ। ਯੂਪੀ ਸਰਕਾਰ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਹਰੀਸ਼ ਸਾਲਵੇ ਨੇ ਅਦਾਲਤ ਵਿੱਚ ਕਿਹਾ ਕਿ ਮੁਲਜ਼ਮ ਨੂੰ ਭਲਕੇ ਸਵੇਰੇ 11 ਵਜੇ ਪੇਸ਼ ਹੋਣ ਲਈ ਨੋਟਿਸ ਦਿੱਤਾ ਗਿਆ ਹੈ।
ਜੇਕਰ ਉਹ ਪੇਸ਼ ਨਹੀਂ ਹੋਇਆ ਤਾਂ ਕਾਰਵਾਈ ਕੀਤੀ ਜਾਵੇਗੀ। ਅਦਾਲਤ ਨੇ ਸਿੱਧੀ ਕਾਰਵਾਈ ਦੀ ਬਜਾਏ ਨੋਟਿਸ ਜਾਰੀ ਕਰਨ ‘ਤੇ ਸਵਾਲ ਉਠਾਏ। ਦੱਸ ਦਈਏ ਕਿ ਮੁੱਖ ਦੋਸ਼ੀ ਆਸ਼ੀਸ਼ ਮਿਸ਼ਰਾ ਨੂੰ ਅੱਜ ਕ੍ਰਾਈਮ ਬ੍ਰਾਂਚ ਨੇ ਪੁੱਛਗਿੱਛ ਲਈ ਬੁਲਾਇਆ ਸੀ ਪਰ ਉਹ ਨਹੀਂ ਪਹੁੰਚੇ। ਸੁਪਰੀਮ ਕੋਰਟ ਨੇ ਲਖੀਮਪੁਰ ਮਾਮਲੇ ਵਿੱਚ ਖੁਦ ਨੋਟਿਸ ਲੈਂਦਿਆਂ ਯੂਪੀ ਸਰਕਾਰ ਨੂੰ ਅੱਜ ਸਥਿਤੀ ਰਿਪੋਰਟ ਦਾਇਰ ਕਰਨ ਲਈ ਕਿਹਾ ਹੈ।