ਅੰਮ੍ਰਿਤਸਰ : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜਦੇ ਬਜ਼ੁਰਗਾਂ ਅਤੇ ਅੰਗਹੀਣ ਸ਼ਰਧਾਲੂਆਂ ਦੀ ਸਹੂਲਤ ਲਈ ਵਰਲਡ ਕੈਂਸਰ ਕੇਅਰ ਵੱਲੋਂ 11 ਵੀਲ੍ਹ ਚੇਅਰ ਭੇਟ ਕੀਤੀਆਂ ਗਈਆਂ। ਵਰਲਡ ਕੈਂਸਰ ਕੇਅਰ ਸੰਸਥਾ ਦੇ ਚੇਅਰਮੈਨ ਡਾ. ਕੁਲਵੰਤ ਸਿੰਘ ਧਾਲੀਵਾਲ ਵੱਲੋਂ ਭੇਜੀਆਂ ਇਹ ਵੀਲ੍ਹ ਚੇਅਰ ਪ੍ਰਾਪਤ ਕਰਨ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾਲੂਆਂ ਵੱਲੋਂ ਵੱਖ-ਵੱਖ ਸੇਵਾਵਾਂ ਵਿਚ ਹਿੱਸਾ ਪਾ ਕੇ ਸ਼ਰਧਾ ਪ੍ਰਗਟਾਈ ਜਾਂਦੀ ਹੈ।

ਉਨ੍ਹਾਂ ਕਿਹਾ ਕਿ ਵਰਲਡ ਕੈਂਸਰ ਕੇਅਰ ਸੰਸਥਾ ਵੱਲੋਂ ਪਹਿਲਾਂ ਵੱਖ-ਵੱਖ ਤਖ਼ਤ ਸਾਹਿਬਾਨ ’ਤੇ ਬਜ਼ੁਰਗਾਂ ਤੇ ਅੰਗਹੀਣਾਂ ਦੀ ਸਹੂਲਤ ਲਈ ਵੇਲ ਚੇਅਰ ਦਿੱਤੀਆਂ ਗਈਆਂ ਹਨ ਅਤੇ ਹੁਣ ਉਨ੍ਹਾਂ ਨੇ ਆਪਣੀ ਸ਼ਰਧਾ ਅਨੁਸਾਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ 11 ਵੀਲ੍ਹ ਚੇਅਰ ਭੇਟ ਕੀਤੀਆਂ ਹਨ। ਬੀਬੀ ਜਗੀਰ ਕੌਰ ਨੇ ਵਰਲਡ ਕੈਂਸਰ ਕੇਅਰ ਸੰਸਥਾ ਵੱਲੋਂ ਕੀਤੀ ਸੇਵਾ ਦੀ ਸ਼ਲਾਘਾ ਕਰਦਿਆਂ ਸੰਸਥਾ ਦੇ ਨੁਮਾਇੰਦਿਆਂ ਦਾ ਧੰਨਵਾਦ ਕੀਤਾ। ਇਸ ਮੌਕੇ ਵਰਲਡ ਕੈਂਸਰ ਕੇਅਰ ਦੇ ਨੁਮਾਇੰਦੇ ਡਾ. ਧਰਮਿੰਦਰ ਸਿੰਘ ਢਿੱਲੋਂ, ਸ਼੍ਰੋਮਣੀ ਕਮੇਟੀ ਦੇ ਮੈਂਬਰ ਸ. ਗੁਰਮੇਲ ਸਿੰਘ ਸੰਗਤਪੁਰਾ, ਸ. ਅਮਰੀਕ ਸਿੰਘ ਵਿਛੋਆ ਤੇ ਸ. ਅਮਰਜੀਤ ਸਿੰਘ ਭਲਾਈਪੁਰ, ਓਐਸਡੀ ਡਾ. ਅਮਰੀਕ ਸਿੰਘ ਲਤੀਫਪੁਰ ਤੇ ਡਾ. ਸੁਖਬੀਰ ਸਿੰਘ, ਸ਼੍ਰੋਮਣੀ ਕਮੇਟੀ ਦੇ ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ ਆਦਿ ਮੌਜੂਦ ਸਨ।

LEAVE A REPLY

Please enter your comment!
Please enter your name here