ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼ਰਧਾ ਨਾਲ ਮਨਾਇਆ ਛੇਵੇਂ ਪਾਤਸ਼ਾਹ ਦਾ ਮੀਰੀ ਪੀਰੀ ਦਿਵਸ

0
73

ਅੰਮ੍ਰਿਤਸਰ : ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੇ ਮੀਰੀ ਪੀਰੀ ਦਿਵਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ, ਜਿਸ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਅਤੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਹਰਭਿੰਦਰ ਸਿੰਘ ਦੇ ਜਥੇ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਨਾਲ ਜੋੜਿਆ ਅਤੇ ਅਰਦਾਸ ਭਾਈ ਸੁਲਤਾਨ ਸਿੰਘ ਨੇ ਕੀਤੀ। ਪਾਵਨ ਹੁਕਮਨਾਮੇ ਮਗਰੋਂ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਮੀਰੀ ਪੀਰੀ ਦਿਹਾੜੇ ਦਾ ਇਤਿਹਾਸ ਸਾਂਝਾ ਕਰਦਿਆਂ ਸੰਗਤ ਨੂੰ ਗੁਰੂ ਸਾਹਿਬ ਵੱਲੋਂ ਦਰਸਾਏ ਮਾਰਗ ’ਤੇ ਚੱਲਣ ਦੀ ਪ੍ਰੇਰਣਾ ਕੀਤੀ।

ਸਮਾਗਮ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਮੀਰੀ ਪੀਰੀ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਸਿੱਖ ਕੌਮ ਅੰਦਰ ਇਹ ਸਿਧਾਂਤ ਭਗਤੀ ਅਤੇ ਸ਼ਕਤੀ ਦਾ ਸੁਮੇਲ ਹੈ, ਜਿਸ ਦਾ ਦੁਨੀਆਂ ਦੇ ਧਾਰਮਿਕ ਇਤਿਹਾਸ ਅੰਦਰ ਵੱਡਾ ਮਹੱਤਵ ਹੈ। ਉਨ੍ਹਾਂ ਕਿਹਾ ਕਿ ਛੇਵੇਂ ਪਾਤਸ਼ਾਹ ਵੱਲੋਂ ਸਿੱਖ ਕੌਮ ਨੂੰ ਮੀਰੀ ਪੀਰੀ ਦੇ ਸਿਧਾਂਤ ਨਾਲ ਜੋੜ ਕੇ ਜੋ ਮਾਰਗ ਦਿਖਾਇਆ ਗਿਆ, ਉਹ ਅਧਿਆਤਮ ਨਾਲ ਜੁੜਨ ਦੇ ਨਾਲ-ਨਾਲ ਮਜਲੂਮਾਂ ਦੀ ਰੱਖਿਆ ਕਰਨ ਵਾਲਾ ਹੈ। ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਆਖਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਮੀਰੀ ਪੀਰੀ ਦੀ ਅਵਾਜ਼ ਸਮੇਂ ਦੀ ਜਾਲਮ ਮੁਗਲ ਹਕੂਮਤ ਦੀ ਜੜ੍ਹਾਂ ਹਲਾਉਣ ਵਾਲੀ ਸਾਬਤ ਹੋਈ। ਇਸ ਨੇ ਸ਼ਕਤੀਸ਼ਾਲੀ ਅਤੇ ਨਿਰਦਈ ਹਕੂਮਤ ਦੇ ਜ਼ੁਲਮਾਂ ਦਾ ਮੁਕਾਬਲਾ ਕੀਤਾ, ਜਿਸ ਨਾਲ ਲੋਕਾਂ ਦੀ ਕਾਇਰਤਾ ਵਾਲੀ ਸੋਚ ਬਦਲੀ ਤੇ ਉਹ ਗੁਲਾਮ ਜੀਵਨ ਵਿੱਚੋਂ ਬਾਹਰ ਆਏ। ਇਹੋ ਕਾਰਨ ਸੀ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਹਕੂਮਤਾਂ ਵੱਲੋਂ ਸਦਾ ਚੁਣੌਤੀ ਦਿੱਤੀ ਜਾਂਦੀ ਰਹੀ। ਉਨ੍ਹਾਂ ਸਿੱਖ ਕੌਮ ਨੂੰ ਗੁਰੂ ਸਾਹਿਬ ਦੇ ਇਸ ਮਾਨਮੱਤੇ ਸਿਧਾਂਤ ਨਾਲ ਜੁੜ ਕੇ ਬਾਣੀ ਅਤੇ ਬਾਣੇ ਦੇ ਧਾਰਨੀ ਬਣਨ ਦੀ ਅਪੀਲ ਕੀਤੀ ਅਤੇ ਆਪਣੀਆਂ ਰਵਾਇਤਾਂ ਤੇ ਪ੍ਰੰਪਰਾਵਾਂ ’ਤੇ ਪਹਿਰਾ ਦੇਣ ਲਈ ਆਖਿਆ।

ਸਮਾਗਮ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੁਸ਼ੋਭਿਤ ਗੁਰੂ ਸਾਹਿਬ ਦੀਆਂ ਇਤਿਹਾਸਕ ਮੀਰੀ ਤੇ ਪੀਰੀ ਦੀਆਂ ਕਿਰਪਾਨਾਂ ਦੇ ਸੰਗਤ ਨੂੰ ਦਰਸ਼ਨ ਵੀ ਕਰਵਾਏ ਗਏ। ਇਸ ਮੌਕੇ ਸਿੰਘ ਸਾਹਿਬਾਨ ਨੇ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਤਿਕਾਰ ਦਿੱਤਾ। ਸਮਾਗਮ ਦੌਰਾਨ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਸ਼੍ਰੋਮਣੀ ਕਮੇਟੀ ਦੇ ਮੈਂਬਰ ਸ. ਜਗਸੀਰ ਸਿੰਘ ਮਾਂਗੇਆਣਾ, ਭਾਈ ਅਜਾਇਬ ਸਿੰਘ ਅਭਿਆਸੀ, ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ, ਹੈੱਡ ਗ੍ਰੰਥੀ ਗਿਆਨੀ ਗੁਰਮੁੱਖ ਸਿੰਘ, ਭਾਈ ਮਲਕੀਤ ਸਿੰਘ ਵਰਪਾਲ, ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਮਹਿੰਦਰ ਸਿੰਘ ਆਹਲੀ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਸ. ਪ੍ਰਤਾਪ ਸਿੰਘ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਸੁਲੱਖਣ ਸਿੰਘ ਭੰਗਾਲੀ, ਸ. ਗੁਰਮੀਤ ਸਿੰਘ ਬੁੱਟਰ, ਸ. ਸੁਖਬੀਰ ਸਿੰਘ, ਸ. ਗੁਰਮੀਤ ਸਿੰਘ ਆਨਰੇਰੀ ਸਕੱਤਰ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਗੁਰਿੰਦਰ ਸਿੰਘ ਮਥਰੇਵਾਲ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਓਐਸਡੀ ਡਾ. ਅਮਰੀਕ ਸਿੰਘ ਲਤੀਫਪੁਰ, ਡਾ. ਸੁਖਬੀਰ ਸਿੰਘ, ਮੈਨੇਜਰ ਨਰਿੰਦਰ ਸਿੰਘ, ਸ. ਨਿਸ਼ਾਨ ਸਿੰਘ, ਸ. ਜਸਪਾਲ ਸਿੰਘ ਢੱਡੇ ਆਦਿ ਮੌਜੂਦ ਸਨ।

LEAVE A REPLY

Please enter your comment!
Please enter your name here