ਅੰਮ੍ਰਿਤਸਰ : ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਤਿੰਨ ਦਿਨ ਚੱਲਣ ਵਾਲੇ ਗੁਰਮਤਿ ਸਮਾਗਮਾਂ ਦੀ ਸ਼ੁਰੂਆਤ ਅੱਜ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਨ ਨਾਲ ਹੋਈ। ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਹਰ ਸਾਲ ਦੀ ਤਰ੍ਹਾਂ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਇਆ, ਜਿਸ ਦਾ ਭੋਗ 22 ਅਕਤੂਬਰ ਨੂੰ ਪ੍ਰਕਾਸ਼ ਗੁਰਪੁਰਬ ਵਾਲੇ ਦਿਨ ਪਾਇਆ ਜਾਵੇਗਾ। ਆਰੰਭਤਾ ਦੀ ਅਰਦਾਸ ਗ੍ਰੰਥੀ ਭਾਈ ਰਣਜੀਤ ਸਿੰਘ ਨੇ ਕੀਤੀ, ਜਦਕਿ ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਬਾਬਾ ਚਰਨਜੀਤ ਸਿੰਘ ਜੱਸੋਵਾਲ, ਵਧੀਕ ਸਕੱਤਰ ਸ. ਪ੍ਰਤਾਪ ਸਿੰਘ, ਮੈਨੇਜਰ ਸ. ਗੁਰਿੰਦਰ ਸਿੰਘ ਮਥਰੇਵਾਲ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਮੈਨੇਜਰ ਸ. ਨਰਿੰਦਰ ਸਿੰਘ, ਸ. ਬਘੇਲ ਸਿੰਘ, ਸ. ਦਰਸ਼ਨ ਸਿੰਘ ਆਦਿ ਮੌਜੂਦ ਸਨ।
ਇਸੇ ਦੌਰਾਨ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵੱਡੀ ਗਿਣਤੀ ਸੰਗਤਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪੁੱਜਣੀਆਂ ਸ਼ੁਰੂ ਹੋ ਗਈਆਂ ਹਨ। ਸ਼੍ਰੋਮਣੀ ਕਮੇਟੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਪ੍ਰਬੰਧ ਵੱਲੋਂ ਸਮਾਗਮਾਂ ਦੇ ਮੱਦੇਨਜ਼ਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਖੂਬਸੂਰਤ ਸਜਾਵਟ ਕੀਤੀ ਗਈ ਹੈ। ਸ੍ਰੀ ਦਰਬਾਰ ਸਾਹਿਬ ਦੇ ਆਲੇ-ਦੁਆਲੇ ਅਤੇ ਮਾਰਗਾਂ ’ਤੇ ਸੁੰਦਰ ਲੜੀਆਂ ਸਜਾਈਆਂ ਗਈਆਂ ਹਨ ਅਤੇ ਸਵਾਗਤੀ ਗੇਟ ਬਣਾਏ ਗਏ ਹਨ। ਹਰ ਸਾਲ ਵਾਂਗ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਫੁੱਲਾਂ ਦੀ ਸਜਾਵਟ ਵੀ ਕੀਤੀ ਜਾ ਰਹੀ ਹੈ। 22 ਅਕਤੂਬਰ ਨੂੰ ਮਨਾਏ ਜਾ ਰਹੇ ਚੌਥੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਸਮਾਗਮਾਂ ਸਮੇਂ ਜਿਥੇ ਧਾਰਮਿਕ ਦੀਵਾਨਾਂ ਵਿਚ ਪੰਥ ਪ੍ਰਸਿੱਧ ਰਾਗੀ ਢਾਡੀ ਜਥੇ ਹਾਜ਼ਰੀਆਂ ਭਰਨਗੇ, ਉਥੇ ਹੀ ਭਲਕੇ 21 ਅਕਤੂਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ।
ਨਗਰ ਕੀਰਤਨ ਵਿਚ ਸਿੰਘ ਸਾਹਿਬਾਨ, ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਸਮੇਤ ਪੰਥ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਅਤੇ ਭਰਵੀਂ ਗਿਣਤੀ ਵਿਚ ਸੰਗਤਾਂ ਸ਼ਮੂਲੀਅਤ ਕਰਨਗੀਆਂ। 21 ਅਕਤੂਬਰ ਨੂੰ ਰਾਤ ਸਮੇਂ ਰਾਗ ਦਰਬਾਰ ਅਤੇ ਪੜਤਾਲ ਸ਼ਬਦ ਗਾਇਨ ਕੀਰਤਨ ਦਰਬਾਰ ਵਿਚ ਪੰਥ ਪ੍ਰਸਿੱਧ ਰਾਗੀ ਜਥੇ ਹਾਜ਼ਰੀਆਂ ਭਰਨਗੇ। 22 ਅਕਤੂਬਰ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੁੰਦਰ ਜਲੌ ਸਜਾਏ ਜਾਣਗੇ ਅਤੇ ਰਾਤ ਸਮੇਂ ਵਿਸ਼ੇਸ਼ ਕਵੀ ਸਮਾਗਮ ਹੋਵੇਗਾ। ਦੱਸਣਯੋਗ ਹੈ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਇਸ ਨਾਲ ਸਬੰਧਤ ਇਤਿਹਾਸਕ ਅਸਥਾਨਾਂ ਵਿਖੇ ਕੀਤੀ ਗਈ ਖੂਬਸੂਰਤ ਦੀਪਮਾਲਾ ਵੀ ਸੰਗਤ ਲਈ ਖਿੱਚ ਦਾ ਕੇਂਦਰ ਬਣੀ ਹੋਈ ਹੈ।