ਗੁਰਦੁਆਰਾ ਸੁਧਾਰ ਲਹਿਰ ਦੇ ਸ਼ਹੀਦਾਂ ਦੀ ਯਾਦ ’ਚ ਸਿੱਖ ਮਿਸ਼ਨਰੀ ਸੰਸਥਾਵਾਂ ਦਾ ਗੁਰਮਤਿ ਸਮਾਗਮ ਆਯੋਜਤ
ਸ਼੍ਰੋਮਣੀ ਕਮੇਟੀ ਪ੍ਰਧਾਨ ਵੱਲੋਂ ਸਿੱਖ ਮਿਸ਼ਨਰੀ ਸੰਸਥਾਵਾਂ ਨੂੰ ਇੱਕ-ਇੱਕ ਲੱਖ ਰੁਪਏ ਸਾਲਾਨਾ ਸਹਾਇਤਾ ਦਾ ਐਲਾਨ
ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੌ ਸਾਲਾ ਸਥਾਪਨਾ ਦਿਵਸ ਨੂੰ ਸਮਰਪਿਤ ਅਤੇ ਗੁਰਦੁਆਰਾ ਸੁਧਾਰ ਲਹਿਰ ਦੇ ਸ਼ਹੀਦਾਂ ਦੀ ਯਾਦ ਵਿਚ ਅੱਜ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਿੱਖ ਮਿਸ਼ਨਰੀ ਸੰਸਥਾਵਾਂ ਦਾ ਇਕ ਭਰਵਾਂ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਦੌਰਾਨ ਸਿੱਖੀ ਦੇ ਪ੍ਰਚਾਰ ਪ੍ਰਸਾਰ ਲਈ ਪ੍ਰਚਾਰਕ, ਰਾਗੀ, ਤਬਲਾ ਵਾਦਕ ਗ੍ਰੰਥੀ ਤਿਆਰ ਕਰਦੀਆਂ 56 ਸਿੱਖ ਮਿਸ਼ਨਰੀ ਸੰਸਥਾਵਾਂ ਦੇ ਨੁਮਾਇੰਦਿਆਂ ਅਤੇ ਵੱਡੀ ਗਿਣਤੀ ਵਿਚ ਪ੍ਰਚਾਰਕਾਂ ਨੇ ਸ਼ਿਰਕਤ ਕੀਤੀ। ਇਸ ਦੌਰਾਨ ਆਪਣੇ ਸੰਬੋਧਨ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸਿੱਖ ਧਰਮ ਦੇ ਪ੍ਰਚਾਰ ਪ੍ਰਸਾਰ ਲਈ ਸਿੱਖ ਮਿਸ਼ਨਰੀ ਕਾਲਜਾਂ ਦੇ ਯੋਗਦਾਨ ਦੀ ਸ਼ਲਾਘਾ ਕੀਤੀ।
ਉਨ੍ਹਾਂ ਕਿਹਾ ਕਿ ਪੰਥ ਪ੍ਰਵਾਨਤ ਸਿੱਖ ਰਹਿਤ ਮਰਯਾਦਾ ਨੂੰ ਸਮਰਪਿਤ ਹੁੰਦਿਆਂ ਇਹ ਸੰਸਥਾਵਾਂ ਸੰਗਤਾਂ ਨੂੰ ਸਿੱਖੀ ਨਾਲ ਜੋੜ ਰਹੀਆਂ ਹਨ ਅਤੇ ਇਨ੍ਹਾਂ ਸੰਸਥਾਵਾਂ ਨੇ ਕੌਮ ਨੂੰ ਕਈ ਨਾਮਵਰ ਸ਼ਖ਼ਸੀਅਤਾਂ ਦਿੱਤੀਆਂ ਹਨ। ਇਸ ਮੌਕੇ ਬੀਬੀ ਜਗੀਰ ਕੌਰ ਨੇ ਸਿੱਖ ਮਿਸ਼ਨਰੀ ਕਾਲਜਾਂ ਵੱਲੋਂ ਸ਼੍ਰੋਮਣੀ ਕਮੇਟੀ ਦੀ ‘ਘਰਿ ਘਰਿ ਅੰਦਰਿ ਧਰਮਸਾਲ’ ਲਹਿਰ ਵਿਚ ਕੀਤੇ ਸਹਿਯੋਗ ਲਈ ਧੰਨਵਾਦ ਕਰਦਿਆਂ ਹਰ ਸਿੱਖ ਮਿਸ਼ਨਰੀ ਕਾਲਜ ਨੂੰ ਇੱਕ-ਇੱਕ ਲੱਖ ਰੁਪਏ ਦੀ ਸਲਾਨਾ ਸਹਾਇਤਾ ਦੇਣ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਖੁਦ 19 ਸਿੱਖ ਮਿਸ਼ਨਰੀ ਕਾਲਜ ਚਲਾਏ ਜਾ ਰਹੇ ਹਨ ਅਤੇ ਇਸੇ ਦੇ ਵਿਸਥਾਰ ਵਿਚ ਕਈ ਹੋਰ ਸੰਸਥਾਵਾਂ ਵੀ ਆਪਣਾ ਅਹਿਮ ਯੋਗਦਾਨ ਪਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਹਰ ਸਿੱਖ ਮਿਸ਼ਨਰੀ ਕਾਲਜ ਆਪਸ ਵਿਚ ਸੰਪਰਕ ਤਹਿਤ ਅੱਗੇ ਵਧਣਾ ਚਾਹੀਦਾ ਹੈ, ਤਾਂ ਜੋ ਕੌਮ ਦੀਆਂ ਚੁਣੌਤੀਆਂ ਦਾ ਇਕਜੁਟ ਹੋ ਕੇ ਮੁਕਾਬਲਾ ਕੀਤਾ ਜਾ ਸਕੇ।
ਬੀਬੀ ਜਗੀਰ ਕੌਰ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਤਰਨ ਤਾਰਨ ਵਿਖੇ ਮਾਤਾ ਸਾਹਿਬ ਕੌਰ ਜੀ ਦੇ ਨਾਂ ’ਤੇ ਲੜਕੀਆਂ ਦਾ ਸਿੱਖ ਮਿਸ਼ਨਰੀ ਕਾਲਜ ਵੀ ਜਲਦ ਖੋਲ੍ਹੇਗੀ, ਤਾਂ ਜੋ ਸਿੱਖ ਬੀਬੀਆਂ ਵੀ ਸਿੱਖੀ ਪ੍ਰਚਾਰ ਦੇ ਖੇਤਰ ਵਿਚ ਭਰਵੀਂ ਸ਼ਮੂਲੀਅਤ ਕਰ ਸਕਣ। ਉਨ੍ਹਾਂ ਸਮਾਗਮ ਵਿਚ ਸ਼ਾਮਲ ਹੋਣ ਆਏ ਸਿੱਖ ਮਿਸ਼ਨਰੀ ਕਾਲਜਾਂ ਦੇ ਪ੍ਰਤੀਨਿਧਾਂ ਦਾ ਧੰਨਵਾਦ ਕੀਤਾ।ਸਮਾਗਮ ’ਚ ਸਿੱਖ ਮਿਸ਼ਨਰੀ ਕਾਲਜਾਂ ਦੇ ਵਿਦਿਆਰਥੀਆਂ ਨੇ ਗੁਰਮਤਿ ਕੀਰਤਨ ਕੀਤਾ ਅਤੇ ਵੱਖ-ਵੱਖ ਵਿਦਵਾਨਾਂ ਨੇ ਸੰਗਤਾਂ ਨਾਲ ਵਿਚਾਰ ਵੀ ਸਾਂਝੇ ਕੀਤੇ। ਸਿੱਖ ਮਿਸ਼ਨਰੀ ਕਾਲਜ ਸ੍ਰੀ ਅਨੰਦਪੁਰ ਸਾਹਿਬ ਦੇ ਪ੍ਰਿੰਸੀਪਲ ਸੁਰਿੰਦਰ ਸਿੰਘ ਨੇ ਸਿੱਖ ਪ੍ਰਚਾਰਕ ਦਾ ਜੀਵਨ ਤੇ ਧਰਮ ਪ੍ਰਚਾਰ ਕਿਵੇਂ ਕਰੀਏ ਵਿਸ਼ੇ ’ਤੇ ਆਪਣੇ ਵਿਚਾਰ ਪੇਸ਼ ਕੀਤੇ।
ਇਸੇ ਤਰ੍ਹਾਂ ਗੁਰਮਤਿ ਗਿਆਨ ਕਾਲਜ ਲੁਧਿਆਣਾ ਦੇ ਪ੍ਰਿੰਸੀਪਲ ਗੁਰਬਚਨ ਸਿੰਘ ਪੰਨਵਾਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਇਤਿਹਾਸ ਤੇ ਇਸ ਨੂੰ ਮਜ਼ਬੂਤ ਕਰਨ, ਸਹਿਬਜ਼ਾਦਾ ਜੁਝਾਰ ਸਿੰਘ ਸਿੱਖ ਮਿਸ਼ਨਰੀ ਕਾਲਜ ਚੌਂਤਾ ਦੇ ਪ੍ਰੋਫੈਸਰ ਮਨਿੰਦਰਪਾਲ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਮਹਾਨਤਾ ਅਤੇ ਸਿੱਖ ਮਿਸ਼ਨਰੀ ਕਾਲਜ ਲੁਧਿਆਣਾ ਦੇ ਚੇਅਰਮੈਨ ਸ. ਹਰਜੀਤ ਸਿੰਘ ਨੇ ਸਿੱਖ ਰਹਿਤ ਮਰਯਾਦਾ ਦੇ ਮਹੱਤਵ ਬਾਰੇ ਭਾਵਪੂਰਤ ਵਿਚਾਰ ਸਾਂਝੇ ਕੀਤੇ। ਬੁਲਾਰਿਆਂ ਨੇ ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਮਿਸ਼ਨਰੀ ਸੰਸਥਾਵਾਂ ਦੇ ਸਮਾਗਮ ਲਈ ਬੀਬੀ ਜਗੀਰ ਕੌਰ ਦਾ ਧੰਨਵਾਦ ਕੀਤਾ ਅਤੇ ਸ਼੍ਰੋਮਣੀ ਕਮੇਟੀ ਦੇ ਧਰਮ ਪ੍ਰਚਾਰ ਕਾਰਜਾਂ ਵਿਚ ਹਮੇਸ਼ਾ ਸਹਿਯੋਗ ਦੇਣ ਦੀ ਵਚਨਬੱਧਤਾ ਪ੍ਰਗਟਾਈ। ਸਮਾਗਮ ਦੌਰਾਨ ਸਟੇਜ ਸੰਚਾਲਨ ਦੀ ਸੇਵਾ ਡਾ. ਅਮਰੀਕ ਸਿੰਘ ਲਤੀਫਪੁਰ ਤੇ ਹੈੱਡ ਪ੍ਰਚਾਰਕ ਭਾਈ ਜਸਵਿੰਦਰ ਸਿੰਘ ਸ਼ਹੂਰ ਵੱਲੋਂ ਸਾਂਝੇ ਤੌਰ ’ਤੇ ਨਿਭਾਈ ਗਈ।
ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਵਧੀਕ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਲੁਧਿਆਣਾ, ਗ੍ਰੰਥੀ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ, ਸਿੰਘ ਸਾਹਿਬ ਗਿਆਨੀ ਰਾਜਬੀਰ ਸਿੰਘ, ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਮਨਜੀਤ ਸਿੰਘ ਭੂਰਾਕੋਹਨਾ, ਸ. ਅਲਵਿੰਦਰਪਾਲ ਸਿੰਘ ਪੱਖੋਕੇ, ਭਾਈ ਗੁਰਚਰਨ ਸਿੰਘ ਗਰੇਵਾਲ, ਸ. ਅਮਰਜੀਤ ਸਿੰਘ ਭਲਾਈਪੁਰ, ਸ. ਹਰਪਾਲ ਸਿੰਘ ਜੱਲ੍ਹਾ, ਬੀਬੀ ਕੁਲਦੀਪ ਕੌਰ ਟੌਹੜਾ, ਬੀਬੀ ਕਿਰਨਜੋਤ ਕੌਰ, ਸ. ਅਮਰੀਕ ਸਿੰਘ ਵਿਛੋਆ, ਸ. ਸੁਰਜੀਤ ਸਿੰਘ ਵਿਛੋਆ, ਸ. ਜਰਨੈਲ ਸਿੰਘ ਡੋਗਰਾਂਵਾਲਾ, ਪ੍ਰਿੰਸੀਪਲ ਸੁਰਿੰਦਰ ਸਿੰਘ, ਸ. ਅਮਰਜੀਤ ਸਿੰਘ ਬੰਡਾਲਾ, ਸ. ਕੁਲਦੀਪ ਸਿੰਘ ਤੇੜਾ, ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਸਿਮਰਜੀਤ ਸਿੰਘ ਕੰਗ, ਸ. ਗੁਰਮੀਤ ਸਿੰਘ ਆਨਰੇਰੀ ਸਕੱਤਰ, ਓਐਸਡੀ ਡਾ. ਅਮਰੀਕ ਸਿੰਘ ਤਲੀਫਪੁਰ, ਡਾ. ਸੁਖਬੀਰ ਸਿੰਘ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ ਆਦਿ ਮੌਜੂਦ ਸਨ।