ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਸਿੱਖ ਜਗਤ ਨੂੰ ਵਧਾਈ ਦਿੰਦਿਆਂ ਗੁਰੂ ਸਾਹਿਬ ਦੇ ਉਪਦੇਸ਼ਾਂ ’ਤੇ ਚੱਲਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਬਾਣੀ ਮਾਨਵਤਾ ਨੂੰ ਸੱਚ ਦੇ ਮਾਰਗ ’ਤੇ ਚੱਲਣ ਦਾ ਮਾਰਗ ਦਿਖਾਉਂਦੀ ਹੈ। ਗੁਰੂ ਸਾਹਿਬ ਜੀ ਦਾ ਕਿਰਤ ਕਰੋ, ਨਾਮ ਜਪੋ ਤੇ ਵੰਡ ਛਕੋ ਦਾ ਉਪਦੇਸ਼ ਸਮੁੱਚੀ ਮਾਨਵਤਾ ਨੂੰ ਜੋੜਨ ਵਾਲਾ ਹੈ ਅਤੇ ਉਨ੍ਹਾਂ ਨੇ ਜਾਤਾਂ-ਪਾਤਾਂ ਤੋਂ ਉੱਪਰ ਉੱਠ ਕੇ ਮਨੁੱਖ ਨੂੰ ਇਕ ਅਕਾਲ ਪੁਰਖ ਨਾਲ ਜੁੜਨ ਦਾ ਰਾਹ ਦਿਖਾਇਆ।
ਬੀਬੀ ਜਗੀਰ ਕੌਰ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਔਰਤ ਵਰਗ ਨੂੰ ਵੀ ਵਡਿਆਈ ਬਖ਼ਸ਼ੀ, ਜੋ ਦੁਨੀਆਂ ਦੇ ਧਾਰਮਿਕ ਇਤਿਹਾਸ ਅੰਦਰ ਇਕ ਕ੍ਰਾਂਤੀਕਾਰੀ ਫੈਸਲਾ ਸੀ। ਉਨ੍ਹਾਂ ਗੁਰੂ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਸੰਗਤ ਨੂੰ ਮੁਬਾਰਕਬਾਦ ਦਿੰਦਿਆਂ ਜਿਥੇ ਗੁਰੂ ਸਾਹਿਬ ਦੇ ਉਪਦੇਸ਼ਾਂ ’ਤੇ ਚੱਲਣ ਦੀ ਅਪੀਲ ਕੀਤੀ, ਉਥੇ ਹੀ ਆਪੋ-ਆਪਣੇ ਘਰਾਂ ਵਿਚ ਦੀਪਮਾਲਾ ਕਰਨ ਦੀ ਪ੍ਰੇਰਣਾ ਕੀਤੀ।