ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਵਿੱਚ ਬੀਤੇ ਦਿਨੀ ਪਾਰਟੀ ਦੇ ਸੀਨੀਅਰ ਲੀਡਰਾਂ ਦੇ ਇੱਕ ਵਫ਼ਦ ਵੱਲੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਕੇ ਪੰਥ ਅਤੇ ਪੰਜਾਬ ਦੀਆਂ ਅਹਿਮ ਮੰਗਾਂ ਨੂੰ ਲੈ ਕੇ ਵਿਸਥਾਰਪੂਰਵਕ ਚਰਚਾ ਕੀਤੀ ਗਈ। ਇਸ ਦੌਰਾਨ ਪਾਰਟੀ ਵੱਲੋਂ ਸੌਂਪੇ ਗਏ ਮੰਗ ਪੱਤਰ ’ਤੇ ਅਮਿਤ ਸ਼ਾਹ ਨੇ ਪਾਰਟੀ ਦੇ ਵਫ਼ਦ ਨੂੰ ਮੰਗਾਂ ਮੰਨਣ ਦਾ ਭਰੋਸਾ ਦਿੱਤਾ। ਮੀਟਿੰਗ ਵਿੱਚ ਭਾਜਪਾ ਦੇ ਸੀਨੀਅਰ ਲੀਡਰ ਅਤੇ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਵੀ ਮੌਜੂਦ ਸਨ।
ਪਾਰਟੀ ਦੇ ਵਫ਼ਦ ਵਿੱਚ ਪਰਮਿੰਦਰ ਸਿੰਘ ਢੀਂਡਸਾ, ਰਣਜੀਤ ਸਿੰਘ ਤਲਵੰਡੀ, ਜਸਟਿਸ ਨਿਰਮਲ ਸਿੰਘ (ਸੇਵਾਮੁਕਤ), ਜਗਦੀਸ਼ ਸਿੰਘ ਗਰਚਾ, ਸੁਖਵਿੰਦਰ ਸਿੰਘ ਔਲਖ, ਮਨਜੀਤ ਸਿੰਘ ਬਪੀਆਣਾ, ਸੁਖਵੰਤ ਸਿੰਘ ਸਰਾਓ ਹਰਪ੍ਰੀਤ ਸਿੰਘ ਬੰਨੀ ਜੌਲੀ ਸ਼ਾਮਿਲ ਸਨ।
ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਵਫਦ ਵੱਲੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਹੋਈ ਮੀਟਿੰਗ ਦੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਸੀਨੀਅਰ ਆਗੂ, ਵਿਧਾਇਕ ਅਤੇ ਸਾਬਕਾ ਵਿੱਤ ਮੰਤਰੀ ਸ: ਪਰਮਿੰਦਰ ਸਿੰਘ ਢੀਂਡਸਾ ਨੇ ਦੱਸਿਆ ਕਿ ਪਾਰਟੀ ਦੇ ਸੀਨੀਅਰ ਆਗੂਆਂ ਵੱਲੋਂ ਗ੍ਰਹਿ ਮੰਤਰੀ ਨਾਲ ਕੀਤੀ ਗਈ ਮੁਲਾਕਾਤ ਦੌਰਾਨ ਉਚੇਚੇ ਤੌਰ ‘ਤੇ ਜੇਲ੍ਹਾਂ ਵਿੱਚ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਦਾ ਮੁੱਦਾ ਚੁੱਕਿਆ ਗਿਆ।
ਪਾਰਟੀ ਨੇ ਕੁੱਲ 20 ਬੰਦੀ ਸਿੰਘਾਂ ਨੂੰ ਰਿਹਾਅ ਕਰਨ ਦੀ ਸੂਚੀ ਕੇਂਦਰੀ ਗ੍ਰਹਿ ਮੰਤਰੀ ਨੂੰ ਸੌਂਪੀ ਹੈ। ਇਸ ਦੌਰਾਨ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਕਾਨੂੰਨ ਦੇ ਦਾਇਰੇ ਵਿੱਚ ਰਹਿੰਦਿਆਂ ਹਰ ਸੰਭਵ ਮਦਦ ਕਰਨ ਦਾ ਭਰੋਸਾ ਦਿੱਤਾ ਗਿਆ। ਇਸ ਤੋਂ ਇਲਾਵਾ ਪਾਰਟੀ ਵੱਲੋਂ ਪੰਜਾਬ ਦੇ ਕਿਸਾਨਾਂ ਅਤੇ ਖੇਤ ਮਜਦੂਰਾਂ ਦੇ ਕਰਜ਼ਾ ਮੁਆਫ਼ੀ ਅਤੇ ਆਰਥਕ ਪੈਕੇਜ ਆਦਿ ਦੇਣ ਦੀ ਵੀ ਮੰਗ ਕੀਤੀ ਗਈ। ਪਰਮਿੰਦਰ ਸਿੰਘ ਢੀਂਡਸਾ ਨੇ ਦੱਸਿਆ ਕਿ ਗ੍ਰਹਿ ਮੰਤਰੀ ਨਾਲ ਹੋਈ ਮੀਟਿੰਗ ਦੌਰਾਨ ਪੰਜਾਬ ਵਿੱਚ ਸਨਅਤ ਨੂੰ ਉਤਸਾਹਿਤ ਕਰਨ ਲਈ ਵੱਡੇ ਪੱਧਰ ‘ਤੇ ਉਪਰਾਲੇ ਕਰਨ ‘ਤੇ ਜ਼ੋਰ ਦਿੱਤਾ ਗਿਆ।