ਚੰਡੀਗੜ੍ਹ : ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ 16 ਜੂਨ ਨੂੰ ਐੱਸ. ਆਈ. ਟੀ. ਅੱਗੇ ਪੇਸ਼ ਨਹੀਂ ਹੋਣਗੇ। ਬਾਦਲ ਨੇ ਐੱਸ. ਆਈ. ਟੀ. ਅੱਗੇ ਨਾ ਪੇਸ਼ ਹੋਣ ਪਿੱਛੇ ਖ਼ਰਾਬ ਸਿਹਤ ਦਾ ਹਵਾਲਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਏਮਜ਼ ਬਠਿੰਡਾ ’ਚ ਵੀ ਸਿਹਤ ਜਾਂਚ ਹੋਈ ਹੈ ਅਤੇ ਡਾਕਟਰੀ ਸਲਾਹ ’ਤੇ ਉਹ ਐੱਮ.ਐੱਲ. ਏ. ਫਲੈਟ ’ਚ ਅਰਾਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਐੱਸ. ਆਈ. ਟੀ. ਨੂੰ 16 ਜੂਨ ਵਾਲੇ ਦਿਨ ਪੇਸ਼ ਨਹੀਂ ਹੋਣ ਬਾਰੇ ਉਨ੍ਹਾਂ ਵਲੋਂ ਲਿਖਤੀ ਰੂਪ ’ਚ ਅੱਜ ਭੇਜ ਦਿੱਤਾ ਜਾਏਗਾ।ਉਨ੍ਹਾਂ ਨੇ ਕਿਹਾ ਕਿ ਜਦੋਂ ਉਹ ਠੀਕ ਹੋ ਗਏ ਤਾਂ ਉਹ ਉਸੇ ਦਿਨ ਹੀ ਐੱਸ. ਆਈ. ਟੀ. ਦੀ ਜਾਂਚ ’ਚ ਆਪਣਾ ਪੂਰਾ ਸਹਿਯੋਗ ਦੇਣਗੇ।

ਕੋਟਕਪੂਰਾ ਗੋਲ਼ੀ ਕਾਂਡ ਦੀ ਪੜਤਾਲ ਕਰ ਰਹੀ ਵਿਸ਼ੇਸ਼ ਜਾਂਚ ਟੀਮ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਪੁੱਛ-ਗਿੱਛ ਲਈ 16 ਜੂਨ ਨੂੰ ਤਲਬ ਕੀਤਾ ਹੈ। ਏ. ਡੀ. ਜੀ. ਪੀ. ਐੱਲ. ਕੇ. ਯਾਦਵ ਦੀ ਅਗਵਾਈ ਵਾਲੀ ਜਾਂਚ ਟੀਮ ਨੇ ਬਾਦਲ ਨੂੰ ਮੁਹਾਲੀ ਦੇ ਫੇਜ਼-8 ਵਿਚ ਪੁੱਛ-ਗਿੱਛ ਲਈ ਬੁਲਾਇਆ ਹੈ। ਇਥੇ ਇਹ ਵੀ ਦੱਸਣਾ ਬਣਦਾ ਹੈ ਕਿ ਇਸ ਤੋਂ ਪਹਿਲਾਂ ਪ੍ਰਕਾਸ਼ ਸਿੰਘ ਬਾਦਲ ਕੋਟਕਪੂਰਾ ਅਤੇ ਬਹਿਬਲ ਗੋਲੀ ਕਾਂਡ ਦੇ ਸਬੰਧ ਵਿਚ ਕੁੰਵਰ ਵਿਜੈ ਪ੍ਰਤਾਪ ਦੀ ਅਗਵਾਈ ਹੇਠਲੀ ਟੀਮ ਅੱਗੇ ਪੁੱਛ-ਪੜਤਾਲ ਲਈ ਪੇਸ਼ ਹੋ ਚੁੱਕੇ ਹਨ।

ਜਾਂਚ ਟੀਮ ਨੇ ਸਾਬਕਾ ਡੀ. ਜੀ. ਪੀ. ਅਤੇ ਪੰਜ ਹੋਰ ਆਈ. ਪੀ. ਐੱਸ. ਅਧਿਕਾਰੀਆਂ ਤੋਂ ਪੁੱਛ-ਪੜਤਾਲ ਮੁਕੰਮਲ ਕਰਕੇ ਹੁਣ ਪ੍ਰਕਾਸ਼ ਸਿੰਘ ਬਾਦਲ ਨੂੰ ਜਾਂਚ ਲਈ ਬੁਲਾਇਆ ਹੈ। ਜਾਣਕਾਰੀ ਅਨੁਸਾਰ ਗੋਲੀ ਕਾਂਡ ਤੋਂ ਪਹਿਲਾਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਫ਼ਰੀਦਕੋਟ ਪ੍ਰਸ਼ਾਸਨ ਨਾਲ ਲੰਬੀ ਗੱਲਬਾਤ ਹੋਈ ਸੀ ਅਤੇ ਦਾਅਵਾ ਕੀਤਾ ਜਾ ਰਿਹਾ ਹੈ ਕਿ ਉਨ੍ਹਾਂ ਪ੍ਰਸ਼ਾਸਨ ਨੂੰ ਗੱਲਬਾਤ ਰਾਹੀਂ ਮਾਮਲਾ ਨਿਬੇੜਨ ਲਈ ਕਿਹਾ ਸੀ। ਗੱਲਬਾਤ ਹੋਣ ਦੇ ਕਰੀਬ ਇੱਕ ਘੰਟੇ ਬਾਅਦ ਹੀ ਕੋਟਕਪੂਰਾ ’ਚ ਗੋਲੀ ਚੱਲ ਗਈ ਸੀ।

ਜਾਂਚ ਟੀਮ ਇਹ ਜਾਣਨਾ ਚਾਹੁੰਦੀ ਹੈ ਕਿ ਜਦੋਂ ਪ੍ਰਕਾਸ਼ ਸਿੰਘ ਬਾਦਲ ਨੇ ਮੁੱਖ ਮੰਤਰੀ ਵਜੋਂ ਮਾਮਲਾ ਗੱਲਬਾਤ ਰਾਹੀਂ ਨਿਬੇੜਨ ਦੇ ਆਦੇਸ਼ ਦਿੱਤੇ ਸਨ ਤਾਂ ਫਿਰ ਗੋਲੀ ਕਿਸ ਦੇ ਹੁਕਮਾਂ ’ਤੇ ਚਲਾਈ ਗਈ।ਇਸ ਪੂਰੇ ਮਾਮਲੇ ‘ਚ ਜਾਂਚ ਟੀਮ ਡੂੰਘਾਈ ਨਾਲ ਛਾਣਬੀਣ ਕਰ ਰਹੀ ਹੈ।

 

LEAVE A REPLY

Please enter your comment!
Please enter your name here