ਦੇਸ਼ ਅੰਦਰ ਮਹਿੰਗਈ ‘ਚ ਲਗਾਤਾਰ ਵਾਧਾ ਹੋ ਰਿਹਾ ਹੈ। ਜਿੱਥੇ ਪਹਿਲਾਂ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ‘ਚ ਲਗਾਤਾਰ ਵਾਧਾ ਹੋ ਰਿਹਾ ਹੈ, ਉੱਥੇ ਹੀ ਹੁਣ ਸਰਕਾਰੀ ਤੇਲ ਕੰਪਨੀਆਂ ਨੇ ਐਲ.ਪੀ.ਜੀ. ਗੈਸ ਸਿਲੰਡਰਾਂ ਦੀਆਂ ਕੀਮਤਾਂ ਵਧਾ ਦਿੱਤੀਆਂ ਹਨ। ਦੇਸ਼ ਦੀ ਸਭ ਤੋਂ ਵੱਡੀ ਸਰਕਾਰੀ ਤੇਲ ਕੰਪਨੀ ਇੰਡੀਅਨ ਆਇਲ ਕਾਰਪੋਰੇਸ਼ਨ ਨੇ 19 ਕਿਲੋ ਦੇ ਵਪਾਰਕ ਗੈਸ ਸਿਲੰਡਰ ਦੀ ਕੀਮਤ ਵਿੱਚ 73.5 ਰੁਪਏ ਪ੍ਰਤੀ ਸਿਲੰਡਰ ਦਾ ਵਾਧਾ ਕੀਤਾ ਹੈ। ਇਸ ਪ੍ਰਕਾਰ ਹੁਣ ਰਾਸ਼ਟਰੀ ਰਾਜਧਾਨੀ ਦਿੱਲੀ ਵਿੱਚ 19 ਕਿਲੋ ਵਪਾਰਕ ਗੈਸ ਸਿਲੰਡਰ ਦੀ ਕੀਮਤ 1550 ਰੁਪਏ ਤੋਂ ਵੱਧ ਕੇ 1623 ਰੁਪਏ ਪ੍ਰਤੀ ਸਿਲੰਡਰ ਹੋ ਗਈ ਹੈ।
ਤੇਲ ਕੰਪਨੀਆਂ ਨੇ 14.2 ਕਿਲੋਗ੍ਰਾਮ ਗੈਰ-ਸਬਸਿਡੀ ਵਾਲੇ ਘਰੇਲੂ ਰਸੋਈ ਗੈਸ ਸਿਲੰਡਰਾਂ ਦੀਆਂ ਕੀਮਤਾਂ ਵਿੱਚ ਵਾਧਾ ਨਹੀਂ ਕੀਤਾ ਹੈ। ਇਸ ਦੀ ਕੀਮਤ ‘ਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ। ਦਿੱਲੀ ਵਿੱਚ 14.2 ਕਿਲੋਗ੍ਰਾਮ ਗੈਰ ਸਬਸਿਡੀ ਵਾਲੇ ਰਸੋਈ ਗੈਸ ਸਿਲੰਡਰ ਦੀ ਕੀਮਤ 834.50 ਰੁਪਏ ਉੱਤੇ ਸਥਿਰ ਹੈ। ਇਸ ਤੋਂ ਪਹਿਲਾਂ ਪਿਛਲੇ ਮਹੀਨੇ ਯਾਨੀ ਜੁਲਾਈ ਵਿੱਚ ਤੇਲ ਕੰਪਨੀਆਂ ਨੇ ਘਰੇਲੂ ਰਸੋਈ ਗੈਸ ਸਿਲੰਡਰ ਦੀ ਕੀਮਤ ਵਿੱਚ 25.50 ਰੁਪਏ ਦਾ ਵਾਧਾ ਕੀਤਾ ਸੀ।
ਘਰੇਲੂ ਗੈਸ ਸਿਲੰਡਰਾਂ ਦੀ ਕੀਮਤ ‘ਚ ਮਈ ਅਤੇ ਜੂਨ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ ਸੀ। ਅਪ੍ਰੈਲ ਵਿੱਚ ਐਲ.ਪੀ.ਜੀ. ਸਿਲੰਡਰ ਦੀ ਕੀਮਤ ਵਿੱਚ 10 ਰੁਪਏ ਦੀ ਕਟੌਤੀ ਕੀਤੀ ਗਈ ਸੀ। ਅੱਜ ਦਿੱਲੀ ਵਿੱਚ ਐਲ.ਪੀ.ਜੀ. ਸਿਲੰਡਰ ਦੀ ਕੀਮਤ 834 ਰੁਪਏ ਹੈ। ਦਿੱਲੀ ਵਿੱਚ ਐਲ.ਪੀ.ਜੀ. ਸਿਲੰਡਰ ਦੀ ਕੀਮਤ ਇਸ ਸਾਲ ਜਨਵਰੀ ਵਿੱਚ 694 ਰੁਪਏ ਸੀ, ਜੋ ਫਰਵਰੀ ਵਿੱਚ ਵਧਾ ਕੇ 719 ਰੁਪਏ ਪ੍ਰਤੀ ਸਿਲੰਡਰ ਕਰ ਦਿੱਤੀ ਗਈ ਸੀ। 15 ਫਰਵਰੀ ਨੂੰ ਕੀਮਤ ਵਧਾ ਕੇ 769 ਰੁਪਏ ਕਰ ਦਿੱਤੀ ਗਈ ਸੀ।