ਸ਼੍ਰੋਮਣੀ ਕਮੇਟੀ ਵੱਲੋਂ ਅੰਮ੍ਰਿਤਧਾਰੀ ਬੱਚਿਆਂ ਨੂੰ ਵਜੀਫਾ ਰਾਸ਼ੀ ਦੇ ਚੈੱਕ ਵੰਡੇ ਗਏ

0
92

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿਦਿਅਕ ਅਦਾਰਿਆਂ ਵਿਚ ਪੜ੍ਹ ਰਹੇ ਅੰਮ੍ਰਿਤਧਾਰੀ ਵਿਦਿਆਰਥੀਆਂ ਨੂੰ ਧਰਮ ਪ੍ਰਚਾਰ ਕਮੇਟੀ ਵੱਲੋਂ ਵਜੀਫਾ ਰਾਸ਼ੀ ਦੇ ਚੈੱਕ ਤਕਸੀਮ ਕੀਤੇ ਗਏ। ਇਹ ਵਜੀਫਾ ਰਾਸ਼ੀ ਸੈਸ਼ਨ 2021-22 ਦੇ ਵਿਦਿਆਰਥੀਆਂ ਨੂੰ ਦਿੱਤੀ ਗਈ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਆਦੇਸ਼ਾਂ ਅਨੁਸਾਰ ਵਜੀਫਾ ਰਾਸ਼ੀ ਦੇ ਚੈੱਕ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਸ. ਸੁਖਵਰਸ਼ ਸਿੰਘ ਪੰਨੂ, ਸ. ਰਾਮਪਾਲ ਸਿੰਘ ਬਹਿਣੀਵਾਲ, ਸ. ਅਵਤਾਰ ਸਿੰਘ ਵਣਵਾਲਾ, ਸ. ਤੇਜਿੰਦਰਪਾਲ ਸਿੰਘ, ਸ. ਮਨਜੀਤ ਸਿੰਘ ਬੱਪੀਆਣਾ, ਸਕੱਤਰ ਸ. ਮਹਿੰਦਰ ਸਿੰਘ ਆਹਲੀ, ਵਧੀਕ ਸਕੱਤਰ ਸ. ਪ੍ਰਤਾਪ ਸਿੰਘ, ਸ. ਪਰਮਜੀਤ ਸਿੰਘ ਸਰੋਆ ਤੇ ਓਐਸਡੀ ਸ. ਸਤਬੀਰ ਸਿੰਘ ਧਾਮੀ ਨੇ ਵਿਦਿਆਰਥੀਆਂ ਨੂੰ ਦਿੱਤੇ।

ਧਰਮ ਪ੍ਰਚਾਰ ਕਮੇਟੀ ਦੇ ਵਧੀਕ ਸਕੱਤਰ ਸ. ਪਰਮਜੀਤ ਸਿੰਘ ਸਰੋਆ ਨੇ ਦੱਸਿਆ ਕਿ ਧਰਮ ਪ੍ਰਚਾਰ ਕਮੇਟੀ ਵੱਲੋਂ ਅੰਮ੍ਰਿਤਧਾਰੀ ਬੱਚਿਆਂ ਨੂੰ ਹਰ ਸਾਲ ਵਜੀਫਾ ਦਿੱਤਾ ਜਾਂਦਾ ਹੈ, ਜਿਸ ਤਹਿਤ ਦਸਵੀਂ ਤੱਕ ਦੇ ਵਿਦਿਆਰਥੀਆਂ ਨੂੰ 3500 ਰੁਪਏ, ਗਿਆਰ੍ਹਵੀਂ ਤੇ ਬਾਰ੍ਹਵੀਂ ਕਲਾਸ ਦੇ ਵਿਦਿਆਰਥੀਆਂ ਨੂੰ 5 ਹਜ਼ਾਰ ਰੁਪਏ, ਗ੍ਰੈਜੂਏਸ਼ਨ ਪੱਧਰ ਤੱਕ ਲਈ 8 ਹਜ਼ਾਰ ਰੁਪਏ ਅਤੇ ਪੋਸਟ ਗ੍ਰੈਜੂਏਸ਼ਨ ਦੇ ਵਿਦਿਆਰਥੀਆਂ ਨੂੰ 10 ਹਜ਼ਾਰ ਰੁਪਏ ਵਜੀਫਾ ਰਾਸ਼ੀ ਦਿੱਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਧਰਮ ਪ੍ਰਚਾਰ ਕਮੇਟੀ ਵੱਲੋਂ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠਲੇ 78 ਸਕੂਲ/ਕਾਲਜਾਂ ਦੇ ਵਿਦਿਆਰਥੀਆਂ ਨੂੰ 2 ਕਰੋੜ ਦੇ ਕਰੀਬ ਵਜੀਫਾ ਰਾਸ਼ੀ ਦਿੱਤੀ ਜਾਣੀ ਹੈ, ਜਿਨ੍ਹਾਂ ਵਿੱਚੋਂ ਅੰਮ੍ਰਿਤਸਰ ਅਤੇ ਗੁਰਦਾਸਪੁਰ ਜ਼ਿਲ੍ਹੇ ਨਾਲ ਸਬੰਧਤ 11 ਸਕੂਲਾਂ/ਕਾਲਜਾਂ ਨੂੰ ਚੈੱਕ ਦਿੱਤੇ ਗਏ ਹਨ।

ਪਰਮਜੀਤ ਸਿੰਘ ਸ. ਸਰੋਆ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਸਿੱਖ ਪੰਥ ਦੀ ਮਹਾਨ ਸੰਸਥਾ ਹੈ, ਜੋ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧਾਂ ਦੇ ਨਾਲ-ਨਾਲ ਧਰਮ ਪ੍ਰਚਾਰ ਦੇ ਖੇਤਰ ਵਿਚ ਵੀ ਵੱਡੀ ਭੂਮਿਕਾ ਨਿਭਾਅ ਰਹੀ ਹੈ। ਉਨ੍ਹਾਂ ਕਿਹਾ ਕਿ ਸਿੱਖ ਬੱਚਿਆਂ ਨੂੰ ਉਤਸ਼ਾਹਿਤ ਕਰਨ ਲਈ ਧਰਮ ਪ੍ਰਚਾਰ ਕਮੇਟੀ ਵੱਲੋਂ ਹਰ ਸਾਲ ਵਜੀਫਾ ਰਾਸ਼ੀ ਦਿੱਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਅੰਮ੍ਰਿਤਧਾਰੀ ਬੱਚਿਆਂ ਨੂੰ ਵਜੀਫਾ ਦੇਣ ਦਾ ਮੰਤਵ ਬੱਚਿਆਂ ਨੂੰ ਗੁਰਬਾਣੀ ਤੇ ਸਿੱਖ ਇਤਿਹਾਸ ਨਾਲ ਜੋੜਨ ਦਾ ਯਤਨ ਹੈ। ਉਨ੍ਹਾਂ ਮਾਪਿਆਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਗੁਰਸਿੱਖੀ ਨਾਲ ਜੋੜਨ ਲਈ ਅੱਗੇ ਆਉਣ। ਇਸ ਮੌਕੇ ਮੀਤ ਸਕੱਤਰ ਸ. ਗੁਰਮੀਤ ਸਿੰਘ ਬੁੱਟਰ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਸ. ਪਲਵਿੰਦਰ ਸਿੰਘ, ਇੰਚਾਰਜ ਸ. ਸ਼ਾਹਬਾਜ਼ ਸਿੰਘ ਤੇ ਸੁਪਰਵਾਈਜ਼ਰ ਸ. ਤਰਸੇਮ ਸਿੰਘ ਆਦਿ ਮੌਜੂਦ ਸਨ।

LEAVE A REPLY

Please enter your comment!
Please enter your name here